ਰਾਜਸਥਾਨ ਨੂੰ ਜਾ ਰਹੇ ਪਾਣੀ ਦੇ ਮੁੱਦੇ ''ਤੇ ਕੈਪਟਨ ਨੂੰ ਮੰਗ ਪੱਤਰ ਸੌਂਪਣਗੇ ਬੈਂਸ
Tuesday, Jul 02, 2019 - 02:54 PM (IST)

ਲੁਧਿਆਣਾ (ਨਰਿੰਦਰ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਣਗੇ, ਜਿਸ 'ਚ ਰਾਜਸਥਾਨ ਨੂੰ ਦਿੱਤੇ ਜਾਣ ਵਾਲੇ ਪਾਣੀ ਲਈ ਉਸ ਦੀ ਕੀਮਤ ਵਸੂਲਣ ਜਾਂ ਫਿਰ ਉਸ ਨੂੰ ਬੰਦ ਕਰਨ ਦੀ ਅਪੀਲ ਕੀਤੀ ਜਾਵੇਗੀ। ਇੱਥੇ ਸਿਮਰਜੀਤ ਬੈਂਸ ਵਲੋਂ ਇਕ ਪ੍ਰੈੱਸ ਕਾਨਫਰੰਸ ਦੌਰਾਨ ਇਹ ਗੱਲ ਕਹੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹੀ ਇਹ ਰੈਜ਼ਿਲਿਊਸ਼ਨ ਵਿਧਾਨ ਸਭਾ 'ਚ ਪਾਸ ਕੀਤਾ ਗਿਆ ਸੀ।
ਸਿਮਰਜੀਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ 'ਚ ਇੱਕ ਮਤਾ ਪਾਸ ਕਰਾਇਆ ਸੀ, ਜਿਸ 'ਚ ਇਹ ਮੰਗ ਚੁੱਕੀ ਗਈ ਸੀ ਕਿ ਜਾਂ ਤਾਂ ਰਾਜਸਥਾਨ ਨੂੰ ਦਿੱਤੇ ਜਾਣ ਵਾਲਾ ਪਾਣੀ ਬੰਦ ਕੀਤਾ ਜਾਵੇ ਜਾਂ ਫਿਰ ਉਸ ਦੀ ਕੀਮਤ ਵਸੂਲੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਅਤੇ ਅਕਾਲੀ ਦਲ ਦੀ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਨੂੰ ਲੈ ਕੇ ਉਹ ਅਮਰਿੰਦਰ ਸਿੰਘ ਨੂੰ ਇੱਕ ਮੰਗ ਪੱਤਰ ਸੌਂਪਣਗੇ। ਉਨ੍ਹਾਂ ਨੇ ਕਿਹਾ ਕਿ ਕਈ ਵਾਰ ਉਨ੍ਹਾਂ ਨਾਲ ਬੈਠਕ ਲਈ ਸੰਪਰਕ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਕੈਪਟਨ ਵੱਲੋਂ ਕੋਈ ਵੀ ਜਵਾਬ ਨਹੀਂ ਆਇਆ। ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਜੇਕਰ ਰਾਜਸਥਾਨ ਤੋਂ ਪਾਣੀ ਬਦਲੇ ਲਿਆ ਪੈਸਾ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਜਾਵੇ ਤਾਂ ਪੰਜਾਬ ਦਾ ਕਿਸਾਨ ਖੁਸ਼ਹਾਲ ਹੋ ਜਾਵੇਗਾ।