ਫਗਵਾੜਾ ਜ਼ਿਮਨੀ ਚੋਣ ਨੂੰ ਲੈ ਕੇ ਸਿਮਰਜੀਤ ਸਿੰਘ ਬੈਂਸ ਦਾ ਨਵਾਂ ਬਿਆਨ
Thursday, Jul 18, 2019 - 07:04 PM (IST)
ਬਰਨਾਲਾ (ਪੁਨੀਤ)— ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਸਾਫ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਫਗਵਾੜਾ ਜ਼ਿਮਨੀ ਚੋਣ ਨੂੰ ਲੈ ਕੇ ਆਪਣੇ ਪੱਧਰ 'ਤੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਬਰਨਾਲਾ ਪੁੱਜੇ ਬੈਂਸ ਨੇ ਕਿਹਾ ਕਿ ਫਗਵਾੜਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਸਾਂਝੇ ਤੌਰ 'ਤੇ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ। ਮੀਡੀਆ ਰਿਪੋਰਟਸ 'ਤੇ ਸਿਮਰਜੀਤ ਬੈਂਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿਰਫ ਇਸ ਸੀਟ 'ਤੇ ਦਾਅਵੇਦਾਰੀ ਪੇਸ਼ ਕੀਤੀ ਗਈ ਸੀ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ 'ਚ ਲੋਕ ਇਨਸਾਫ ਪਾਰਟੀ ਦੀ ਫਗਵਾੜਾ 'ਚ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਬੈਂਸ ਵੱਲੋਂ ਦਾਅਵੇਦਾਰੀ ਪੇਸ਼ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਭਾਜਪਾ ਦੇ ਵਿਧਾਇਕ ਸੋਮ ਪ੍ਰਕਾਸ਼ ਦੇ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਤੋਂ ਬਾਅਦ ਫਗਵਾੜਾ ਦੀ ਸੀਟ ਖਾਲੀ ਹੋ ਗਈ ਹੈ। ਚੋਣ ਕਮੀਸ਼ਨ ਵਲੋਂ ਅਜੇ ਤੱਕ ਜ਼ਿਮਨੀ ਚੋਣਾਂ ਦਾ ਐਲਾਨ ਤਾਂ ਨਹੀਂ ਕੀਤਾ ਗਿਆ ਹੈ ਪਰ ਸਿਆਸੀ ਪਾਰਟੀ ਨੇ ਹੁਣ ਤੋਂ ਹੀ ਫਗਵਾੜਾ ਦੀ ਸੀਟ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਇਹ ਚਰਚਾਵਾਂ ਰਹੀਆਂ ਕਿ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਫਗਵਾੜਾ ਵਿਧਾਨ ਸਭਾ ਹਲਕੇ 'ਤੇ ਹੋਣ ਵਾਲੇ ਜ਼ਿਮਨੀ ਚੋਣ ਜਰਨੈਲ ਨੰਗਲ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ ਪਰ ਅੱਜ ਸਿਮਰਜੀਤ ਸਿੰਘ ਬੈਂਸ ਨੇ ਮੀਡੀਆ ਸਾਹਮਣੇ ਇਹ ਸਾਫ ਕਰ ਦਿੱਤਾ ਹੈ ਕਿ ਉਨ੍ਹਾਂ ਵੱਲੋਂ ਆਪਣੇ ਪੱਧਰ 'ਤੇ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।