'ਸ੍ਰੀ ਨਨਕਾਣਾ ਸਾਹਿਬ 'ਤੇ ਹਮਲੇ ਨੇ ਹਿਰਦੇ ਵਲੂੰਧਰੇ, ਦੋਸ਼ੀਆਂ ਨੂੰ ਹੋਵੇ ਸਖਤ ਸਜ਼ਾ'

01/04/2020 4:32:30 PM

ਖੰਨਾ (ਬਿਪਨ) : ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦੀ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਇਸ ਘਟਨਾ ਕਾਰਨ ਦੁਨੀਆ ਭਰ ਦੇ ਪੰਜਾਬੀਆਂ ਅਤੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਕਾਰਨ ਭਾਰਤ-ਪਾਕਿ ਵਿਚਾਲੇ ਦੋਸਤੀ ਦੀ ਆਸ ਬੱਝੀ ਸੀ, ਪਰ ਇਸ ਘਟਨਾ ਨੇ ਸਭ ਦੇ ਹਿਰਦਿਆਂ ਨੂੰ ਬੇਹੱਦ ਠੇਸ ਪਹੁੰਚਾਈ ਹੈ।

ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਹੋਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਭਵਿੱਖ 'ਚ ਅਜਿਹੀ ਘਟਨਾ ਨਾ ਵਾਪਰੇ। ਪਰਮਿੰਦਰ ਸਿੰਘ ਢੀਂਡਸਾ ਵਲੋਂ ਦਿੱਤੇ ਗਏ ਅਸਤੀਫੇ ਸਬੰਧੀ ਅਕਾਲੀ ਦਲ 'ਤੇ ਚੁਟਕੀ ਲੈਂਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਅਕਾਲੀ ਦਲ ਦੇ ਸਾਰੇ ਸੀਨੀਅਰ ਨੇਤਾ, ਜੋ ਪਾਰਟੀ ਨੂੰ ਬਣਾਈ ਰੱਖਣਾ ਚਾਹੁੰਦੇ ਸੀ, ਇੰਝ ਹੀ ਅਸਤੀਫੇ ਦਿੰਦੇ ਹੋਏ ਦਿਖਾਈ ਦੇਣਗੇ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਕੈਪਟਨ ਸਰਕਾਰ ਖਿਲਾਫ ਝੰਡਾ ਗੱਡਦਿਆਂ ਖੰਨਾ ਦੇ ਪਿੰਡ ਭੁੱਮਦੀ 'ਚ ਸ਼ਾਮਲਾਟ ਜ਼ਮੀਨਾਂ ਦੇ ਹੱਕ 'ਚ ਅੰਦੋਲਨ ਸ਼ੁਰੂ ਕਰ ਦਿੱਤਾ ਹੈ।

Babita

This news is Content Editor Babita