ਐੱਸ. ਜੀ. ਪੀ. ਸੀ. ਚੋਣਾਂ ਲਈ ਪੱਬਾਂ ਭਾਰ ਹੋਏ ਸਿਮਰਨਜੀਤ ਮਾਨ, ਬਾਦਲ ਪਰਿਵਾਰ ’ਤੇ ਬੋਲਿਆ ਵੱਡਾ ਹਮਲਾ
Friday, Jul 08, 2022 - 10:53 AM (IST)
ਬਠਿੰਡਾ (ਵਰਮਾ): ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਬਾਦਲ ਪਰਿਵਾਰ ਕੇਂਦਰ ਨਾਲ ਗਠਜੋੜ ਕਰ ਰਿਹਾ ਹੈ ਅਤੇ ਪਿਛਲੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਣ ਦੇ ਰਿਹਾ। 11 ਸਾਲ ਚੋਣਾਂ ਨਾ ਹੋਣ ਕਾਰਨ ਸਿੱਖ ਕੌਮ ਦਾ ਹੱਕ ਮਾਰਿਆ ਜਾ ਰਿਹਾ ਹੈ। ਸੰਸਦ ਮੈਂਬਰ ਮਾਨ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਮੁੱਦੇ ਦੇ ਨਾਲ-ਨਾਲ ਬੰਦੀ ਸਿੱਖਾਂ ਦੀ ਰਿਹਾਈ ਅਤੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਵੀ ਸੰਸਦ ਵਿਚ ਚੁੱਕਣਗੇ। ਸਿਮਰਨਜੀਤ ਮਾਨ ਨੇ ਬਾਦਲ ਪਰਿਵਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਫੈਲਾਉਣ ਵਿਚ ਬਾਦਲ ਪਰਿਵਾਰ ਦਾ ਪੂਰਾ ਹੱਥ ਹੈ, ਜਿਸ ਨੇ ਕਬੱਡੀ ਕੱਪ ਦੀ ਆੜ ਵਿਚ ਵਿਦੇਸ਼ਾਂ ਤੋਂ ਸਮੱਗਲਰ ਬੁਲਾ ਕੇ ਨਸ਼ਿਆਂ ਦਾ ਜਾਲ ਵਿਛਾਇਆ।
ਇਹ ਵੀ ਪੜ੍ਹੋ- ਭਵਾਨੀਗੜ੍ਹ-ਸੰਗਰੂਰ ਰੋਡ ’ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਇਕ ਦੀ ਮੌਤ
ਨਸ਼ਾ ਸਮੱਗਲਰ ਅਤੇ ਗੈਂਗਸਟਰ ਵੀ ਬਾਦਲਾਂ ਦੀ ਉਪਜ ਹਨ। ਪਾਣੀਆਂ ਦੇ ਮਾਮਲੇ ਵਿਚ ਪੰਜਾਬ ਨਾਲ ਧੋਖਾ ਕੀਤਾ ਜਾ ਰਿਹਾ ਹੈ, ਪਹਿਲਾਂ ਕਾਂਗਰਸ ਨੇ ਪਾਣੀ ਦਿੱਤਾ, ਹੁਣ ਆਮ ਆਦਮੀ ਪਾਰਟੀ ਪਾਣੀ ਦੇਣ ਦੀ ਤਿਆਰੀ ਕਰ ਰਹੀ ਹੈ। ਤਿੰਨ ਦਰਿਆਵਾਂ ਦਾ ਪਾਣੀ ਲਗਾਤਾਰ ਹਰਿਆਣਾ ਅਤੇ ਰਾਜਸਥਾਨ ਨੂੰ ਜਾ ਰਿਹਾ ਹੈ। ਬੇਅਦਬੀ ਮਾਮਲੇ ਦੀ ਜਾਂਚ ਦੀ ਰਿਪੋਰਟ ਨੂੰ ਜਨਤਕ ਕਰਨ ਲਈ ਇਕ ਮੁਸ਼ਕਲ ਪ੍ਰਕਿਰਿਆ ਨੂੰ ਲੈ ਕੇ ਮਾਨ ਨੇ ਇਸ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਮਾਨ ਨੇ ਦੀਪ ਸਿੱਧੂ ਅਤੇ ਮੂਸੇਵਾਲਾ ਦੇ ਕਤਲ ਦੇ ਮਾਮਲੇ ’ਚ ਕਿਹਾ ਕਿ ਇਸ ਦੀ ਅੰਤਰਰਾਸ਼ਟਰੀ ਪੱਧਰ ’ਤੇ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਵਿੱਕੀ ਮਿੱਡੂਖੇੜਾ ਕਤਲ ਕਾਂਡ ਦੀ ਜਾਂਚ ਵੀ ਨਿਰਪੱਖ ਹੋਣੀ ਚਾਹੀਦੀ ਹੈ। ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਾਕਾਰ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਗਰੂਰ ਜ਼ਿਮਨੀ ਚੋਣ ਵਿੱਚ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਮੌਕੇ ਗੁਰਸੇਵਕ ਸਿੰਘ ਜਵਾਹਰਕੇ, ਪਰਮਿੰਦਰ ਸਿੰਘ ਬਾਲਿਆਂਵਾਲੀ, ਜਸਕਰਨ ਸਿੰਘ, ਮਨਜੀਤ ਸਿੰਘ ਸੇਰਾ, ਯਾਦਵਿੰਦਰ ਸਿੰਘ ਭਾਗੀਵਾਂਦਰ, ਸਿਮਰਨਜੋਤ ਸਿੰਘ, ਮਹਿੰਦਰ ਸਿੰਘ ਖਾਲਸਾ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।