ਟਰੰਪ ਨੂੰ ਜਲੀਲ ਹੋ ਕੇ ਵਾਪਸ ਮੁਡ਼ਨਾ ਪਵੇਗਾ : ਮਾਨ

02/18/2020 10:47:43 PM

ਫਿਰੋਜ਼ਪੁਰ,(ਕੁਮਾਰ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਰਾਸ਼ਟਰੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਹੋਣ ਵਾਲੀ ਭਾਰਤ ਯਾਤਰਾ 'ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਟਰੰਪ ਨੂੰ ਜਲੀਲ ਹੋ ਕੇ ਵਾਪਸ ਮੁੜਨਾ ਪਵੇਗਾ ਕਿਉਂਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਰੰਪ ਦੀ ਆਮਦ 'ਤੇ ਸੀ. ਏ. ਏ. ਅਤੇ ਧਾਰਾ 370 ਆਦਿ ਦੀਆਂ ਗੱਲਾਂ ਹੀ ਕਰਨੀਆਂ ਹਨ ਅਤੇ ਕਸ਼ਮੀਰ ਮੁੱਦੇ 'ਤੇ ਕੋਈ ਗੱਲ ਨਹੀਂ ਕਰਨੀ, ਜਦਕਿ ਟਰੰਪ ਵੱਲੋਂ ਕਸ਼ਮੀਰ ਵਿਚ ਢਿੱਲ ਵਰਤਣ ਦੇ ਇਸ਼ਾਰੇ ਕੀਤੇ ਜਾ ਰਹੇ ਹਨ, ਜਿਨ੍ਹਾਂ 'ਤੇ ਮੋਦੀ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਨੂੰ ਨੀਵਾਂ ਦਿਖਾਉਣ ਲਈ ਭਾਰਤ 'ਚ ਬੁਲਾ ਰਹੇ ਹਨ। ਆਪਣੇ ਨਿਵਾਸ 'ਤੇ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਦੇਸ਼ ਵਿਚ ਬੇਰੋਜ਼ਗਾਰੀ ਵਧੀ ਹੈ, ਵਪਾਰ ਬੰਦ ਹੋਏ ਹਨ ਅਤੇ ਦੇਸ਼ ਦੀ ਆਰਥਕਤਾ ਕਮਜ਼ੋਰ ਹੋਈ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਭਾਰਤ, ਪਾਕਿਸਤਾਨ ਦੇ ਨਾਲ ਲੱਗਦੇ ਬਾਰਡਰ ਨਹੀਂ ਖੋਲ੍ਹਦਾ ਅਤੇ ਦੋਵਾਂ ਦੇਸ਼ਾਂ ਦੇ ਵਿਚ ਵਪਾਰ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਸਾਡੇ ਦੇਸ਼ ਦੀ ਆਰਥਕਤਾ ਮਜ਼ਬੂਤ ਨਹੀਂ ਹੋਵੇਗੀ।

ਇਕ ਪ੍ਰਸ਼ਨ ਦਾ ਉੱਤਰ ਦਿੰਦਿਆਂ ਮਾਨ ਨੇ ਕਿਹਾ ਕਿ ਡਾਕਟਰ ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਨੇ ਫਿਰ ਤੋਂ ਬਾਦਲਾਂ ਨਾਲ ਆ ਕੇ ਆਪਣਾ ਜ਼ਮੀਰ ਵੇਚ ਦਿੱਤਾ ਹੈ। ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਨਹੀਂ ਫੜਿਆ ਅਤੇ ਨਾ ਹੀ ਉਨ੍ਹਾਂ ਨੂੰ ਸਜ਼ਾ ਦਿੱਤੀ ਹੈ। ਬਰਗਾੜੀ ਕਾਂਡ 'ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸਟੈਂਡ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਹੁੰ ਚੁੱਕੀ ਸੀ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਦੇ ਹੀ ਜੇਲਾਂ 'ਚ ਬੰਦ ਅਤੇ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਕਰਵਾਈ ਜਾਵੇਗੀ ਪਰ ਅੱਜ ਤੱਕ ਕਾਂਗਰਸ ਸਰਕਾਰ ਨੇ ਉਨ੍ਹਾਂ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹੀ ਸਿੱਖਾਂ ਨੂੰ ਰੀਪ੍ਰੈਜੈਂਟ ਕਰ ਰਿਹਾ ਹੈ ਅਤੇ ਬਾਕੀ ਸਿਆਸੀ ਪਾਰਟੀਆਂ ਤਾਂ ਮੋਦੀ ਭਗਤ ਬਣੀਆਂ ਹੋਈਆਂ ਹਨ।

ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵਿਚਕਾਰ ਆਪਸੀ ਗੁਪਤ ਸਮਝੌਤਾ ਹੋਇਆ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਉਹ ਹਿੰਦੂਆਂ ਖਿਲਾਫ ਬਿਲਕੁਲ ਨਹੀਂ ਹਨ ਪਰ ਉਹ ਕਿਸੇ ਵੀ ਹਾਲਤ 'ਚ ਸਿੱਖ ਧਰਮ ਦਾ ਅਪਮਾਨ ਅਤੇ ਬੇਅਦਬੀ ਨਹੀਂ ਹੋਣ ਦੇਣਗੇ। ਇਸ ਮੌਕੇ ਪਾਰਟੀ ਦੇ ਰਾਸ਼ਟਰੀ ਜਨਰਲ ਸੈਕਟਰੀ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਆਦਿ ਮੌਜੂਦ ਸਨ।


Related News