ਹਿੰਦੂ ਰਾਸ਼ਟਰ ਦੇ ਖਿਲਾਫ਼ ਅਕਾਲੀ ਦਲ (ਅ) 25 ਜਨਵਰੀ ਨੂੰ ਕਰੇਗਾ ਪੰਜਾਬ ਬੰਦ : ਮਾਨ
Wednesday, Jan 15, 2020 - 03:45 PM (IST)
ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ (ਪਵਨ ਤਨੇਜਾ, ਰਾਜ ਖੁਰਾਣਾ, ਸੁਖਪਾਲ ਢਿੱਲੋਂ) - 40 ਮੁਕਤਿਆਂ ਦੀ ਯਾਦ 'ਚ ਲੱਗਣ ਵਾਲੇ ਮਾਘੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਕਾਨਫਰੰਸ ਆਯੋਜਿਤ ਕੀਤੀ ਗਈ। ਕਾਨਫਰੰਸ ਨੂੰ ਸੰਬੋਧਨ ਕਰਦੇ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੋਸ਼ ਲਾਇਆ ਕਿ ਕੇਂਦਰ 'ਚ ਸਥਿਤ ਬੀ.ਜੇ.ਪੀ. ਦੀ ਸਰਕਾਰ ਵਲੋਂ ਲੋਕ-ਮਾਰੂ ਖਤਰਨਾਕ ਬਿੱਲ ਪਾਸ ਕੀਤੇ ਗਏ ਹਨ, ਜਿਨ੍ਹਾਂ 'ਤੇ ਅਕਾਲੀ ਦਲ ਬਾਦਲ ਅਤੇ 'ਆਪ' ਦੇ ਆਗੂਆਂ ਨੇ ਦਸਤਖਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹਿੰਦੂ ਰਾਸ਼ਟਰ ਦੇ ਖਿਲਾਫ ਅਕਾਲੀ ਦਲ ਦੇ ਅੰਮ੍ਰਿਤਸਰ ਵਲੋਂ 25 ਜਨਵਰੀ ਨੂੰ ਪੰਜਾਬ ਬੰਦ ਕਰਵਾਇਆ ਜਾਵੇਗਾ, ਜਿਸ 'ਚ ਦਲ ਖਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਸਹਿਯੋਗ ਦਿੱਤਾ ਜਾਵੇਗਾ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮਾਨ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਤੋਂ ਇਸ ਵੇਲੇ ਹਰ ਵਰਗ ਦੇ ਲੋਕ ਦੁਖੀ ਹਨ। ਖਾਸ ਕਰਕੇ ਘੱਟ ਗਿਣਤੀਆਂ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮੁਸਲਮਾਨ ਭਾਈਚਾਰੇ ਲਈ ਨਾਜਾਇਜ਼ ਕਾਨੂੰਨ ਬਣਾਇਆ ਹੈ। ਇਸ ਨਾਲ 19 ਲੱਖ 60 ਹਜ਼ਾਰ ਮੁਸਲਮਾਨਾਂ ਦੀ ਨਾਗਰਿਕਤਾ ਰੱਦ ਕਰ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਰੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਇਹ ਚੋਣਾਂ ਜਲਦੀ ਹੋਣੀਆਂ ਚਾਹੀਦੀਆਂ ਹਨ। ਇਹ ਚੋਣਾਂ ਅਕਾਲੀ ਦਲ ਅੰਮ੍ਰਿਤਸਰ ਲੜੇਗਾ ਅਤੇ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕਸ਼ਮੀਰ, ਬਿਹਾਰ, ਛੱਤੀਸਗੜ੍ਹ, ਆਸਾਮ, ਮਹਾਰਾਸ਼ਟਰ, ਨਾਗਾਲੈਂਡ ਅਤੇ ਵੈਸਟ ਬੰਗਾਲ ਵਰਗੇ ਸੂਬਿਆਂ 'ਚ ਹਾਲਾਤ ਠੀਕ ਨਹੀਂ ਅਤੇ ਮਨੁੱਖਤਾ ਦਾ ਘਾਣ ਹੋ ਰਿਹਾ ਹੈ।
ਕਿਸਾਨਾਂ ਤੇ ਮਜ਼ਦੂਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨ ਅਤੇ ਮਜ਼ਦੂਰ ਆਤਮ-ਹੱਤਿਆ ਕਰ ਰਹੇ ਹਨ, ਜੋ ਸਰਕਾਰਾਂ ਦੀ ਨਾਲਾਇਕੀ ਦਾ ਸਬੂਤ ਹੈ। ਜਬਰ-ਜ਼ਨਾਹ ਦੇ ਚਾਰ ਦੋਸ਼ੀਆਂ ਨੂੰ 22 ਜਨਵਰੀ ਨੂੰ ਦਿਲੀ ਵਿਖੇ ਫਾਂਸੀ ਦਿੱਤੀ ਜਾ ਰਹੀ ਹੈ। ਇਸ ਬਾਰੇ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਫਾਂਸੀ ਦੀ ਜਗ੍ਹਾ ਉਮਰ ਕੈਦ ਦੇਣੀ ਚਾਹੀਦੀ ਸੀ। ਮਾਨ ਨੇ ਕਿਹਾ ਕਿ ਜੋ ਆਗੂ ਅਕਾਲੀ ਦਲ ਬਾਦਲ ਨੂੰ ਛੱਡ ਰਹੇ ਹਨ, ਉਨ੍ਹਾਂ ਨੂੰ ਸਾਡੇ ਨਾਲ ਰਲ ਜਾਣਾ ਚਾਹੀਦਾ ਹੈ। ਮਾਨ ਨੇ ਦੱਸਿਆ ਕਿ 12 ਫਰਵਰੀ ਨੂੰ ਸੰਤ ਜਰਨੈਲ ਸਿੰਘ ਦਾ ਜਨਮ ਦਿਹਾੜਾ ਫਤਿਹਗੜ੍ਹ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਮਾਨ ਨੇ ਇਹ ਵੀ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਜੰਗਲ ਦਾ ਰਾਜ ਹੈ। ਹਰ ਪਾਸੇ ਨਸ਼ਾ, ਮਹਿੰਗਾਈ ਅਤੇ ਬੇਰੋਜ਼ਗਾਰੀ ਹੈ। ਅਮਨ ਕਾਨੂੰਨ ਕਿਧਰੇ ਵੀ ਨਹੀਂ । ਇਸ ਸਮੇਂ ਮਾਸਟਰ ਕਰਨੈਲ ਸਿੰਘ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਗੁਰਬਖ਼ਸ ਸਿੰਘ, ਇਕਬਾਲ ਸਿੰਘ ਬਰੀਵਾਲਾ ਜ਼ਿਲਾ ਪ੍ਰਧਾਨ ਆਦਿ ਹਾਜ਼ਰ ਸਨ।