''SIR ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਲੋਕ'', ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਕੀਤੀ ਅਪੀਲ

Wednesday, Jun 17, 2026 - 11:50 AM (IST)

''SIR ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਲੋਕ'', ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਕੀਤੀ ਅਪੀਲ

ਮਾਲੇਰਕੋਟਲਾ (ਜ਼ਹੂਰ, ਅਖਿਲੇਸ਼, ਸਵਾਤੀ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮਾਲੇਰਕੋਟਲਾ ਵਿਰਾਜ ਐੱਸ. ਤਿੜਕੇ ਨੇ ਸੋਸ਼ਲ ਮੀਡੀਆ ’ਤੇ ਐੱਸ.ਆਈ.ਆਰ.ਸਬੰਧੀ ਚੱਲ ਰਹੀਆਂ ਗਲਤ ਅਤੇ ਤੱਥਹੀਣ ਪੋਸਟਾਂ ਅਤੇ ਵੀਡੀਓ ਕਲਿੱਪਾਂ/ਰੀਲਾਂ ਦੇ ਸਬੰਧ ਵਿਚ ਕਿਹਾ ਹੈ ਕਿ ਆਮ ਲੋਕ ਅਫਵਾਹਾਂ ਤੋਂ ਗੁੰਮਰਾਹ ਨਾ ਹੋਣ ਅਤੇ ਸਿਰਫ ਭਾਰਤ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕਰਨ।

ਡਿਪਟੀ ਕਮਿਸ਼ਨਰ ਨੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ. ਆਈ. ਆਰ.)-2026 ਸਬੰਧੀ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਇਕੋ-ਇਕ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸ਼ੁੱਧ, ਸਹੀ ਅਤੇ ਪਾਰਦਰਸ਼ੀ ਬਣਾਉਣਾ ਹੈ। ਕਿਸੇ ਵੀ ਯੋਗ ਵੋਟਰ ਦਾ ਨਾਮ ਬਿਨਾਂ ਕਾਨੂੰਨੀ ਪ੍ਰਕਿਰਿਆ ਤੇ ਪੁਖਤਾ ਤਸਦੀਕ ਤੋਂ ਵੋਟਰ ਸੂਚੀ ’ਚੋਂ ਨਹੀਂ ਹਟਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ’ਚ ਰਹਿ ਰਹੇ ਪੰਜਾਬੀਆਂ ਜਾਂ ਐੱਨ. ਆਰ. ਆਈ. ਵੋਟਰਾਂ ਸਬੰਧੀ ਸੋਸ਼ਲ ਮੀਡੀਆ ’ਤੇ ਕੀਤੇ ਜਾ ਰਹੇ ਦਾਅਵੇ ਤੱਥਾਂ ’ਤੇ ਆਧਾਰਿਤ ਨਹੀਂ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਕੇਸ ਦੀ ਵੱਖਰੇ ਤੌਰ ’ਤੇ ਜਾਂਚ ਅਤੇ ਤਸਦੀਕ ਕੀਤੀ ਜਾਂਦੀ ਹੈ ਅਤੇ ਬਿਨਾਂ ਕਿਸੇ ਠੋਸ ਸਬੂਤ ਜਾਂ ਕਾਨੂੰਨੀ ਆਧਾਰ ਦੇ ਕਿਸੇ ਵੀ ਵੋਟਰ ਦਾ ਨਾਂ ਨਹੀਂ ਕੱਟਿਆ ਜਾ ਸਕਦਾ।

ਡਿਪਟੀ ਕਮਿਸ਼ਨਰ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 25 ਜੂਨ ਤੋਂ ਸ਼ੁਰੂ ਹੋ ਰਹੀ ਐੱਸ. ਆਈ. ਆਰ. ਮੁਹਿੰਮ ਦੌਰਾਨ ਬੀ. ਐੱਲ. ਓਜ਼ ਨਾਲ ਪੂਰਾ ਸਹਿਯੋਗ ਕਰਨ, ਲੋੜੀਂਦੇ ਦਸਤਾਵੇਜ਼ ਅਤੇ ਨਵੀਨਤਮ ਫੋਟੋਆਂ ਮੁਹੱਈਆ ਕਰਵਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਬਚਦੇ ਹੋਏ ਸਹੀ ਜਾਣਕਾਰੀ ਲਈ ਜ਼ਿਲਾ ਪ੍ਰਸ਼ਾਸਨ ਨਾਲ ਸੰਪਰਕ ਕਰਨ। ਡਿਪਟੀ ਕਮਿਸ਼ਨਰ ਨੇ ਦੁਹਰਾਇਆ “ਸਾਡਾ ਉਦੇਸ਼ ਕਿਸੇ ਵੀ ਯੋਗ ਵੋਟਰ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰਨਾ ਨਹੀਂ, ਸਗੋਂ ਵੱਧ ਤੋਂ ਵੱਧ ਦਰੁਸਤ, ਪਾਰਦਰਸ਼ੀ ਅਤੇ ਭਰੋਸੇਯੋਗ ਵੋਟਰ ਸੂਚੀਆਂ ਤਿਆਰ ਕਰਨਾ ਹੈ।
 


author

Anmol Tagra

Content Editor

Related News