ਸਰਹਿੰਦ ਰੇਲਵੇ ਸਟੇਸ਼ਨ ਤੋਂ 1204 ਪ੍ਰਵਾਸੀਆਂ ਨੂੰ ਲੈ ਕੇ ‘ਸ਼੍ਰਮਿਕ ਐਕਸਪ੍ਰੈਸ’ ਯੂ. ਪੀ. ਰਵਾਨਾ
Thursday, May 14, 2020 - 12:38 AM (IST)
ਫ਼ਤਿਹਗੜ੍ਹ ਸਾਹਿਬ, (ਜਗਦੇਵ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀਆਂ ਨੂੰ ਉਨ੍ਹਾਂ ਦੀ ਇੱਛਾ ਮੁਤਾਬਕ ਉਨ੍ਹਾਂ ਦੇ ਜੱਦੀ ਸੂਬਿਆਂ ’ਚ ਮੁਫ਼ਤ ਭੇਜਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਸਰਹਿੰਦ ਰੇਲਵੇ ਸਟੇਸ਼ਨ ਤੋਂ ‘ਸ਼੍ਰਮਿਕ ਐਕਸਪ੍ਰੈਸ’ ਰੇਲ ਗੱਡੀ 1204 ਪ੍ਰਵਾਸੀਆਂ ਨੂੰ ਲੈ ਕੇ ਬਸਤੀ (ਯੂ. ਪੀ.) ਲਈ ਰਵਾਨਾ ਹੋਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਤੈਅ ਪ੍ਰਕਿਰਿਆ ਤਹਿਤ ਰਜਿਸਟ੍ਰੇਸ਼ਨ ਉਪਰੰਤ ਮੈਡੀਕਲ ਸਕਰੀਨਿੰਗ ਮੁਕੰਮਲ ਹੋਣ ’ਤੇ ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਸੂਬੇ ਨੂੰ ਭੇਜਿਆ ਗਿਆ ਹੈ ਤੇ ਕਿਸੇ ਵੀ ਯਾਤਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ। ਕੋਰੋਨਾ ਤੋਂ ਬਚਾਅ ਸਬੰਧੀ ਸਮਾਜਿਕ ਦੂਰੀ ਸਮੇਤ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ। ਇਸ ਮੌਕੇ ਯਾਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਵਾਪਸੀ ਲਈ ਜੋ ਉਪਰਾਲਾ ਕੀਤਾ ਹੈ, ਉਹ ਉਸ ਲਈ ਪੰਜਾਬ ਸਰਕਾਰ ਦੇ ਧੰਨਵਾਦੀ ਹਨ।
ਇਸ ਮੌਕੇ ਐੱਸ. ਪੀ. ਹਰਪਾਲ ਸਿੰਘ, ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ, ਐੱਸ. ਡੀ. ਐੱਮ. ਫ਼ਤਿਹਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐੱਸ. ਡੀ. ਐੱਮ. ਬੱਸੀ ਪਠਾਣਾਂ ਪਵਿੱਤਰ ਸਿੰਘ, ਡੀ. ਐੱਸ. ਪੀ. ਰਮਿੰਦਰ ਸਿੰਘ ਕਾਹਲੋਂ, ਡੀ. ਐੱਸ. ਪੀ. ਸੁਖਮਿੰਦਰ ਸਿੰਘ ਚੌਹਾਨ, ਤਹਿਸਲੀਦਾਰ ਗੁਰਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।