''ਸਿੱਟ'' ਨੇ ਲਏ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੇ ਬਿਆਨ
Wednesday, Dec 05, 2018 - 12:38 PM (IST)

ਫਰੀਦਕੋਟ(ਜਗਤਾਰ)— ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੇ ਚਾਰ ਮੈਂਬਰ ਅੱਜ ਬੜਗਾੜੀ ਮੋਰਚੇ ਵਿਚ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਬੇਅਦਬੀ ਮਾਮਲਿਆਂ ਨੂੰ ਲੈ ਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੇ ਬਿਆਨ ਕਲਮਬੱਧ ਕੀਤੇ ਗਏ। ਭਾਈ ਧਿਆਨ ਸਿੰਘ ਮੰਡ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ 'ਸਿੱਟ' ਦੇ ਕੁੱਝ ਅਧਿਕਾਰੀ ਉਨ੍ਹਾਂ ਕੋਲ ਮੋਰਚੇ ਵਿਚ ਆਏ ਸਨ ਅਤੇ ਜਦੋਂ ਉਨ੍ਹਾਂ ਨੇ ਬੇਅਦਬੀ ਮਾਮਲਿਆਂ ਬਾਰੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ 'ਸਿੱਟ' ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਉਸ ਸਮੇਂ ਮੌਕੇ 'ਤੇ ਮੌਜੂਦ ਨਹੀਂ ਸਨ।
ਉਨ੍ਹਾਂ ਕਿਹਾ ਕਿ ਭਾਵੇਂ ਹੀ ਸਰਕਾਰ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਜਲਦੀ ਫੜ ਲੈਣ ਦਾ ਦਾਅਵਾ ਕਰਦੀ ਹੈ ਪਰ ਕਿਤੇ ਨਾ ਕਿਤੇ ਸਰਕਾਰ ਦੀ ਨੀਅਤ ਅਜੇ ਵੀ ਸਪੱਸ਼ਟ ਨਹੀਂ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਸੀ ਕਿ ਸਰਕਾਰ ਜਲਦੀ ਉਨ੍ਹਾਂ ਦੀਆਂ ਮੰਗਾਂ ਨੂੰ ਮੰਨੇਗੀ ਪਰ ਸਾਡਾ ਮੋਰਚਾ 1 ਜੂਨ ਤੋਂ ਲੱਗਾ ਹੋਇਆ ਹੈ ਅਤੇ ਸਰਕਾਰ ਕੁੱਝ ਸਪੱਸ਼ਟ ਨਹੀਂ ਦੱਸ ਰਹੀ। ਇਸ ਮਾਮਲੇ ਦੀ ਜਾਂਚ ਨਿਰਪੱਖ ਤਰੀਕੇ ਨਾਲ ਹੋਣੀ ਜ਼ਰੂਰੀ ਹੈ ਕਿਉਂਕਿ ਅਸੀਂ ਨਹੀਂ ਚਾਹੁੰਦੇ ਕਿ ਨਿਰਦੋਸ਼ਾਂ ਨੂੰ ਸਜ਼ਾ ਮਿਲੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ 'ਤੇ ਕਿਹਾ ਕਿ ਇਸ ਦਾ ਸਿਹਰਾ ਨਵਜੋਤ ਸਿੰਘ ਸਿੱਧੂ ਨੂੰ ਜਾਂਦਾ ਹੈ ਅਤੇ ਜੇਕਰ ਕੋਈ ਇਸ ਦਾ ਸਿਹਰਾ ਲੈਣ ਦੀ ਕੋਸ਼ਿਸ਼ ਵਿਚ ਹੈ ਤਾਂ ਉਹ ਬਿਲਕੁੱਲ ਗਲਤ ਹੈ। ਉਨ੍ਹਾਂ ਦੱਸਿਆ ਕਿ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਮੋਰਚਾ ਉਨ੍ਹਾਂ ਪਾਰਟੀਆਂ ਲਈ ਭਾਰੀ ਪਏਗਾ ਜੋ ਬੇਅਦਬੀ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ।