ਬੇਅਦਬੀ ਮਾਮਲੇ ’ਚ ਜਲਾਲ ਨੇ ਫਿਰ ਦਰਜ ਕਰਵਾਏ ਬਿਆਨ

Friday, Nov 30, 2018 - 04:34 PM (IST)

ਫਰੀਦਕੋਟ (ਜਗਤਾਰ) - ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਬੇਅਦਬੀ ਮਾਮਲਿਆਂ ਨੂੰ ਲੈ ਕੇ ਬਣਾਈ ਗਈ 'ਸਿਟ' ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮਹਾਂ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਨੇ ਆਪਣੇ ਬਿਆਨ ਦਰਜ ਕਰਵਾਏ ਹਨ। ਆਪਣੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਅੱਜ ਤੱਕ ਜਿੰਨੇ ਵੀ ਜਾਂਚ ਕਮਿਸ਼ਨ ਬਣੇ, ਉਨ੍ਹਾਂ 'ਚੋਂ ਕਿਸੇ ਨੇ ਵੀ ਸਾਡੇ ਬਿਆਨਾਂ ਨੂੰ ਦਰਜ ਨਹੀਂ ਕੀਤਾ ਜਦਕਿ ਅਸੀਂ ਸਭ ਤੋਂ ਅੱਗੇ ਹੋ ਕੇ ਇਸ ਮਾਮਲੇ ਦੀ ਜਾਣਕਾਰੀ ਇਕੱਠੀ ਕਰਦੇ ਰਹੇ। ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਹੁਣ ਜਾਂਚ 'ਚ ਸਾਫ ਤੌਰ 'ਤੇ ਨਜ਼ਰ ਆ ਰਿਹਾ ਹੈ ਕਿ ਬੇਅਦਬੀ ਮਾਮਲੇ 'ਚ ਡੇਰਾ ਸਿਰਸਾ ਦਾ ਹੱਥ ਸੀ ਅਤੇ ਉਸ ਸਮੇਂ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਜਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਸਬੰਧ 'ਚ ਡੇਰਾ ਸਿਰਸਾ ਦੇ ਮੁਖੀ, ਗੋਲੀ ਚਲਾਉਣ ਵਾਲੇ ਪੁਲਸ ਅਧਿਕਾਰੀ ਅਤੇ ਜਿਨ੍ਹਾਂ ਦੇ ਨਾਂ ਸਾਹਮਣੇ ਆ ਚੁੱਕੇ ਹਨ, ਉਨ੍ਹਾਂ ਨੂੰ ਰਿਮਾਂਡ 'ਤੇ ਲੈ ਕੇ ਪੁੱਛ-ਗਿੱਛ ਕਰਨੀ ਚਾਹੀਦੀ ਹੈ। 

ਇਸ ਤੋਂ ਇਲਾਵਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਨੇ ਕਿਹਾ ਕਿ ਉਹ ਇਸ ਤੋਂ ਪਹਿਲਾ ਵੀ 'ਸਿਟ' ਦੇ ਸਾਹਮਣੇ ਪੇਸ਼ ਹੋ ਕੇ ਜਾਣਕਾਰੀ ਦੇ ਚੁੱਕੇ ਸਨ ਪਰ ਅੱਜ ਫਿਰ ਦੁਬਾਰਾ ਆਪਣੇ ਬਿਆਨ ਦਰਜ ਕਰਵਾਉਣ ਲਈ ਇੱਥੇ ਪਹੁੰਚੇ ਹਨ। ਉਨ੍ਹਾਂ ਨੇ ਉਸ ਸਮੇਂ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ 'ਤੇ ਸਿੱਧੇ ਤੌਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਧਾਰਮਿਕ ਗ੍ਰੰਥ ਦੀ ਬੇਅਦਬੀ ਉਨ੍ਹਾਂ ਵਲੋਂ ਹੀ ਕਰਵਾਈ ਗਈ ਹੈ। ਇਸ ਦੌਰਾਨ 'ਸਿਟ' ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਨੇ ਦੱਸਿਆ ਕਿ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਹਰਬੰਸ ਸਿੰਘ ਜਲਾਲ ਵਲੋਂ ਆਪੋ-ਆਪਣੇ ਬਿਆਨ ਦਰਜ ਕਰਵਾ ਦਿੱਤੇ ਗਏ ਹਨ ਅਤੇ ਇਸ ਮਾਮਲੇ ਦੇ ਹੋਰ ਵੀ ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜੇਕਰ ਕਿਸੇ ਦੇ ਕੋਲ ਕੋਈ ਵੀ ਜਾਣਕਾਰੀ ਹੈ ਤਾਂ ਉਹ ਫਰੀਦਕੋਟ ਦੇ ਕੈਂਪਸ ਦਫਤਰ 'ਚ ਆਪਣੇ ਬਿਆਨ ਦਰਜ ਕਰਵਾ ਸਕਦਾ ਹੈ।


rajwinder kaur

Content Editor

Related News