ਪੰਜਾਬ ਵਿਚ ਹੁਨਰ ਵਿਕਾਸ ਬਾਰੇ ਘੱਟ ਸਮੇਂ ਦੇ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ : ਚੰਨੀ

12/09/2017 7:19:33 AM

ਚੰਡੀਗੜ੍ਹ  (ਬਿਊਰੋ) - ਪੰਜਾਬ ਦੇ ਨੌਜਵਾਨਾਂ ਨੂੰ ਭਵਿੱਖ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾ ਕੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਲੋਂ ਹੁਨਰ ਵਿਕਾਸ ਦੇ ਘੱਟ ਸਮੇਂ ਦੇ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ।
ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਹੁਨਰ ਵਿਕਾਸ ਦੇ ਨਵੇਂ ਕੋਰਸ ਸ਼ੁਰੂ ਕਰਨ ਦੇ ਨਾਲ-ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਕੋਰਸਾਂ ਵਿਚ ਦਾਖਲਾ ਲੈਣ ਵਾਲੇ 100 ਫੀਸਦੀ ਨੌਜਵਾਨਾਂ ਨੂੰ ਚੰਗੀਆਂ ਉਜਰਤਾਂ 'ਤੇ ਰੁਜ਼ਗਾਰ ਮਿਲ ਸਕੇ। ਇਸ ਤੋਂ ਪਹਿਲਾਂ ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਕੇਂਦਰੀ ਹੁਨਰ ਵਿਕਾਸ ਮੰਤਰਾਲੇ ਦੀ ਵਧੀਕ ਸਕੱਤਰ ਰਜਨੀ ਸੇਖੜੀ ਸਿੱਬਲ ਆਈ. ਏ. ਐੱਸ. ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਅਧਿਕਾਰੀਆਂ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਦੇਸ਼ ਅਤੇ ਵਿਦੇਸ਼ ਵਿਚ ਰੁਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਵਾਉਣ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੇਂਦਰੀ ਵਧੀਕ ਸਕੱਤਰ ਨੇ ਭਾਰਤ ਸਰਕਾਰ ਦੇ ਹੁਨਰ ਵਿਕਾਸ ਅਤੇ ਉਦਮ ਮੰਤਰਾਲੇ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਵੇਂ ਕੇਂਦਰ ਖੋਲ੍ਹਣ ਮੌਕੇ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇਗਾ ਕਿ ਇਨ੍ਹਾਂ ਕੇਂਦਰਾਂ ਤੋਂ ਸਿਖਲਾਈ ਲੈਣ ਵਾਲੇ ਨੌਜਵਾਨਾਂ ਨੂੰ ਵਧੀਆ ਉਜਰਤਾਂ 'ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਰੁਜ਼ਗਾਰ ਦੇ ਵਧੀਆ ਮੌਕੇ ਉਪਲੱਬਧ ਹੋ ਸਕਣ।
ਮੀਟਿੰਗ ਵਿਚ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਐੱਮ. ਪੀ. ਸਿੰਘ, ਹੁਨਰ ਵਿਕਾਸ ਮਿਸ਼ਨ ਦੀ ਡਾਇਰੈਕਟਰ ਭਾਵਨਾ ਗਰਗ ਅਤੇ ਛੋਟੀਆਂ ਸਨਅਤਾਂ ਵਿਭਾਗ ਦੇ ਅੱੈਮ. ਡੀ. ਰਜਤ ਅਗਰਵਾਲ ਸਮੇਤ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।


Related News