ਨਗਰ ਕੌਂਸਲ ਕਰਮਚਾਰੀਆਂ ਨੇ ਕੀਤੀ ਨਾਅਰੇਬਾਜ਼ੀ

Wednesday, Jul 18, 2018 - 03:47 AM (IST)

ਨਗਰ ਕੌਂਸਲ ਕਰਮਚਾਰੀਆਂ ਨੇ ਕੀਤੀ ਨਾਅਰੇਬਾਜ਼ੀ

ਕਪੂਰਥਲਾ, (ਗੁਰਵਿੰਦਰ ਕੌਰ)- ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਨਗਰ ਕੌਂਸਲ ਕਪੂਰਥਲਾ ਦੇ ਮੁਲਾਜ਼ਮਾਂ ਨੇ ਪੰਜਾਬ ਪ੍ਰਧਾਨ ਸਰਦਾਰੀ ਲਾਲ ਸ਼ਰਮਾ ਤੇ ਜ਼ਿਲਾ ਪ੍ਰਧਾਨ ਗੋਪਾਲ ਥਾਪਰ ਦੀ ਅਗਵਾਈ ’ਚ ਆਪਣੀਆਂ ਮੰਗਾਂ ਸਬੰਧੀ ਨਗਰ ਕੌਂਸਲ ਦਫਤਰ ਕਪੂਰਥਲਾ ਦੇ ਸਾਹਮਣੇ ਧਰਨਾ ਦਿੱਤਾ ਤੇ ਆਪਣੀਆਂ ਮੰਗਾਂ ਸਬੰਧੀ ਜੰਮ ਕੇ ਨਾਅਰੇਬਾਜ਼ੀ ਕੀਤੀ। ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਸਰਦਾਰੀ ਲਾਲ ਸ਼ਰਮਾ ਤੇ ਜ਼ਿਲਾ ਪ੍ਰਧਾਨ ਗੋਪਾਲ ਥਾਪਰ ਨੇ ਕਿਹਾ ਕਿ ਅੱਜ ਦਾ ਧਰਨਾ ਪ੍ਰਦਰਸ਼ਨ ਮਿਊਂਸੀਪਲ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੂਰੇ ਪੰਜਾਬ ਪੱਧਰ ’ਤੇ ਕੀਤਾ ਜਾ ਰਿਹਾ ਹੈ ਕਿਉਂਕਿ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਬੰਧੀ ਲਾਰੇ ਦੀ ਨੀਤੀ ਅਪਣਾਈ ਜਾ ਰਹੀ ਹੈ। ਪੰਜਾਬ ਪ੍ਰਧਾਨ ਸਰਦਾਰੀ ਲਾਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪਿਛਲੇ ਲਗਭਗ 7-8 ਸਾਲਾਂ ਤੋਂ ਲਟਕ ਰਹੀਆਂ ਹਨ ਤੇ ਸਰਕਾਰਾਂ ਨੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਅਕਾਲੀ-ਭਾਜਪਾ ਸਰਕਾਰ ਤੇ ਹੁਣ ਪਿਛਲੇ ਕਰੀਬ ਡੇਢ ਸਾਲ ਤੋਂ ਕਾਂਗਰਸ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ।
PunjabKesari
 ਉਨ੍ਹਾਂ ਦੱਸਿਆ ਕਿ ਉਹ ਮੰਗਾਂ ਸਬੰਧੀ ਲੋਕਲ ਬਾਡੀਜ਼ ਵਿਭਾਗ ਦੇ ਡਾਇਰੈਕਟਰ, ਸੈਕਟਰੀ ਆਦਿ ਨਾਲ ਮੀਟਿੰਗਾਂ ਕਰ ਚੁੱਕੇ ਹਨ ਤੇ ਉਨ੍ਹਾਂ ਨਾਲ ਵਾਅਦਾ ਵੀ ਕੀਤਾ ਗਿਆ ਸੀ ਪਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਅਜੇ ਤੱਕ ਲਟਕ ਰਹੀਆਂ ਹਨ, ਜਿਸ ਕਾਰਨ ਸਮੂਹ ਕਰਮਚਾਰੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਦੋ ਦਿਨਾ ਹਡ਼ਤਾਲ ਦੌਰਾਨ ਵੀ ਉਨ੍ਹਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਅਣਮਿੱਥੇ ਸਮੇਂ ਲਈ ਹਡ਼ਤਾਲ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜਨਰਲ ਸਕੱਤਰ ਮਨੋਜ ਰੱਤੀ, ਸੀਨੀਅਰ ਵਾਈਸ ਪ੍ਰਧਾਨ ਵਿਕਰਮ ਘਈ, ਚੇਅਰਮੈਨ ਰਾਜੇਸ਼ ਸਹੋਤਾ, ਵਾਈਸ ਚੇਅਰਮੈਨ ਨਰੇਸ਼ ਮੱਟੂ, ਵਾਈਸ ਪ੍ਰਧਾਨ ਨਰਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਦੀਪ ਸਿੰਘ, ਖਜ਼ਾਨਚੀ ਸੰਜੇ ਧੀਰ ਤੇ ਕੁਲਵੰਤ ਸਿੰਘ, ਭਜਨ ਸਿੰਘ, ਪਵਨ ਕੁਮਾਰ, ਪੁਨੀਤ ਧਵਨ, ਸਤਨਾਮ ਸਿੰਘ, ਅਸ਼ੋਕ ਕੁਮਾਰ, ਬਿਮਲਾ ਦੇਵੀ, ਸੰਜੀਵ ਕੁਮਾਰ, ਸੁਨੀਤਾ ਕੁਮਾਰੀ, ਰਾਜ ਰਾਣੀ, ਮੋਹਨੀ ਦੇਵੀ ਤੇ ਸਮੂਹ ਕਰਮਚਾਰੀ ਹਾਜ਼ਰ ਸਨ। 
ਫਗਵਾੜਾ, (ਰੁਪਿੰਦਰ ਕੌਰ)- ਸਫਾਈ ਕਰਮਚਾਰੀ ਯੂਨੀਅਨ ਵੱਲੋਂ ਮੰਗਾਂ ਸਬੰਧੀ ਨਗਰ ਨਿਗਮ ਵਿਖੇ ਧਰਨਾ ਲਾਇਆ ਗਿਆ। ਇਸ ਦੌਰਾਨ ਨਗਰ ਨਿਗਮ ਮੁਲਾਜ਼ਮ ਐੈਕਸ਼ਨ ਕਮੇਟੀ ਫਗਵਾੜਾ ਦੇ ਆਗੂਆਂ ਨੇ ਦੱਸਿਆ ਕਿ ਸਮੂਹ ਕਰਮਚਾਰੀਆਂ ਵਲੋਂ 3 ਤੋਂ 5 ਵਜੇ ਤੱਕ ਧਰਨਾ ਲਾਇਆ ਗਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।  ਆਗੂਅਾਂ  ਨੇ  ਕਿਹਾ  ਕਿ  ਜੇਕਰ ਸਾਡੀਅਾਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਲਈ ਸਾਨੂੰ ਹੜਤਾਲ ਵੀ ਕਰਨੀ ਪਈ ਤਾਂ ਜ਼ਰੂਰ ਕਰਾਂਗੇ। ਉਨ੍ਹਾਂ  ਕਿਹਾ  ਕਿ 01/01/2004 ਪੈਨਸ਼ਨ ਸਕੀਮ ਲਾਗੂ ਕਰਨੀ, ਕੱਚੇ ਮੁਲਾਜ਼ਮ ਪੱਕੇ ਕਰਨੇ, ਡੀ. ਏ. ਦੀਆਂ ਕਿਸ਼ਤਾਂ ਦਿੱਤੀਆਂ ਜਾਣ, 200 ਰੁਪਏ ਲਾਇਆ ਟੈਕਸ ਬੰਦ ਕੀਤਾ ਜਾਵੇ, ਪੇ ਕਮਿਸ਼ਨ ਰਿਪੋਰਟ ਲਾਗੂ ਕੀਤੀ ਜਾਵੇ, ਤਰਸ ਦੇ ਅਾਧਾਰ ’ਤੇ ਨੌਕਰੀ ਬਿਨਾਂ ਤਰਸ ਦਿੱਤੀ ਜਾਵੇ। ਇਸ ਮੌਕੇ ਯੂਨੀਅਨ ਦੇ ਸਮੂਹ ਆਗੂ ਮੌਜੂਦ ਸਨ।


Related News