ਮੰਡ ਹੁਸੈਨਪੁਰ ਬੂਲੇ ਦੇ ਕਿਸਾਨਾਂ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

10/28/2017 5:19:41 AM

ਸੁਲਤਾਨਪੁਰ ਲੋਧੀ, (ਧੀਰ)- ਮੰਡ ਹੁਸੈਨਪੁਰ ਬੂਲੇ ਦੇ ਆਬਾਦਕਾਰ ਕਿਸਾਨਾਂ ਦਾ ਵਿਸ਼ਾਲ ਇਕੱਠ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪਿੰਡ ਮੰਡ ਹੁਸੈਨਪੁਰ ਬੂਲੇ ਵਿਖੇ ਹੋਇਆ, ਜਿਸ 'ਚ ਔਰਤਾਂ ਤੇ ਬੱਚਿਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ। ਮੰਡ ਦੇ ਆਬਾਦਕਾਰ ਕਿਸਾਨਾਂ ਦੇ ਇਕੱਠ ਦੀ ਅਗਵਾਈ ਦਵਿੰਦਰ ਸਿੰਘ, ਹਰਦੀਪ ਸਿੰਘ, ਨਿੰਦਰ ਕੌਰ, ਸੁਖਵਿੰਦਰ ਕੌਰ ਨੇ ਕੀਤੀ ਅਤੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ।
ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪਨੂੰ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਤੇ ਚੋਣਾਂ ਦੌਰਾਨ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਤਾਂ ਕੀ ਮੁਆਫ ਕਰਨੇ ਉਲਟਾ 50 ਸਾਲਾਂ ਤੋਂ ਦਰਿਆ ਕੰਢੇ ਜ਼ਮੀਨਾਂ ਨੂੰ ਆਬਾਦ ਕਰਕੇ, ਜੰਗਲ ਪੁੱਟ ਕੇ, ਟੋਏ-ਟਿੱਬੇ ਪੂਰ ਕੇ ਖੇਤੀਯੋਗ ਜ਼ਮੀਨਾਂ ਬਣਾਉਣ ਵਾਲੇ ਕਿਸਾਨਾਂ ਨੂੰ ਪੁਲਸ ਪ੍ਰਸ਼ਾਸਨ ਦੀ ਤਾਕਤ ਨਾਲ ਉਜਾੜਨ ਦੇ ਯਤਨ ਕਰ ਰਹੀ ਹੈ।
ਇਸ ਮੌਕੇ ਇੰਦਰਜੀਤ ਸਿੰਘ ਨੇ ਕਿਹਾ ਕਿ ਜਥੇਬੰਦੀ ਕਿਸਾਨਾਂ ਦੀਆਂ ਜ਼ਮੀਨਾਂ ਤੋਂ ਉਜਾੜਾ ਬਰਦਾਸ਼ਤ ਨਹੀਂ ਕਰੇਗੀ। ਜ਼ਮੀਨਾਂ ਦੇ ਮਾਲਕੀ ਹੱਕ ਕਿਸਾਨਾਂ ਨੂੰ ਦਿਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ 8 ਨਵੰਬਰ ਨੂੰ ਮੰਡ ਹੁਸੈਨਪੁਰ ਬੂਲੇ 'ਚ ਆਬਾਦਕਾਰ ਕਿਸਾਨ ਪਰਿਵਾਰਾਂ ਸਮੇਤ ਪੰਜਾਬ ਸਰਕਾਰ ਖਿਲਾਫ ਰੋਸ ਰੈਲੀ ਕਰ ਕੇ ਸੰਘਰਸ਼ ਦੇ ਅਗਲੇ ਪੜਾਅ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਪਰਮਜੀਤ ਸਿੰਘ ਬਾਊਪੁਰ, ਕੁਲਦੀਪ ਸਿੰਘ ਸਾਂਗਰਾ ਨੇ ਵੀ ਕਿਸਾਨਾਂ ਦੇ ਉਜਾੜੇ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ। ਇਸ ਸਮੇਂ ਸਰਵਨ ਸਿੰਘ, ਬਲਕਾਰ ਸਿੰਘ, ਲਖਵਿੰਦਰ ਸਿੰਘ ਬਾਊਪੁਰ, ਜਸਵੰਤ ਸਿੰਘ, ਇਕਬਾਲ ਕੌਰ ਤੇ ਬਲਵਿੰਦਰ ਕੌਰ ਆਦਿ ਸ਼ਾਮਲ ਸਨ।