ਮਿਊਂਸੀਪਲ ਪੈਨਸ਼ਨਰਾਂ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ

04/11/2018 6:13:06 AM

ਟਾਂਡਾ ਉੜਮੁੜ, (ਗੁਪਤਾ)- ਮਿਊਂਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਪ੍ਰਵਾਨ ਨਾ ਕੀਤੇ ਜਾਣ 'ਤੇ ਅੱਜ ਸ਼ਿਮਲਾ ਪਹਾੜੀ ਉੜਮੁੜ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਅਗਵਾਈ 'ਚ ਇਕ ਮੀਟਿੰਗ ਹੋਈ, ਜਿਸ 'ਚ ਸਰਕਾਰ ਵੱਲੋਂ ਐਸੋਸੀਏਸ਼ਨ ਦੀਆਂ ਮੰਗਾਂ ਪ੍ਰਵਾਨ ਨਾ ਕਰਨ 'ਤੇ ਸਮੂਹ ਮੈਂਬਰਾਂ ਨੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸ਼ਿੰਗਾਰਾ ਸਿੰਘ ਨੇ ਕਿਹਾ ਕਿ ਪੈਨਸ਼ਨਰਾਂ ਵੱਲੋਂ ਸਰਕਾਰ ਕੋਲੋਂ ਕਈ ਵਾਰ ਇਹ ਮੰਗ ਕੀਤੀ ਜਾ ਚੁੱਕੀ ਹੈ ਕਿ ਪੈਨਸ਼ਨਰਾਂ ਦਾ 22 ਮਹੀਨਿਆਂ ਦਾ ਡੀ. ਏ. ਦਾ ਬਕਾਇਆ ਦਿੱਤਾ ਜਾਵੇ ਪਰ ਉਸ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ ਅਤੇ ਸਾਡੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਨੇ ਇਹ ਵੀ ਮੰਗ ਕੀਤੀ ਹੈ ਕਿ ਮੈਡੀਕਲ ਭੱਤਾ 2500 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ ਅਤੇ ਜਨਵਰੀ 2017 ਤੋਂ 2018 ਤੱਕ ਦੀਆਂ ਡੀ.ਏ. ਦੀਆਂ ਕਿਸ਼ਤਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੀ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੋਂ ਪਹਿਲਾਂ ਮਿਲਣੀ ਚਾਹੀਦੀ ਹੈ ਪਰ ਸਰਕਾਰ ਵੱਲੋਂ ਅੱਜ ਤੱਕ ਸਮੇਂ ਸਿਰ ਪੈਨਸ਼ਨ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਪੈਨਸ਼ਨਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੇ-ਕਮਿਸ਼ਨ ਦੀ ਰਿਪੋਰਟ ਜਲਦ ਤੋਂ ਜਲਦ ਲਾਗੂ ਕੀਤੀ ਜਾਵੇ। 
ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਸ ਨੇ ਸਾਡੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਪੈਨਸ਼ਨਰਾਂ ਨੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਸ਼ੋਕ ਕੁਮਾਰ, ਰਤਨ ਸਿੰਘ, ਐੱਨ.ਪੀ. ਸਿੰਘ, ਧਰਮ ਚੰਦ, ਸੋਹਣ ਲਾਲ, ਹਰਮੇਸ਼ ਮਰਵਾਹਾ, ਗੁਰਦਿਆਲ ਸਿੰਘ, ਅਮਰੀਕ ਸਿੰਘ, ਦੇਵ ਰਾਜ, ਬੂਆ ਸਿੰਘ, ਸੋਮਨਾਥ, ਦੀਪੋ, ਸੱਤਿਆ, ਗਿਆਨੋ ਆਦਿ ਹਾਜ਼ਰ ਸਨ।