ਕੁੱਟ-ਮਾਰ ਕਰਨ ਵਾਲੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਹੋਣ ''ਤੇ ਪੁਲਸ ਵਿਰੁੱਧ ਨਾਅਰੇਬਾਜ਼ੀ

05/01/2018 1:15:52 AM

ਧੂਰੀ, (ਸੰਜੀਵ ਜੈਨ)- ਇਕ ਵਿਅਕਤੀ ਦੀ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕੁੱਟ-ਮਾਰ ਕਰਨ ਵਾਲੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਕੀਤੇ ਜਾਣ ਤੋਂ ਨਾਰਾਜ਼ ਪੀੜਤ ਦੇ ਪਰਿਵਾਰਕ ਮੈਂਬਰਾਂ ਤੇ ਹਮਾਇਤੀਆਂ ਵੱਲੋਂ ਪੁਲਸ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਪੀੜਤ ਪ੍ਰਦੀਪ ਕੁਮਾਰ ਪੁੱਤਰ ਸੁਖਦੇਵ ਸਿੰਘ ਵਾਸੀ ਧੂਰੀ ਨੇ ਦੱਸਿਆ ਕਿ ਉਹ ਮੰਡੀ ਅੰਦਰ ਲੇਬਰ ਦਾ ਕੰਮ ਕਰਦਾ ਹੈ। ਉਸ ਮੁਤਾਬਕ ਲੰਘੀ 27 ਅਪ੍ਰੈਲ ਦੀ ਰਾਤ ਨੂੰ ਰੰਜਿਸ਼ ਕਾਰਨ ਉਸ 'ਤੇ ਕੁੱਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ ਸੀ। ਇਸ ਹਮਲੇ 'ਚ ਉਸ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਨੂੰ ਸਥਾਨਕ ਸਿਵਲ ਹਸਪਤਾਲ ਤੋਂ ਇਲਾਜ ਲਈ ਸੰਗਰੂਰ ਰੈਫਰ ਕਰ ਦਿੱਤਾ ਗਿਆ ਸੀ। 
ਇਸ ਮੌਕੇ ਪੀੜਤ ਦੇ ਭਰਾ ਗੋਗੀ ਸਹੋਤਾ ਨੇ ਸਥਾਨਕ ਪੁਲਸ 'ਤੇ ਦੋਸ਼ ਲਾਇਆ ਕਿ ਉਸ ਦੇ ਭਰਾ ਵੱਲੋਂ 28 ਅਪ੍ਰੈਲ ਨੂੰ ਪੁਲਸ ਨੂੰ ਬਿਆਨ ਦਰਜ ਕਰਵਾਉਣ ਦੇ ਬਾਵਜੂਦ ਹਾਲੇ ਤੱਕ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਪੁਲਸ 'ਤੇ ਸਿਆਸੀ ਦਬਾਅ ਹੇਠ ਕੋਈ ਕਾਰਵਾਈ ਨਾ ਕੀਤੇ ਜਾਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਮਜਬੂਰਨ ਅੱਜ ਉਨ੍ਹਾਂ ਨੂੰ ਇਨਸਾਫ ਲਈ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪੈ ਰਿਹਾ ਹੈ। ਇਸ ਸਬੰਧੀ ਥਾਣਾ ਸਿਟੀ ਧੂਰੀ ਦੇ ਮੁਖੀ ਰਾਜੇਸ਼ ਸਨੇਹੀ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਉਕਤ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੜਤਾਲ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। 


Related News