ਪੰਜਾਬ ’ਚ ਗਰਮਾ ਸਕਦੈ ਚਿੱਪ ਵਾਲੇ ਮੀਟਰਾਂ ਦਾ ਮੁੱਦਾ, ਬਿਜਲੀ ਦਫ਼ਤਰਾਂ ’ਚ ਪਹੁੰਚੇ ਸਮਾਰਟ ਮੀਟਰ

03/08/2023 6:57:35 PM

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ) : ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਪ੍ਰਾਈਵੇਟ ਕਰਨ ਵੱਲ ਹੋਰ ਕਦਮ ਵਧਾਉਂਦਿਆਂ ਸਰਕਾਰੀ ਅਦਾਰਿਆਂ ’ਚ ਚਿੱਪ ਵਾਲੇ ਬਿਜਲੀ ਮੀਟਰ ਲਗਾਉਣ ਦਾ ਫੈਸਲਾ ਕੀਤਾ ਹੈ, ਜੇਕਰ ਇਹ ਮੀਟਰ ਆਉਣ ਵਾਲੇ ਸਮੇਂ ਦੌਰਾਨ ਘਰਾਂ ’ਚ ਵੀ ਲਗਾਏ ਜਾਂਦੇ ਹਨ ਤਾਂ ਸੂਬੇ ਅੰਦਰ ਆਉਣ ਵਾਲੇ ਦਿਨਾਂ ਵਿਚ ਇਹ ਮੁੱਦਾ ਗਰਮਾ ਸਕਦਾ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਵਿਭਾਗ ਦੇ ਸੂਤਰਾਂ ਅਨੁਸਾਰ ਇਹ ਬਿਜਲੀ ਮੀਟਰ ਬਿਜਲੀ ਦਫਤਰਾਂ ਅੰਦਰ ਪਹੁੰਚ ਚੁੱਕੇ ਹਨ। ਬਿਜਲੀ ਵਿਭਾਗ ਦੇ ਸੂਤਰਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਇਹ ਮੀਟਰ ਬਿਜਲੀ ਦਫ਼ਤਰਾਂ ਨੂੰ ਸਪਲਾਈ ਕੀਤੇ ਜਾ ਚੁੱਕੇ ਹਨ ਅਤੇ ਖਪਤਕਾਰਾਂ ਦੇ ਬਿਜਲੀ ਮੀਟਰ ਲਗਾਉਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਇਹ ਬਿਜਲੀ ਮੀਟਰ ਪ੍ਰਾਈਵੇਟ ਕੰਪਨੀ ਵੱਲੋਂ ਲਗਾਏ ਜਾਣੇ ਹਨ। ਇਹ ਬਿਜਲੀ ਮੀਟਰਾਂ ਦਾ ਸਾਰਾ ਰਿਕਾਰਡ ਆਨਲਾਈਨ ਪ੍ਰਾਈਵੇਟ ਕੰਪਨੀ ਕੋਲ ਰਹੇਗਾ, ਜਿਸ ਕਾਰਨ ਇਨ੍ਹਾਂ ਬਿਜਲੀ ਮੀਟਰਾਂ ਦੀ ਹੈ ਰੀਡਿੰਗ ਕਰਨ ਦੀ ਵੀ ਲੋੜ ਨਹੀਂ ਪਵੇਗੀ।

ਇਹ ਵੀ ਪੜ੍ਹੋ : ਪੰਜਾਬ ਦਾ ਇਕ ਹੋਰ ਮਸ਼ਹੂਰ ਟੋਲ ਪਲਾਜ਼ਾ ਹੋਇਆ ਟੋਲ ਮੁਕਤ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਵਿਚ ਭਗਵੰਤ ਮਾਨ ਸਰਕਾਰ ਬਣਨ ਸਮੇਂ ਇੰਨ੍ਹਾਂ ਮੀਟਰਾਂ ਦਾ ਮੁੱਦਾ ਪੰਜਾਬ ਅੰਦਰ ਗਰਮਾਇਆ ਸੀ ਅਤੇ ਬਾਅਦ ਵਿਚ ਸਰਕਾਰ ਵੱਲੋਂ ਇਹ ਬਿਜਲੀ ਮੀਟਰ ਨਾ ਲਗਾਉਣ ਦੇ ਫ਼ੈਸਲੇ ਤੋਂ ਬਾਅਦ ਮੁੱਦਾ ਖਤਮ ਹੋਇਆ ਸੀ। ਹੁਣ ਇਹ ਸਮਾਰਟ ਮੀਟਰ ਲਗਾਏ ਜਾਣ ਦੇ ਫੈਸਲੇ ਤੋਂ ਬਾਅਦ ਪੰਜਾਬ ਅੰਦਰ ਸਰਕਾਰ ਦਾ ਭਾਰੀ ਵਿਰੋਧ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਇਨ੍ਹਾਂ ਮੀਟਰਾਂ ਨੂੰ ਲਗਾਏ ਜਾਣ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ, ਸੂਬਾ ਸਰਕਾਰ ਵਲੋਂ ਜਾਰੀ ਹੋਏ ਸਖ਼ਤ ਹੁਕਮ

ਇਸ ਮਾਮਲੇ ’ਤੇ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਫ਼ਤ ਬਿਜਲੀ ਦੇਣ ਦੇ ਨਾਮ ’ਤੇ ਲੋਕਾਂ ਨਾਲ ਸਟੰਟ ਖੇਡ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਤੋਂ ਲੋਕਾਂ ਦੀ ਲੁੱਟ ਕਰਵਾਉਣ ਲਈ ਰਾਹ ਪੱਧਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚਿੱਪ ਵਾਲੇ ਬਿਜਲੀ ਮੀਟਰ ਲਗਾਉਣ ਦਾ ਜਥੇਬੰਦੀ ਸਖ਼ਤ ਵਿਰੋਧ ਕਰੇਗੀ ਇਥੋਂ ਤਕ ਕਿ ਬਿਜਲੀ ਅਧਿਕਾਰੀਆਂ ਦਾ ਘਿਰਾਓ ਵੀ ਕੀਤਾ ਜਾਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਕੋਕਰੀ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਸਾਰੇ ਦਾ ਸਾਰਾ ਬਿਜਲੀ ਸਿਸਟਮ ਪ੍ਰਾਈਵੇਟ ਕਾਰਪੋਰੇਟਾਂ ਨੂੰ ਸੌਂਪਣ ਦਾ ਇਹ ਵੱਡਾ ਕਦਮ ਹੈ। ਕੋਕਰੀ ਕਲਾਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਰਕਾਰ ਦੇ ਇਸ ਫ਼ੈਸਲੇ ਦਾ ਜ਼ਬਰਦਸਤ ਢੰਗ ਨਾਲ ਵਿਰੋਧ ਕਰੇਗੀ ਅਤੇ ਜਿਥੇ ਲੋਕ ਚਾਹੁੰਣਗੇ ਜਥੇਬੰਦੀਆਂ ਲੋਕਾਂ ਦੇ ਨਾਲ ਖੜ੍ਹ ਕੇ ਲੜਾਈ ਲੜੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਸੂਬਾ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News