ਹੈਰੋਇਨ ਦੀ ਡਿਲਿਵਰੀ ਲੈਣ ਲਈ ਦਰਿਆ ਤੈਰ ਕੇ ਪਾਕਿਸਤਾਨ ਜਾ ਪੁੱਜਾ ਤਸਕਰ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
Thursday, Aug 17, 2023 - 10:33 PM (IST)
ਚੰਡੀਗੜ੍ਹ/ਜਲੰਧਰ: ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਜਲੰਧਰ (ਦਿਹਾਤੀ) ਪੁਲਸ ਨੇ ਵੀਰਵਾਰ ਨੂੰ ਨਸ਼ਾ ਤਸਕਰ , ਜਿਸਦੀ ਪਛਾਣ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਵਜੋਂ ਹੋਈ ਹੈ, ਨੂੰ 8 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਜੋਗਾ ਇਕ ਅੰਤਰਰਾਸ਼ਟਰੀ ਨਸ਼ਾ ਤਸਕਰ ਹੈ, ਜੋ ਪਾਕਿਸਤਾਨ ਤੋਂ ਸਰਹੱਦੀ ਨੈਟਵਰਕ ਰਾਹੀਂ ਤਸਕਰ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਲੈਣ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿਚ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਐੱਨ.ਡੀ.ਪੀ.ਐੱਸ. ਐਕਟ ਦੇ ਕਈ ਮਾਮਲਿਆਂ ਵਿਚ ਲੋੜੀਂਦਾ ਹੈ ਅਤੇ ਉਸ ਦੇ ਦੋ ਸਾਥੀਆਂ ਨੂੰ 14 ਕਿਲੋ ਹੈਰੋਇਨ ਬਰਾਮਦਗੀ ਉਪਰੰਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਹ ਖ਼ਬਰ ਵੀ ਪੜ੍ਹੋ - ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਦਰਜਨ ਤੋਂ ਵੱਧ ਪਿੰਡਾਂ 'ਚ ਹੋਇਆ ਭਾਰੀ ਨੁਕਸਾਨ
ਜ਼ਿਕਰਯੋਗ ਹੈ ਕਿ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇਕ ਰੈਕੇਟ ਦਾ ਪਰਦਾਫਾਸ਼ ਕਰਦਿਆਂ ਸ਼ਿੰਦਰ ਸਿੰਘ ਨਾਂ ਦੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਕਿੱਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਇਸ ਮਾਡਿਊਲ ਨਾਲ ਜੁੜੀ ਇਕ ਮਹਿਲਾ ਨਸ਼ਾ ਤਸਕਰ ਅਮਨਦੀਪ ਕੌਰ ਉਰਫ ਦੀਪ ਭਾਈ ਨੂੰ ਵੀ 1 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ। ਦੋਸ਼ੀ ਜੋਗਾ ਸਿੰਘ ਕੋਲੋਂ 8 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਇਸ ਮਾਡਿਊਲ ਤੋਂ ਹੈਰੋਇਨ ਦੀ ਕੁੱਲ ਬਰਾਮਦਗੀ 22 ਕਿਲੋ ਤੱਕ ਜਾ ਪਹੁੰਚੀ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਸੂਹ ਮਿਲੀ ਸੀ ਕਿ ਸ਼ਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੇ ਫਿਰੋਜ਼ਪੁਰ ਸੈਕਟਰ ਵਿੱਚ ਦਰਿਆਈ ਰਸਤੇ ਰਾਹੀਂ ਪਾਕਿ-ਅਧਾਰਤ ਸਮੱਗਲਰਾਂ ਅਤੇ ਏਜੰਸੀਆਂ ਦੁਆਰਾ ਭਾਰਤੀ ਖੇਤਰ ਵਿੱਚ ਭੇਜੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਹੈਰੋਇਨ ਦੀ ਇਸ ਖੇਪ ਦੀ ਬਰਾਮਦਗੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਜਾਂਚ ਦੇ ਨਤੀਜੇ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਮਾਨ ਸਰਕਾਰ ਦੀ ਵੱਡੀ ਪਹਿਲਕਦਮੀ, ਇਕ ਸਮਝੌਤੇ ਨਾਲ ਬਚਾਏ 431 ਕਰੋੜ ਰੁਪਏ, 25 ਸਾਲਾਂ ਤਕ ਮਿਲੇਗਾ ਫ਼ਾਇਦਾ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਸ ਕੋਲ ਦੋਸ਼ੀ ਜੋਗਾ ਸਿੰਘ , ਜਿਸ ਕੋਲ ਹੈਰੋਇਨ ਦੀ ਖੇਪ ਸੀ ਅਤੇ ਉਹ ਕਿਸੇ ਵਿਅਕਤੀ ਨੂੰ ਉਸਦੀ ਡਿਲਵਰੀ ਦੇਣ ਜਾ ਰਿਹਾ ਸੀ ,ਸਬੰਧੀ ਪੁਖ਼ਤਾ ਇਤਲਾਹ ਸੀ। ਇਸੇ ਇਤਲਾਹ ਦੇ ਆਧਾਰ ’ਤੇ ਗੁਰਾਇਆ ਪੁਲਿਸ ਸਟੇਸ਼ਨ ਦੀ ਪੁਲਿਸ ਟੀਮ ਨੇ ਪਿੰਡ ਧੁਲੇਤਾ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਜੋਗਾ ਸਿੰਘ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ ’ਤੇ ਖੇਪ ਦੀ ਡਿਲੀਵਰੀ ਦੇਣ ਜਾ ਰਿਹਾ ਸੀ ਅਤੇ ਉਸ ਕੋਲੋਂ ਬੈਗ ਵਿਚ ਛੁਪਾ ਕੇ ਰੱਖੀ 8 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਚੰਡੀਗੜ੍ਹ 'ਚ ਹੋਈ ਪੇਸ਼ੀ, ਵਾਪਸ ਭੇਜਿਆ ਬਠਿੰਡਾ ਜੇਲ੍ਹ
ਐੱਸ.ਐੱਸ.ਪੀ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਵਿਚ ਸ਼ਾਮਲ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਤਾਜ਼ਾ ਮਾਮਲਾ ਐਫਆਈਆਰ ਨੰ. 107 ਮਿਤੀ 17/08/2023 ਨੂੰ ਥਾਣਾ ਗੁਰਾਇਆ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਅਤੇ 25 ਤਹਿਤ ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8