ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਲਹੂ-ਲੁਹਾਨ, ਨਕਦੀ ਤੇ ਮੋਬਾਇਲ ਲੈ ਕੇ ਫ਼ਰਾਰ
Sunday, Nov 17, 2024 - 10:43 AM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ 'ਚ ਦਾਣਾ ਮੰਡੀ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਨਕਾਬਪੋਸ਼ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮੋਟਰਸਾਈਕਲ ’ਤੇ ਜਾ ਰਹੇ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਉਕਤ ਲੁਟੇਰੇ ਉਸ ਕੋਲੋਂ 10 ਹਜ਼ਾਰ ਰੁਪਏ ਅਤੇ ਮੋਬਾਇਲ ਫੋਨ ਖੋਹ ਕੇ ਫ਼ਰਾਰ ਹੋ ਗਏ। ਜ਼ਖਮੀ ਵਿਅਕਤੀ ਨੂੰ ਫਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਜ਼ਖਮੀ ਵਿਅਕਤੀ ਨੇ ਦੱਸਿਆ ਕਿ ਉਹ ਆਪਣੀ ਸੱਸ ਨੂੰ ਪਿੰਡ ਆਸਲ ਛੱਡਣ ਤੋਂ ਬਾਅਦ ਮੋਟਰਸਾਈਕਲ ’ਤੇ ਆਪਣੇ ਘਰ ਜਾ ਰਿਹਾ ਸੀ। ਜਿਵੇਂ ਹੀ ਉਹ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਦੇ ਨਜ਼ਦੀਕ ਸਥਿਤ ਸਕੂਲ ਕੋਲ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਉਸ ਨੂੰ ਧੱਕਾ ਮਾਰ ਕੇ ਡਿਗਾ ਦਿੱਤਾ।
ਡਿੱਗਦੇ ਸਾਰ ਹੀ ਲੁਟੇਰਿਆਂ ਨੇ ਉਸ ’ਤੇ ਬੇਸਬਾਲ ਅਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਤੋਂ 10 ਰੁਪਏ ਅਤੇ ਇਕ ਮੋਬਾਇਲ ਫੋਨ ਖੋਹ ਕੇ ਫ਼ਰਾਰ ਹੋ ਗਏ। ਉਸ ਨੇ ਦੱਸਿਆ ਕਿ ਲੁਟੇਰਿਆਂ ਵੱਲੋਂ ਉਸ ਦੇ ਮੋਟਰਸਾਈਕਲ ਦੀ ਵੀ ਬੁਰੀ ਤਰ੍ਹਾਂ ਭੰਨ-ਤੋੜ ਕੀਤੀ ਗਈ ਹੈ। ਪੀੜਤ ਵਿਅਕਤੀ ਨੇ ਫਿਰੋਜ਼ਪੁਰ ਪੁਲਸ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਦਾ ਖੋਹਿਆ ਹੋਇਆ ਮੋਬਾਇਲ ਫੋਨ ਅਤੇ ਕੈਸ਼ ਬਰਾਮਦ ਕਰਨ ਦੀ ਮੰਗ ਕੀਤੀ ਹੈ।