ਸੋਸ਼ਲ ਮੀਡੀਆ ''ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ ''ਚ ਦਿੱਤਾ ਮੰਗ ਪੱਤਰ
Tuesday, Sep 29, 2026 - 02:52 PM (IST)
ਲੁਧਿਆਣਾ (ਰਾਜ)- ਸੋਸ਼ਲ ਮੀਡੀਆ ’ਤੇ ਹਿੰਦੂ ਦੇਵੀ-ਦੇਵਤਿਆਂ ਖ਼ਿਲਾਫ਼ ਕੀਤੀ ਜਾ ਰਹੀ ਕਥਿਤ ਇਤਰਾਜ਼ਯੋਗ ਅਤੇ ਭੱਦੀ ਸ਼ਬਦਾਵਲੀ ਨੂੰ ਲੈ ਕੇ ਹਿੰਦੂ ਸੰਗਠਨਾਂ ਨੇ ਸਖ਼ਤ ਰੁੱਖ ਅਖ਼ਤਿਆਰ ਕਰ ਲਿਆ ਹੈ। ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਦੀ ਅਗਵਾਈ ਹੇਠ ਇਕ ਵਫ਼ਦ ਨੇ ਪੁਲਸ ਕਮਿਸ਼ਨਰ ਦਫ਼ਤਰ ਪਹੁੰਚ ਕੇ ਮੰਗ ਪੱਤਰ ਸੌਂਪਿਆ ਅਤੇ ਮਾਹੌਲ ਖ਼ਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੀਵ ਟੰਡਨ ਨੇ ਦੋਸ਼ ਲਾਇਆ ਕਿ ਫ਼ੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਪਲੇਟਫ਼ਾਰਮਾਂ ’ਤੇ ਯੋਜਨਾਬੱਧ ਤਰੀਕੇ ਨਾਲ ਭਗਵਾਨ ਸ਼੍ਰੀ ਕ੍ਰਿਸ਼ਨ, ਭਗਵਾਨ ਸ਼੍ਰੀ ਗਣੇਸ਼ ਅਤੇ ਭਾਰਤ ਮਾਤਾ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਸਮੁੱਚੇ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸਨਾਤਨ ਧਰਮ ਦੇ ਪੂਜਨੀਕ ਪ੍ਰਤੀਕਾਂ ਦਾ ਅਪਮਾਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਚੁਣੌਤੀ ਦਿੰਦਿਆਂ ਕਿਹਾ ਕਿ ਕੈਮਰਿਆਂ ਦੇ ਪਿੱਛੇ ਬੈਠ ਕੇ ਬਿਆਨਬਾਜ਼ੀ ਕਰਨ ਦੀ ਬਜਾਏ ਸ਼ੰਕਾ ਕਰਨ ਵਾਲੇ ਆਹਮੋ-ਸਾਹਮਣੇ ਆ ਕੇ ਗੱਲ ਕਰਨ, ਉਨ੍ਹਾਂ ਨੂੰ ਮਰਿਆਦਾ ਵਿਚ ਰਹਿ ਕੇ ਤੱਥਪੂਰਨ ਜਵਾਬ ਦਿੱਤਾ ਜਾਵੇਗਾ। ਪੁਲਸ ਅਧਿਕਾਰੀਆਂ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਾਈਬਰ ਸੈੱਲ ਜ਼ਰੀਏ ਜਾਂਚ ਕਰਵਾ ਕੇ ਜਲਦ ਯੋਗ ਕਾਰਵਾਈ ਦਾ ਭਰੋਸਾ ਦਿੱਤਾ ਹੈ। ਦੂਜੇ ਪਾਸੇ, ਹਿੰਦੂ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਨਾ ਹੋਈ ਤਾਂ ਉਹ ਸੜਕਾਂ 'ਤੇ ਉੱਤਰ ਕੇ ਵੱਡੇ ਪੱਧਰ ’ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।
