ਧਰਮਸੌਤ ਵਲੋਂ ਵਾਤਾਵਰਣ ਦੀ ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦਾ ਸੱਦਾ

Wednesday, Jul 18, 2018 - 06:37 AM (IST)

ਧਰਮਸੌਤ ਵਲੋਂ ਵਾਤਾਵਰਣ ਦੀ ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦਾ ਸੱਦਾ

ਚੰਡੀਗੜ੍ਹ (ਕਮਲ) - ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਸੂਬੇ ਭਰ 'ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਬੂਟੇ ਲਾਉਣ ਅਤੇ ਬੂਟਿਆਂ ਦੀ ਸੰਭਾਲ ਕਰਨ ਲਈ ਸੂਬੇ ਦੀ ਹਰ ਚਾਹਵਾਨ ਸੰਸਥਾ ਦਾ ਸਹਿਯੋਗ ਲਿਆ ਜਾਵੇਗਾ।ਧਰਮਸੌਤ ਨੇ ਕਿਹਾ ਕਿ ਸਰਕਾਰ ਵਲੋਂ ਹਰ ਉਸ ਸੰਸਥਾ ਦਾ ਸਵਾਗਤ ਹੈ, ਜੋ ਪੰਜਾਬ ਸਰਕਾਰ ਦੇ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਦੀ ਇੱਛਾ ਰੱਖਦੀ ਹੈ । ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਇਕ ਵਿਅਕਤੀ ਨੂੰ ਸਵੈ-ਇੱਛਾ ਨਾਲ ਬੂਟੇ ਲਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ । ਸੂਬੇ ਭਰ 'ਚ ਵੱਧ ਤੋਂ ਵੱਧ ਬੂਟੇ ਲਾਉਣ 'ਤੇ ਜ਼ੋਰ ਦਿੰਦਿਆਂ ਧਰਮਸੌਤ ਨੇ ਕਿਹਾ ਕਿ ਸੂਬੇ ਦੇ ਹਰ ਵਾਸੀ ਦੇ ਸਹਿਯੋਗ ਨਾਲ ਹੀ ਘਰ-ਘਰ ਹਰਿਆਲੀ ਲਿਆਂਦੀ ਜਾ ਸਕਦੀ ਹੈ।
ਉਨ੍ਹਾਂ ਨੇ ਜੰਗਲਾਤ ਵਿਭਾਗ ਦੇ ਸਮੂਹ ਜ਼ਿਲਾ ਅਧਿਕਾਰੀਆਂ ਨੂੰ ਜ਼ਿਲਾ ਪੱਧਰ 'ਤੇ 29 ਜੁਲਾਈ, 2018 ਨੂੰ 'ਮੇਰਾ ਰੁੱਖ ਦਿਵਸ' ਮਨਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਜ਼ਿਲੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਦਿਵਸ ਮੌਕੇ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ । ਉਨ੍ਹਾਂ ਨੇ 'ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ' ਵਲੋਂ ਹਰ ਸਾਲ ਜੁਲਾਈ ਦੇ ਆਖ਼ਰੀ ਐਤਵਾਰ ਨੂੰ ਮਨਾਏ ਜਾਂਦੇ ਅੰਤਰਰਾਸ਼ਟਰੀ 'ਮੇਰਾ ਰੁੱਖ ਦਿਵਸ' ਸਬੰਧੀ ਫਲੈਕਸ ਬੋਰਡ ਵੀ ਜਾਰੀ ਕੀਤਾ।


Related News