ਪੰਜਾਬ ਦੇ ਸਾਰੇ ਸਕੂਲਾਂ ''ਚ ਬਿਜਲੀ ਦੀ ਬੱਚਤ ਲਈ ਲਾਏ ਜਾਣਗੇ ''ਸੋਲਰ ਪਾਵਰ ਪਲਾਂਟ''

08/11/2018 10:36:31 AM

ਚੰਡੀਗੜ੍ਹ : ਪੰਜਾਬ 'ਚ ਪ੍ਰਦੂਸ਼ਣ ਮੁਕਤ ਉਦਯੋਗਾਂ ਨੂੰ ਪਹਿਲ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਪੰਜਾਬ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕਰਨ ਦਾ ਬੀੜਾ ਚੁੱਕਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਅਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪਿੰਡ ਨਬੀਪੁਰ ਵਿਖੇ ਪੈਗਰੋ ਫਰੋਜਨ ਫੂਡਜ਼ ਪ੍ਰਾਈਵੇਟ ਲਿਮਟਿਡ ਦਾ ਦੌਰਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਪੜ੍ਹਾਈ ਨੂੰ ਸਭ ਤੋਂ ਵੱਧ ਅਹਿਮੀਅਤ ਦਿੱਤੀ ਜਾਵੇਗੀ ਅਤੇ ਕਿਸੇ ਵੀ ਅਧਿਆਪਕ ਨੂੰ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। 
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਬਿਜਲੀ ਦੀ ਬੱਚਤ ਲਈ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸੋਲਰ ਪਾਵਰ ਪਲਾਂਟ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕਰੇਗੀ ਅਤੇ ਜਿਥੇ ਕਿਧਰੇ ਅਧਿਆਪਕ ਕੰਮ ਵਾਲੇ ਦਿਨ ਧਰਨਿਆਂ ਵਿੱਚ ਜਾਣਗੇ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। 
ਉਨ੍ਹਾਂ ਕਿਹਾ ਕਿ ਸਕੂਲਾਂ 'ਚ ਕਿਸੇ ਵੀ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਦੇ ਭਵਿੱਖ ਨੂੰ ਸੁਆਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹ•ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਹਾਸਲ ਹੋ ਸਕੇ।