ਕਿਸਾਨੀ ਘੋਲ ਨੂੰ ਲੈ ਕੇ ਭਾਵੁਕ ਹੋਈ ਸੋਨਮ ਬਾਜਵਾ, ਕਿਹਾ 'ਜੇ ਅੱਜ ਮੇਰੇ ਦਾਦਾ ਜੀ ਜਿਊਂਦੇ ਹੁੰਦੇ ਤਾਂ ਧਰਨੇ 'ਤੇ ਬੈਠਦੇ

12/25/2020 9:40:53 AM

ਨਵੀਂ ਦਿੱਲੀ (ਬਿਊਰੋ) : ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਲਗਾਤਾਰ ਆਪਣੇ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦਾ ਸਮਰਥਨ ਕਰ ਰਹੀ ਹੈ। ਉਸ ਦਾ ਕਹਿਣਾ ਹੈ ਕਿ ਜੇਕਰ ਅੱਜ ਉਸ ਦੇ ਦਾਦਾ ਜੀ ਜਿਊਂਦੇ ਹੁੰਦੇ ਤਾਂ ਕਿਸਾਨ ਧਰਨੇ 'ਤੇ ਬੈਠਦੇ। ਸੋਨਮ ਬਾਜਵਾ ਨੇ ਦੱਸਿਆ ਕਿ ਮੇਰਾ ਪਿਛੋਕੜ ਵੀ ਕਿਸਾਨੀ ਹੈ।

ਇਸ ਤੋਂ ਇਲਾਵਾ ਸੋਨਮ ਬਾਜਵਾ ਨੇ ਕਿਹਾ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣਾ ਚਾਹੀਦਾ ਹੈ। ਸੋਨਮ ਬਾਜਵਾ ਨੇ ਇਹ ਵੀ ਕਿਹਾ ਕਿ ਮੈਨੂੰ ਪੰਜਾਬੀ ਕਲਾਕਾਰਾਂ 'ਤੇ ਮਾਣ ਹੈ ਕਿ ਇਸ ਘੜੀ 'ਤੇ ਸਾਰੇ ਇਕੱਠੇ ਖੜ੍ਹੇ ਹਨ। ਸੋਨਮ ਬਾਜਵਾ ਜਲਦ ਹੀ ਟੀ. ਵੀ. 'ਤੇ ਇਕ ਟੋਕ ਸ਼ੋਅ ਲੈ ਕੇ ਆਉਣ ਵਾਲੀ ਹੈ। ਇਸ 'ਚ ਕਲਾਕਾਰਾਂ ਨਾਲ ਗੱਲਬਾਤ ਕਰ ਉਨ੍ਹਾਂ ਦੀ ਜ਼ਿੰਦਗੀ ਦੀਆਂ ਗੱਲਾਂ ਨੂੰ ਦਰਸ਼ਕਾਂ ਸਾਹਮਣੇ ਲੈ ਕੇ ਆਏਗੀ। ਸੋਨਮ ਬਾਜਵਾ ਫਰਵਰੀ 'ਚ ਫ਼ਿਲਮ 'ਪੁਆੜਾ' ਰਿਲੀਜ਼ ਕਰੇਗੀ। ਨਾਲ ਅਗਲੀ ਫ਼ਿਲਮ 'ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ' ਦੀ ਸ਼ੂਟਿੰਗ ਵੀ ਪੂਰੀ ਕਰ ਚੁੱਕੀ ਹੈ, ਜੋ ਅਗਲੇ ਸਾਲ ਰਿਲੀਜ਼ ਹੋਵੇਗੀ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਕਿਸਾਨਾਂ ਨੇ ਕੱਢਿਆ ਨਵਾਂ ਤਰੀਕਾ 
ਪੰਜਾਬ ਦੇ ਕਿਸਾਨ ਧਰਨੇ ਦੇ ਪਹਿਲੇ ਦਿਨ ਤੋਂ ਹੀ ਇੱਥੇ ਹਨ। ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਤਰੀਕਾ ਕੱਢਿਆ ਹੈ। ਅੰਦੋਲਨ ਲੰਮਾ ਖਿੱਚਦਾ ਵੇਖ ਕੇ ਹੁਣ ਕਿਸਾਨ ਵਾਰੀ-ਸਿਰ ਇੱਥੇ ਰਿਹਾ ਕਰਨਗੇ ਭਾਵ ਉਨ੍ਹਾਂ ਨੇ ਰੋਟੇਸ਼ਨ ਦੇ ਹਿਸਾਬ ਨਾਲ ਡਿਊਟੀਆਂ ਬੰਨ੍ਹ ਲਈਆਂ ਹਨ। ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ 'ਚ ਪਰਤ ਰਹੇ ਹਨ ਤੇ ਉਨ੍ਹਾਂ ਹੀ ਟ੍ਰਾਲੀਆਂ 'ਚ ਦੂਜੇ ਨਵੇਂ ਕਿਸਾਨ ਧਰਨੇ ਵਾਲੀ ਥਾਂ 'ਤੇ ਪੁੱਜ ਰਹੇ ਹਨ।

 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਬਾਕਸ ’ਚ ਜ਼ਰੂਰ ਦੱਸੋ।

sunita

This news is Content Editor sunita