ਮੋਦੀ ਸਰਕਾਰ ਨੂੰ ਹਟਾਉਣ ਲਈ ਸੋਨੀਆ ਗਾਂਧੀ ਸਾਰੀਆਂ ਪਾਰਟੀਆਂ ਦੀ ਕੌਮੀ ਮੁਹਿੰਮ ਦੀ ਕਰਨ ਅਗਵਾਈ : ਜਾਖੜ
Wednesday, May 26, 2021 - 01:20 AM (IST)
ਚੰਡੀਗੜ੍ਹ(ਅਸ਼ਵਨੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਕੌਮੀ ਆਗੂ ਰਾਹੁਲ ਗਾਂਧੀ ਨੂੰ ਪਹਿਲਕਦਮੀ ਕਰਦਿਆਂ ਬਾਕੀ ਪਾਰਟੀਆਂ ਨੂੰ ਨਾਲ ਲੈ ਕੇ ਮੋਦੀ ਸਰਕਾਰ ਨੂੰ ਲੋਕਤੰਤਰਿਕ ਤਰੀਕੇ ਨਾਲ ਸੱਤਾ ਤੋਂ ਲਾਂਭੇ ਕਰਨ ਲਈ ਇਕ ਰਾਸ਼ਟਰ-ਵਿਆਪੀ ਮੁਹਿੰਮ ਵਿੱਢਣ ਦੀ ਅਪੀਲ ਕੀਤੀ ਹੈ।
ਅੱਜ ਇਥੋਂ ਜਾਰੀ ਬਿਆਨ ਵਿਚ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਦੇਸ਼, ਲੋਕਤੰਤਰ ਪ੍ਰਣਾਲੀ ਅਤੇ ਮੁਲਕ ਦੇ ਗਰੀਬਾਂ ਤੇ ਕਿਸਾਨਾਂ ਲਈ ਮਾਰੂ ਦੱਸਦਿਆਂ ਕਿਹਾ ਕਿ 26 ਮਈ ਨੂੰ ਦੇਸ਼ ਦੇ ਕਿਸਾਨ ਆਪਣੇ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ’ਤੇ ਕਾਲਾ ਦਿਵਸ ਮਨਾਉਣ ਲਈ ਮਜਬੂਰ ਹੋ ਰਹੇ ਹਨ। ਪੂਰਾ ਪੰਜਾਬ ਅਤੇ ਕਾਂਗਰਸ ਪਾਰਟੀ ਉਨ੍ਹਾਂ ਦੇ ਇਸ ਸੰਘਰਸ਼ ਦੇ ਨਾਲ ਖੜ੍ਹੀ ਹੈ ਅਤੇ ਅਸੀਂ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕਰਦੇ ਹਾਂ ਜੋ ਨਾ ਕੇਵਲ ਕਿਸਾਨੀ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ, ਬਲਕਿ ਉਹ ਇਸ ਦੇਸ਼ ਦੇ ਲੋਕਤੰਤਰ ਦੀ ਰਾਖੀ ਦੇ ਨਾਲ-ਨਾਲ ਇਸ ਦੇਸ਼ ਦੇ ਬਾਕੀ ਵਰਗਾਂ ਨੂੰ ਵੀ ਕਾਰਪੋਰੇਟੀ ਗਲਬੇ ਤੋਂ ਬਚਾਉਣ ਦੀ ਲੜਾਈ ਲੜ ਰਹੇ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਹਰ ਮੁਹਾਜ ’ਤੇ ਪੂਰੀ ਤਰ੍ਹਾਂ ਅਸਫ਼ਲ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੋਵਿਡ ਨਾਲ ਨਜਿੱਠਣ ਲਈ ਮੋਦੀ ਸਰਕਾਰ ਨਾਕਾਮ ਸਿੱਧ ਹੋਈ ਹੈ, ਉਸ ਨਾਲ ਕੌਮਾਂਤਰੀ ਪੱਧਰ ’ਤੇ ਦੇਸ਼ ਦੀ ਸਾਖ ਨੂੰ ਢਾਹ ਲੱਗੀ ਹੈ ਅਤੇ ਲੋਕ ਆਕਸੀਜਨ ਲਈ ਦਰ ਦਰ ਭਟਕੇ ਹਨ । ਅਜਿਹੀ ਗੈਰ-ਸੰਵੇਦਨਸ਼ੀਲ ਸਰਕਾਰ ਨੂੰ ਸੱਤਾ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।
ਉਨ੍ਹਾਂ ਸੁਝਾਅ ਦਿੱਤਾ ਕਿ 30 ਮਈ ਨੂੰ ਮੋਦੀ ਸਰਕਾਰ ਦੇ 2 ਸਾਲ ਪੂਰੇ ਹੋ ਰਹੇ ਹਨ, ਇਸ ਲਈ ਇਹ ਦਿਨ ਅਜਿਹੀ ਕਿਸੇ ਕੌਮੀ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਸਭ ਤੋਂ ਢੁਕਵਾਂ ਰਹੇਗਾ।