ਅਦਾਕਾਰ ਸੋਨੂੰ ਸੂਦ ਤੇ ਭੈਣ ਮਾਲਵਿਕਾ ਸੂਦ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਪਹੁੰਚੇ, ਲੋਕਾਂ ਨੂੰ ਵੰਡਿਆ ਜ਼ਰੂਰੀ ਸਮਾਨ

Monday, Sep 08, 2025 - 10:21 PM (IST)

ਅਦਾਕਾਰ ਸੋਨੂੰ ਸੂਦ ਤੇ ਭੈਣ ਮਾਲਵਿਕਾ ਸੂਦ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਪਹੁੰਚੇ, ਲੋਕਾਂ ਨੂੰ ਵੰਡਿਆ ਜ਼ਰੂਰੀ ਸਮਾਨ

ਫਿਰੋਜ਼ਪੁਰ (ਕੁਮਾਰ) – ਸੰਕਟ ’ਚ ਫਸੇ ਲੋਕਾਂ ਦੀ ਮਦਦ ਕਰਨ ਲਈ ਮਸੀਹਾ ਮੰਨੇ ਜਾਂਦੇ ਫਿਲਮ ਅਦਾਕਾਰ ਸੋਨੂੰ ਸੂਦ ਅੱਜ ਆਪਣੀ ਭੈਣ ਮਾਲਵਿਕਾ ਸੂਦ ਨਾਲ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਪਹੁੰਚੇ, ਜਿਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਗੱਦੇ ਅਤੇ ਹੋਰ ਜ਼ਰੂਰੀ ਸਾਮਾਨ ਵੰਡਿਆ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਪ੍ਰਤੀਨਿਧਾਂ ਨਾਲ ਗੱਲਬਾਤ ਕਰਦਿਆਂ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਅੱਜ ਬਹੁਤ ਵੱਡੇ ਸੰਕਟ ’ਚ ਹੈ ਅਤੇ ਸਾਨੂੰ ਸਾਰਿਆਂ ਨੂੰ ਹੜ੍ਹਾਂ ਨਾਲ ਘਿਰੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ, ਪਸ਼ੂਆਂ ਲਈ ਚਾਰਾ, ਔਰਤਾਂ ਨੂੰ ਸੈਨੇਟਰੀ ਪੈਡ ਅਤੇ ਉਨ੍ਹਾਂ ਦੀ ਲੋੜ ਅਨੁਸਾਰ ਹਰ ਤਰ੍ਹਾਂ ਦਾ ਸਾਮਾਨ ਮੁਹੱਈਆ ਕਰਵਾਉਣਾ ਚਾਹੀਦਾ ਹੈ। ਪੰਜਾਬ ਦੇ ਲੋਕ ਬਹੁਤ ਮਿਹਨਤੀ, ਦਲੇਰ ਅਤੇ ਜ਼ਿੰਦਾਦਿਲ ਲੋਕ ਹਨ ਅਤੇ ਉਹ ਸੰਕਟ ਦੇ ਸਮੇਂ ਘਬਰਾਉਂਦੇ ਨਹੀਂ ਹਨ।

ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਭੈਣ ਹਮੇਸ਼ਾ ਪੰਜਾਬ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਉਨ੍ਹਾਂ ਸਾਰੀਆਂ ਸੰਸਥਾਵਾਂ, ਐੱਨ. ਜੀ. ਓ. ਪਿੰਡ ਵਾਸੀਆਂ ਅਤੇ ਐਸੋਸੀਏਸ਼ਨਾਂ ਦਾ ਧੰਨਵਾਦ ਕੀਤਾ ਜੋ ਪੰਜਾਬ ਦੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ।

ਉਨ੍ਹਾਂ ਕਿਹਾ ਕਿ ਜਦੋਂ ਹੜ੍ਹ ਦਾ ਪਾਣੀ ਘੱਟ ਜਾਵੇਗਾ, ਤਾਂ ਲੋਕਾਂ ਨੂੰ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਉਹ ਅਤੇ ਉਨ੍ਹਾਂ ਦੀ ਭੈਣ ਜਿਥੇ ਵੀ ਜਾਂਦੇ ਹਨ, ਉਹ ਲੋਕਾਂ ਲਈ ਲੋੜੀਂਦੀਆਂ ਚੀਜ਼ਾਂ ਦੀ ਸੂਚੀ ਤਿਆਰ ਕਰਦੇ ਹਨ ਅਤੇ ਫਿਰ ਉਨ੍ਹਾਂ ਨੂੰ ਜ਼ਰੂਰਤ ਦੀਆਂ ਚੀਜ਼ਾਂ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਿਰਫ ਉਹੀ ਸਾਮਾਨ ਪ੍ਰਦਾਨ ਕਰਨ, ਜਿਸਦੀ ਲੋੜ ਹੋਵੇ, ਤਾਂ ਜੋ ਉਹ ਸਮਾਨ ਵਰਤ ਸਕਣ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੀ ਵੀ ਮਦਦ ਕਰਨਗੇ, ਜਿਨ੍ਹਾਂ ਦੇ ਘਰ ਢਹਿ ਗਏ ਹਨ।

ਸੋਨੂੰ ਸੂਦ ਨੇ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸਾਡੀਆਂ ਸਰਕਾਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੇ ਸਾਰੇ ਕਰਜ਼ੇ ਮੁਆਫ ਕਰਕੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਅਗਲੀ ਫਸਲ ਲਈ ਉਨ੍ਹਾਂ ਨੂੰ ਮੁਫਤ ਬੀਜ, ਖਾਦ, ਡੀਜ਼ਲ ਆਦਿ ਪ੍ਰਦਾਨ ਕਰਨਾ ਚਾਹੀਦਾ ਹੈ।


author

Inder Prajapati

Content Editor

Related News