ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਅੱਜ ਕਾਂਗਰਸ 'ਚ ਹੋ ਸਕਦੀ ਹੈ ਸ਼ਾਮਲ
Monday, Jan 10, 2022 - 02:55 PM (IST)
ਮੋਗਾ (ਬਿਊਰੋ) : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਅੱਜ ਕਾਂਗਰਸ 'ਚ ਸ਼ਾਮਲ ਹੋ ਸਕਦੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਰੀਸ਼ ਚੌਧਰੀ ਮੋਗਾ ਜਾ ਕੇ ਮਾਲਵਿਕਾ ਸੂਦ ਸੱਚਰ ਨੂੰ ਕਾਂਗਰਸ 'ਚ ਸ਼ਾਮਲ ਕਰਵਾਉਣਗੇ। ਹਾਲਾਂਕਿ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸੋਨੂੰ ਸੂਦ ਵੀ ਆਪਣੀ ਭੈਣ ਨਾਲ ਮੌਜੂਦ ਰਹਿਣਗੇ। ਅੰਦਾਜ਼ੇ ਲਾਏ ਜਾ ਰਹੇ ਹਨ ਕਿ ਉਹ ਮੋਗਾ ਤੋਂ ਕਾਂਗਰਸ ਦੀ ਉਮੀਦਵਾਰ ਹੋ ਸਕਦੀ ਹੈ। ਦੂਜੇ ਪਾਸੇ ਕਾਂਗਰਸ ਦੇ ਮੌਜੂਦਾ ਵਿਧਾਇਕ ਹਰਜੋਤ ਕਮਲ ਦੀ ਟਿਕਟ ਕੱਟੀ ਜਾ ਸਕਦੀ ਹੈ। ਜੇਕਰ ਹਰਜੋਤ ਕਮਲ ਨੂੰ ਟਿਕਟ ਨਾ ਮਿਲੀ ਤਾਂ ਬਗਾਵਤ ਕਰ ਸਕਦੇ ਹਨ।
ਦੱਸ ਦਈਏ ਕਿ ਸੋਨੂੰ ਸੂਦ ਦੇ ਰਾਜਨੀਤੀ 'ਚ ਸਰਗਰਮ ਹੋਣ ਦੀਆਂ ਖ਼ਬਰਾਂ ਕਾਫ਼ੀ ਸਮੇਂ ਤੋਂ ਸੁਰਖੀਆਂ 'ਚ ਸਨ। ਉਹ ਮੋਗਾ 'ਚ ਕਈ ਸਮਾਜ ਸੇਵੀ ਪ੍ਰੋਗਰਾਮਾਂ 'ਚ ਹਿੱਸਾ ਲੈਂਦੇ ਵੀ ਨਜ਼ਰ ਆ ਚੁੱਕੇ ਹਨ। ਹਾਲਾਂਕਿ ਸੋਨੂੰ ਸੂਦ ਨੇ ਖ਼ੁਦ ਰਾਜਨੀਤੀ 'ਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਆਪਣੀ ਭੈਣ ਨੂੰ ਅੱਗੇ ਵਧਾਇਆ ਹੈ। ਇਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਫ਼ਿਲਮ ਅਦਾਕਾਰ ਸੋਨੂੰ ਸੂਦ ਦੀ ਪੰਜਾਬ ਦੇ 'ਸਟੇਟ ਆਈਕਨ' ਵਜੋਂ ਨਿਯੁਕਤੀ ਰੱਦ ਕਰ ਦਿੱਤੀ ਸੀ। ਸੋਨੂੰ ਸੂਦ ਨੂੰ ਇੱਕ ਸਾਲ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦਾ ਆਈਕਨ ਬਣਾਇਆ ਗਿਆ ਸੀ।
ਦੱਸਣਯੋਗ ਹੈ ਕਿ ਪਿਛਲੇ ਸਾਲ ਨਵੰਬਰ 'ਚ ਸੋਨੂੰ ਸੂਦ ਨੇ ਆਪਣੀ ਭੈਣ ਦੇ ਰਾਜਨੀਤੀ 'ਚ ਆਉਣ ਦੀ ਗੱਲ ਆਖੀ ਸੀ ਪਰ ਉਨ੍ਹਾਂ ਦੀ ਆਪਣੇ ਲਈ ਅਜਿਹੀ ਕੋਈ ਯੋਜਨਾ ਨਹੀਂ ਸੀ। ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਸੋਨੂੰ ਸੂਦ ਪਿਛਲੇ ਸਾਲ ਕੋਰੋਨਾ ਕਾਲ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਣ 'ਚ ਮਦਦ ਕਰਨ ਲਈ ਰਾਸ਼ਟਰੀ ਸੁਰਖੀਆਂ 'ਚ ਵੀ ਆਏ ਸਨ।
ਕੁਝ ਦਿਨ ਪਹਿਲਾਂ ਸੋਨੂੰ ਸੂਦ ਦੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਸਿਆਸਤ 'ਚ ਆ ਸਕਦੇ ਹਨ।
ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।