ਸੋਨੀ ਨੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਕੀਤੀ ਉੱਚ ਪੱਧਰੀ ਬੈਠਕ

Monday, Nov 22, 2021 - 10:23 PM (IST)

ਜਲੰਧਰ/ਚੰਡੀਗੜ੍ਹ(ਧਵਨ)- ਪੰਜਾਬ ਦੇ ਸਿਹਤ ਵਿਭਾਗ ਦੀਆਂ ਵੱਖ-ਵੱਖ ਕਰਮਚਾਰੀ ਯੂਨੀਅਨਾਂ ਵੱਲੋਂ ਚੁੱਕੀਆਂ ਜਾ ਰਹੀਆਂ ਮੰਗਾਂ ਦੇ ਨਿਪਟਾਰੇ ਲਈ ਉਪ-ਮੁੱਖ ਮੰਤਰੀ ਓ. ਪੀ. ਸੋਨੀ, ਜਿਨ੍ਹਾਂ ਦੇ ਕੋਲ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਵੀ ਹੈ, ਨੇ ਅੱਜ ਚੰਡੀਗੜ੍ਹ ’ਚ ਆਪਣੇ ਸਰਕਾਰੀ ਨਿਵਾਸ ’ਤੇ ਇਕ ਵਿਸ਼ੇਸ਼ ਬੈਠਕ ਕੀਤੀ।

ਬੈਠਕ ਸਬੰਧੀ ਜਾਣਕਾਰੀ ਦਿੰਦੇ ਹੋਏ ਸੋਨੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਕਰਮਚਾਰੀ ਯੂਨੀਅਨਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ’ਚ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਵਿਸਥਾਰ ’ਚ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਰਣਨੀਤੀ ਬਣਾਈ ਗਈ।

ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਲਈ 23 ਨਵੰਬਰ ਨੂੰ ਦੁਪਹਿਰ 12 ਵਜੇ ਇਕ ਬੈਠਕ ਬੁਲਾਈ ਗਈ ਹੈ, ਜਿਸ ’ਚ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵੀ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਵਿੱਤ ਵਿਭਾਗ ਦੇ ਸਕੱਤਰ ਨੂੰ ਵੀ ਇਸ ਅਹਿਮ ਮੀਟਿੰਗ ’ਚ ਸ਼ਾਮਲ ਹੋਣ ਦੀ ਹਿਦਾਇਤ ਕੀਤੀ ਗਈ ਹੈ, ਜਿਸ ਨਾਲ ਮੰਗਾਂ ਦੀ ਪੂਰਤੀ ’ਚ ਕਿਸੇ ਵੀ ਵਿੱਤੀ ਰੁਕਾਵਟ ਨੂੰ ਬਿਨਾਂ ਕਿਸੇ ਦੇਰੀ ਦੇ ਮੌਕੇ ’ਤੇ ਹੀ ਹੱਲ ਕੀਤਾ ਜਾ ਸਕੇ।

ਸੋਨੀ ਨੇ ਕਿਹਾ ਕਿ ਉਹ ਕਰਮਚਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਛੇਤੀ ਤੋਂ ਛੇਤੀ ਨਬੇੜਾ ਕਰਨਾ ਚਾਹੁੰਦੇ ਹਨ, ਜਿਸ ਨਾਲ ਕਰਮਚਾਰੀ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਉਣ। ਉਨ੍ਹਾਂ ਧਰਨੇ ’ਤੇ ਬੈਠੀਆਂ ਕਰਮਚਾਰੀ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੰਮ ’ਤੇ ਪਰਤਣ, ਕਿਉਂਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ।

ਇਸ ਮੌਕੇ ਐੱਮ. ਡੀ. ਪੀ. ਐੱਚ. ਐੱਸ. ਸੀ. ਭੁਪਿੰਦਰ ਸਿੰਘ, ਐੱਮ. ਡੀ. ਐੱਨ. ਐੱਚ. ਐੱਮ. ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਕਲਿਆਣ ਡਾ. ਅੰਦੇਸ਼, ਡਾਇਰੈਕਟਰ ਸਿਹਤ ਸੇਵਾਵਾਂ ਡਾ. ਓ. ਪੀ. ਗੋਜਰਾ ਮੌਜੂਦ ਸਨ।


Bharat Thapa

Content Editor

Related News