ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ

Thursday, May 28, 2026 - 05:51 PM (IST)

ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ

ਦੋਰਾਹਾ/ਪਾਇਲ (ਵਿਨਾਇਕ) : ਖੰਨਾ ਪੁਲਸ ਜ਼ਿਲ੍ਹੇ ਦੇ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਅੱਜ ਦੋਰਾਹਾ ਅਤੇ ਪਾਇਲ ਨਗਰ ਕੌਂਸਲ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਲੋਂ ਸੁਰੱਖਿਆ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ 29 ਮਈ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਅਮਨ-ਸ਼ਾਂਤੀ, ਪਾਰਦਰਸ਼ਤਾ ਅਤੇ ਪੂਰੀ ਨਿਰਪੱਖਤਾ ਨਾਲ ਨੇਪਰੇ ਚਾੜ੍ਹੀ ਜਾਵੇਗੀ। ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮਾਂ ਦੀ 24 ਘੰਟੇ ਸਖ਼ਤ ਸੁਰੱਖਿਆ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹਰ ਆਉਣ-ਜਾਣ ਵਾਲੇ ਵਿਅਕਤੀ ‘ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਦੋਰਾਹਾ ਅਤੇ ਪਾਇਲ ਨਗਰ ਕੌਂਸਲ ਚੋਣਾਂ ਦੌਰਾਨ ਵੋਟਰਾਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਗਿਆ ਸੀ। ਦੋਰਾਹਾ ਨਗਰ ਕੌਂਸਲ ਦੇ 15 ਵਾਰਡਾਂ ਲਈ ਕੁੱਲ 69.43 ਫੀਸਦੀ ਵੋਟਿੰਗ ਦਰਜ ਕੀਤੀ ਗਈ ਸੀ, ਜਿਸ ਵਿਚ 9605 ਮਰਦ ਵੋਟਰਾਂ ਵਿਚੋਂ 6652 ਅਤੇ 8722 ਮਹਿਲਾ ਵੋਟਰਾਂ ਵਿਚੋਂ 6073 ਵੋਟਾਂ ਪੋਲ ਹੋਈਆਂ ਸਨ। ਜਦਕਿ ਪਾਇਲ ਨਗਰ ਕੌਂਸਲ ਦੇ 11 ਵਾਰਡਾਂ ਲਈ ਕੁੱਲ 80.10 ਫੀਸਦੀ ਵੋਟਿੰਗ ਦਰਜ ਕੀਤੀ ਗਈ, ਜੋ ਕਿ ਜ਼ਿਲਾ ਲੁਧਿਆਣਾ ਵਿਚ ਸਭ ਤੋਂ ਵੱਧ ਰਹੀ। ਪਾਇਲ ਵਿਚ 3376 ਮਰਦ ਵੋਟਰਾਂ ਵਿਚੋਂ 2672, 2993 ਮਹਿਲਾ ਵੋਟਰਾਂ ਵਿਚੋਂ 2429 ਅਤੇ ਅਦਰ ਸ਼੍ਰੇਣੀ ਦੇ 2 ਵੋਟਰਾਂ ਵਿਚੋਂ 2 ਵੋਟਾਂ ਪੋਲ ਹੋਈਆਂ ਸਨ।

ਨਿਰੀਖਣ ਦੌਰਾਨ ਐੱਸ.ਐੱਸ.ਪੀ. ਨੇ ਗਿਣਤੀ ਕੇਂਦਰਾਂ ਵਿਚ ਤੈਨਾਤ ਕਾਊਂਟਿੰਗ ਸਟਾਫ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਸੁਚੱਜੇਪਣ ਅਤੇ ਨਿਰਪੱਖਤਾ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਦੋਰਾਹਾ ਅਤੇ ਪਾਇਲ ਨਗਰ ਕੌਂਸਲ ਦੀਆਂ ਵੋਟਾਂ ਦੀ ਗਿਣਤੀ 29 ਮਈ ਨੂੰ ਸਵੇਰੇ 8 ਵਜੇ ਤੋਂ ਵੱਖ-ਵੱਖ ਗਿਣਤੀ ਕੇਂਦਰਾਂ ‘ਤੇ ਸ਼ੁਰੂ ਹੋਵੇਗੀ, ਜਿਸ ਲਈ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਦੋਰਾਹਾ ਦਾ ਗਿਣਤੀ ਕੇਂਦਰ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ, ਜਦਕਿ ਪਾਇਲ ਨਗਰ ਕੌਂਸਲ ਦਾ ਗਿਣਤੀ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਵਿਖੇ ਸਥਾਪਿਤ ਕੀਤਾ ਗਿਆ ਹੈ। ਦੋਵੇਂ ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਹਨ ਅਤੇ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਅੰਦਰ ਦਾਖ਼ਲ ਹੋਣ ਦੀ ਆਗਿਆ ਨਹੀਂ ਹੋਵੇਗੀ। ਐੱਸ.ਐੱਸ.ਪੀ. ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਨਦੇਹੀ ਨਾਲ ਪਾਲਣਾ ਕਰਦਿਆਂ ਵੋਟਾਂ ਦੀ ਗਿਣਤੀ ਦਾ ਸਾਰਾ ਕਾਰਜ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ, ਤਾਂ ਜੋ ਲੋਕਤੰਤਰ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾ ਸਕੇ।


author

Gurminder Singh

Content Editor

Related News