ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਦਰਸਾਈ ਜੀਵਨ-ਜਾਚ ਅਪਨਾਉਣ ਦਾ ਸੱਦਾ

Monday, May 22, 2023 - 11:49 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਮਾਨਵਤਾ, ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਲਈ ਆਪਣੀ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਸਿਰਤਾਜ ਅਤੇ ਸ਼ਾਂਤੀ ਦੇ ਪੁੰਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਦਰਸਾਈ ਗਈ ਜੀਵਨ-ਜਾਚ ਅਪਨਾਉਣ ਦਾ ਸੱਦਾ ਦਿੱਤਾ।

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੀ ਪੂਰਬਲੀ ਸ਼ਾਮ ਆਪਣੇ ਸੰਦੇਸ਼ 'ਚ ਸੰਧਵਾਂ ਨੇ ਕਿਹਾ ਕਿ ਪੰਚਮ ਪਾਤਿਸ਼ਾਹ ਨੇ ਧਰਮ ਅਤੇ ਸੱਚ ਦੀ ਰਾਖੀ ਲਈ ਲਾਸਾਨੀ ਸ਼ਹਾਦਤ ਦਿੱਤੀ ਤੇ ਇਸ ਅਜ਼ੀਮ ਸ਼ਹਾਦਤ ਨੇ ਹੀ ਮੁਲਕ 'ਚੋਂ ਜ਼ਾਲਮ ਮੁਗ਼ਲ ਹਕੂਮਤ ਦੇ ਖ਼ਾਤਮੇ ਦਾ ਮੁੱਢ ਬੰਨ੍ਹਿਆ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ, ਹੱਕ-ਸੱਚ ਦੇ ਮਾਰਗ ਦੇ ਪਾਂਧੀਆਂ ਲਈ ਹਮੇਸ਼ਾ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਪ੍ਰੇਰਣਾਸਰੋਤ ਬਣੀ ਰਹੇਗੀ।

ਇਹ ਵੀ ਪੜ੍ਹੋ : ਭਾਜਪਾ ਨਾਲ ਗਠਜੋੜ ਨੂੰ ਲੈ ਕੇ ਅਕਾਲੀ ਦਲ ਦਾ ਵੱਡਾ ਬਿਆਨ, ਬਸਪਾ ਬਾਰੇ ਵੀ ਕਹੀ ਇਹ ਗੱਲ

ਉਨ੍ਹਾਂ ਕਿਹਾ ਕਿ ਬਾਣੀ ਦੇ ਬੋਹਿਥ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਜਾਗਦੀ ਜੋਤ ਜਗਤ ਗੁਰੂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਪੂਰੇ ਸੰਸਾਰ ਦੇ ਲੋਕਾਂ ਨੂੰ ਅਜਿਹੀ ਅਦੁੱਤੀ ਅਤੇ ਵਿਲੱਖਣ ਦੇਣ ਹਨ, ਜਿਨ੍ਹਾਂ ਤੋਂ ਪੂਰੀ ਮਾਨਵਤਾ ਹਮੇਸ਼ਾ ਲਈ ਅਗਵਾਈ ਲੈਂਦੀ ਰਹੇਗੀ। ਉਨ੍ਹਾਂ ਕਿਹਾ ਕਿ ਮਹਾਨ ਗੁਰੂ ਜੀ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਅਪਨਾਉਣਾ ਅਤੇ ਹੱਕ-ਸੱਚ ਦੀ ਰਾਖੀ ਕਰਨ ਲਈ ਅੱਗੇ ਆਉਣਾ ਹੀ ਉਨ੍ਹਾਂ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਹੋਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News