ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ : ਰਾਣਾ ਕੇ. ਪੀ.

12/18/2017 2:00:30 PM

ਢੇਰ (ਗੁਰਭਾਗ)— ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਵਿਚ ਕੀਤਾ ਗਿਆ ਹਰ ਇਕ ਵਾਅਦਾ ਪੂਰਾ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਸ ਦੀ ਪਹਿਲ ਵੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੇ ਸਿੱਟੇ ਵਜੋਂ ਪੰਜਾਬ ਦੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ ਦੇ ਸੀਨੀਅਰ ਕਾਂਗਰਸੀ ਲੀਡਰ ਅਤੇ ਪਿੰਡ ਦੜੌਲੀ ਦੇ ਸਰਪੰਚ ਪਿਆਰਾ ਸਿੰਘ ਜਸਵਾਲ ਵੱਲੋਂ ਕੀਤੇ ਸਨਮਾਨ ਸਮਾਰੋਹ ਦੌਰਾਨ ਕੀਤਾ।
ਰਾਣਾ ਨੇ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਨੂੰ ਪੈਰਾਂ ਸਿਰ ਕਰਨ ਤੇ ਨਵੇਂ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾ ਰਹੀ ਹੈ। ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਨੂੰ ਪੰਜਾਬ ਵਿਚ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਪਿੰਡ ਹੰਬੇਵਾਲ ਵਿਖੇ ਕਰੋੜਾਂ ਦੀ ਲਾਗਤ ਨਾਲ ਹੁਨਰ ਵਿਕਾਸ ਕੇਂਦਰ ਸਥਾਪਿਤ ਕੀਤਾ ਜਾਵੇਗਾ, ਜਦਕਿ ਆਵਾਜਾਈ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਨੰਗਲ ਡੈਮ 'ਤੇ ਬਣਨ ਵਾਲੇ ਫਲਾਈਓਵਰ ਦਾ ਕੰਮ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ। 
ਇਸ ਮੌਕੇ ਕਮਲ ਜੋਸ਼ੀ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਅਜੇ ਕੁਮਾਰ ਉੱਪਲ, ਆਲਮ ਖਾਨ, ਮਾ. ਗੋਪਾਲ ਚੰਦ, ਪਵਨ ਕੁਮਾਰ ਨੰਬਰਦਾਰ, ਕੁੰਦਨ ਸ਼ਰਮਾ, ਡੀ. ਐੱਸ. ਪੀ. ਆਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ, ਐੱਸ. ਐੱਚ. ਓ. ਪਵਨ ਕੁਮਾਰ, ਚੌਕੀ ਇੰਚਾਰਜ ਨਰਿੰਦਰ ਸਿੰਘ ਬਜਰੂੜ ਆਦਿ ਹਾਜ਼ਰ ਸਨ।