ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ, ਨਵੀਂ ਵੋਟ ਬਣਵਾਉਣ ਦਾ ਸੁਨਹਿਰੀ ਮੌਕਾ
Saturday, Sep 05, 2026 - 08:29 AM (IST)
ਜਲੰਧਰ (ਚੋਪੜਾ) : ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਲਈ ਜਲੰਧਰ ਦੇ ਰੋਲ ਆਬਜ਼ਰਵਰ ਨਿਯੁਕਤ ਕੀਤੇ ਗਏ ਡਵੀਜ਼ਨਲ ਕਮਿਸ਼ਨਰ ਜਲੰਧਰ ਰਾਮਵੀਰ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਧਿਕਾਰੀ ਵਰਜੀਤ ਵਾਲੀਆ, ਐੱਮ. ਪੀ./ਐੱਮ.ਐੱਲ. ਏਜ਼. ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਐੱਸ. ਆਈ. ਆਰ. ਪ੍ਰਕਿਰਿਆ ਦੀ ਤਰੱਕੀ ਅਤੇ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਬਣਾਉਣ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਰਾਮਵੀਰ ਨੇ ਕਿਹਾ ਕਿ ਐੱਸ. ਆਈ. ਆਰ. ਦਾ ਉਦੇਸ਼ ਸ਼ੁੱਧ, ਸਹੀ ਅਤੇ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਉਨ੍ਹਾਂ ਜ਼ੋਰ ਦਿੰਦੇ ਹੋਏ ਕਿਹਾ ਕਿ ਜਲੰਧਰ ਦਾ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਯੋਗ ਨਾਗਰਿਕ ਦਾ ਨਾਂ ਡਰਾਫ਼ਟ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਹੈ ਜਾਂ ਕੋਈ ਨਵੀਂ ਵੋਟ ਬਣਵਾਉਣੀ ਚਾਹੁੰਦਾ ਹੈ ਤਾਂ ਉਹ ਜ਼ਰੂਰੀ ਦਸਤਾਵੇਜ਼ਾਂ ਸਮੇਤ ਤੈਅ ਫਾਰਮ ਆਪਣੇ ਬੀ. ਐੱਲ. ਓ. ਕੋਲ 12 ਸਤੰਬਰ ਤਕ ਜਮ੍ਹਾ ਕਰਵਾ ਸਕਦਾ ਹੈ।
ਇਹ ਵੀ ਪੜ੍ਹੋ : ਦਿਨ-ਦਿਹਾੜੇ ਨੌਜਵਾਨ ਅਗਵਾ! ਜ਼ਬਰਦਸਤੀ ਗੱਡੀ 'ਚ ਬਿਠਾ ਕੇ ਲੈ ਗਏ ਮੁਲਜ਼ਮ
ਉਨ੍ਹਾਂ ਦੱਸਿਆ ਕਿ 6 ਸਤੰਬਰ ਨੂੰ ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਾਏ ਜਾਣਗੇ। ਇਨ੍ਹਾਂ ਕੈਂਪਾਂ ਵਿਚ ਬੀ. ਐੱਲ. ਓ. ਮੌਜੂਦ ਰਹਿ ਕੇ ਨਾਗਰਿਕਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਸਿਆਸੀ ਪਾਰਟੀਆਂ ਤੋਂ ਆਪਣੇ ਬੂਥ ਲੈਵਲ ਏਜੰਟਾਂ ਨੂੰ ਕੈਂਪ ਸਬੰਧੀ ਜਾਣਕਾਰੀ ਦੇ ਕੇ ਬੀ. ਐੱਲ. ਓਜ਼ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਰਾਮਵੀਰ ਨੇ ਦੱਸਿਆ ਕਿ 1 ਅਕਤੂਬਰ 2026 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਨਵੀਂ ਵੋਟ ਲਈ ਫਾਰਮ ਨੰਬਰ 6, ਐੱਨ. ਆਰ. ਆਈ. ਵੋਟਰਾਂ ਲਈ ਫਾਰਮ 6ਏ, ਨਾਂ ਹਟਾਉਣ ਲਈ ਫਾਰਮ 7 ਅਤੇ ਸੋਧ ਜਾਂ ਤਬਦੀਲੀ ਲਈ ਫਾਰਮ 8 ਜਮ੍ਹਾ ਕਰਵਾਏ ਜਾ ਸਕਦੇ ਹਨ। ਇਹ ਪ੍ਰਕਿਰਿਆ ਆਨਲਾਈਨ ਵੀ ਪੂਰੀ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ ਤਕ ਹੋਵੇਗਾ, ਜਦਕਿ ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਜਾਣਕਾਰੀ ਰੋਲ ਆਬਜ਼ਰਵਰ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਐੱਸ. ਆਈ. ਆਰ. ਪ੍ਰਕਿਰਿਆ ਨੂੰ ਨਿਰਵਿਘਨ ਅਤੇ ਉਚਿਤ ਢੰਗ ਨਾਲ ਅੰਜਾਮ ਦੇਣ ਲਈ ਯਤਨਸ਼ੀਲ ਹੈ। ਮੀਟਿੰਗ ਵਿਚ ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
