ਅਕਾਲੀ ਸਰਕਾਰ ਬਣਨ ’ਤੇ ਕਾਂਗਰਸ ਦੇ ਘਪਲਿਆਂ ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ਬਿਠਾਇਆ ਜਾਵੇਗਾ : ਬਾਦਲ

Monday, Sep 27, 2021 - 12:18 AM (IST)

ਲੁਧਿਆਣਾ(ਪਾਲੀ, ਮੁੱਲਾਂਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭ੍ਰਿਸ਼ਟਾਚਾਰ ’ਚ ਡੁੱਬੇ ਕਾਂਗਰਸ ਦੇ ਸਾਰੇ ਮੰਤਰੀਆਂ ਨੂੰ ਕਿਹਾ ਕਿ 2022 ਵਿਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਬਣਨ ’ਤੇ ਉਨ੍ਹਾਂ ਦੇ ਗੁਨਾਹਾਂ ਦੀ ਪੜਤਾਲ ਲਈ ਵਿਸ਼ੇਸ਼ ਜਾਂਚ ਕਮਿਸ਼ਨ ਗਠਿਤ ਕੀਤਾ ਜਾਵੇਗਾ। ਇਹ ਸ਼ਬਦ ਪ੍ਰਧਾਨ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕਹੇ।

ਇਹ ਵੀ ਪੜ੍ਹੋ- ਦੋ ਵਾਰ ਜਿੱਤੇ 4 ਵਿਧਾਇਕਾਂ ਨੂੰ ਚੰਨੀ ਨੇ ਬਣਾਇਆ ਮੰਤਰੀ

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹ ਨਾ ਸਮਝੇ ਕਿ ਕੁਝ ਭ੍ਰਿਸ਼ਟ ਮੰਤਰੀਆਂ ਨੂੰ ਬਾਹਰ ਕਰਨ ਨਾਲ ਉਸ ਦੇ ਗੁਨਾਹ ਧੋਤੇ ਜਾਣਗੇ ਤੇ ਕੈਬਨਿਟ ਦੇ ਬਾਕੀ ਸਾਥੀ ਦੁੱਧ ਧੋਤੇ ਹੋ ਜਾਣਗੇ। ਸੱਚਾਈ ਇਹ ਹੈ ਕਿ ਸਾਰੀ ਕਾਂਗਰਸ ਪਾਰਟੀ ਹੀ ਭ੍ਰਿਸ਼ਟਾਚਾਰ ’ਚ ਡੁੱਬੀ ਹੋਈ ਹੈ। ਕਾਂਗਰਸ ਦੇ ਮੰਤਰੀਆਂ ਨੇ ਹਜ਼ਾਰਾਂ ਕਰੋੜਾਂ ਰੁਪਏ ਦੇ ਸਕੈਂਡਲ ਕਰਵਾਏ ਹਨ। ਉਹ ਪੰਜਾਬੀਆਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਸੂਬੇ ’ਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਬਣਨ ’ਤੇ ਭ੍ਰਿਸ਼ਟਾਚਾਰ ਦੇ ਇਨ੍ਹਾਂ ਸਾਰੇ ਮਾਮਲਿਆਂ ਦੀ ਵਿਸ਼ੇਸ਼ ਕਮਿਸ਼ਨ ਤੋਂ ਜਾਂਚ ਕਰਵਾਈ ਜਾਵੇਗੀ ਅਤੇ ਜੋ ਵੀ ਪੰਜਾਬੀਆਂ ਤੇ ਸੂਬੇ ਨੂੰ ਲੁੱਟਣ ਦੇ ਦੋਸ਼ੀ ਹੋਣਗੇ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਸ. ਬਾਦਲ ਨੇ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਕਾਂਗਰਸ ਕਾਰਜਕਾਲ ਦੌਰਾਨ ਪਿਛਲੇ 3 ਮਹੀਨਿਆਂ ਵਿਚ ਲਏ ਗਏ ਸਾਰੇ ਫੈਸਲਿਆਂ ਦੀ ਸਮੀਖਿਆ ਕਰੇਗੀ। ਕਾਂਗਰਸੀਆਂ ਜਾਂ ਉਨ੍ਹਾਂ ਦੇ ਨੇੜਲਿਆਂ ਨੂੰ ਅਮੀਰ ਬਣਾਉਣ ਵੱਲ ਸੇਧਤ ਸਾਰੇ ਫੈਸਲੇ ਰੱਦ ਕੀਤੇ ਜਾਣਗੇ।

ਇਹ ਵੀ ਪੜ੍ਹੋ- ਚੰਨੀ ਮੰਤਰੀ ਮੰਡਲ 'ਚ ਮਾਲਵਾ ਦਾ ਬੋਲਬਾਲਾ, ਦੋਆਬਾ ਨੂੰ ਮਿਲਿਆ ਸਭ ਤੋਂ ਘੱਟ ਸ਼ੇਅਰ

ਅਕਾਲੀ ਦਲ ਨੇ ਤਾਂ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਨਵਾਂ ਮੁੱਖ ਮੰਤਰੀ ਨਿਯੁਕਤ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਪਰ ਇਹ ਵੇਖ ਕੇ ਮਨ ਬਹੁਤ ਹੀ ਦੁਖੀ ਹੋ ਰਿਹਾ ਹੈ ਕਿ ਮੌਜੂਦਾ ਮੁੱਖ ਮੰਤਰੀ ’ਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣਾ ਪਰਛਾਵਾਂ ਭਾਰੂ ਕਰ ਲਿਆ ਹੈ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਚਲਾਉਣ ’ਚ ਚੰਨੀ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਚੰਨੀ ਦੇ ਸਾਹਮਣੇ ਫਾਈਲਾਂ ਸਿਰਫ ਉਨ੍ਹਾਂ ਦੇ ਹਸਤਾਖ਼ਰ ਵਾਸਤੇ ਪੇਸ਼ ਕੀਤੀਆਂ ਜਾ ਰਹੀਆਂ ਹਨ। ਇਹ ਸਰਵਉਚ ਅਹੁਦੇ ਦਾ ਮਾਣ ਤੇ ਸਤਿਕਾਰ ਨਹੀਂ ਹੈ।

ਇਹ ਵੀ ਪੜ੍ਹੋ- ਵਿਧਾਇਕਾਂ ਨੂੰ ਅਡਜਸਟ ਕਰਨ ਲਈ ਲਗਾਇਆ ਜਾ ਸਕਦੈ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ

ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਸਨਮਾਨ ਕਰਨਾ ਚਾਹੀਦਾ ਹੈ ਤੇ ਚੰਨੀ ਨੂੰ ਉਨ੍ਹਾਂ ਨੂੰ ਮਿਲੇ ਫਤਵੇ ਅਨੁਸਾਰ ਫੈਸਲੇ ਲੈਣ ਦੇਣੇ ਚਾਹੀਦੇ ਹਨ ਨਾ ਕਿ ਉਨ੍ਹਾਂ ਨੂੰ ਰਬੜ ਦੀ ਮੋਹਰ ਸਮਝਣਾ ਚਾਹੀਦਾ ਹੈ। ਇਸ ਮੌਕੇ ਅਨਿਲ ਜੋਸ਼ੀ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ, ਵਿਜੇ ਦਾਨਵ, ਮਨਪ੍ਰੀਤ ਸਿੰਘ ਇਆਲੀ, ਪ੍ਰਿਤਪਾਲ ਸਿੰਘ ਪਾਲੀ, ਹਰੀਸ਼ ਰਾਏ ਢਾਂਡਾ, ਕਮਲ ਚੇਤਲੀ, ਗੁਰਦੀਪ ਸਿੰਘ ਗੋਸ਼ਾ ਆਦਿ ਸ਼ਾਮਲ ਸਨ।


Bharat Thapa

Content Editor

Related News