ਪਾਣੀ ਦਾ ਪੱਧਰ ਉੱਚਾ ਚੁੱਕਣ ਸਬੰਧੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ

Tuesday, Sep 14, 2021 - 09:45 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਗਠਿਤ ਕੀਤੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਆਪਣੀ ਰਿਪੋਰਟ ਅੱਜ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 4 ਮਾਰਚ, 2021 ਨੂੰ ਸਦਨ ’ਚ ਵਿਚਾਰ ਚਰਚਾ ਦੌਰਾਨ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਕ ਵਿਸ਼ੇਸ਼ ਕਮੇਟੀ ਦੇ ਗਠਨ ਦੀ ਮੰਗ ਉੱਠੀ ਸੀ ਤਾਂ ਜੋ ਇਸ ਗੰਭੀਰ ਵਿਸ਼ੇ ਦਾ ਵਿਸਥਾਰਤ ਅਧਿਐਨ ਕਰਕੇ ਕਮੇਟੀ ਆਪਣੀਆਂ ਸਿਫਾਰਸ਼ਾਂ ਦੇਵੇ। ਇਸ ਸਬੰਧੀ ਸਪੀਕਰ ਰਾਣਾ ਕੇ. ਪੀ. ਸਿੰਘ ਨੇ 24 ਮਾਰਚ, 2021 ਨੂੰ ਇਕ 6 ਮੈਂਬਰੀ ਕਮੇਟੀ ਬਣਾਈ ਸੀ ਜਿਸ ਦੇ ਸਭਾਪਤੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਬਣਾਇਆ ਗਿਆ ਸੀ। ਬਾਕੀ ਮੈਂਬਰਾਂ ਵਿਚ ਹਰਪ੍ਰਤਾਪ ਸਿੰਘ ਅਜਨਾਲਾ, ਗੁਰਪ੍ਰਤਾਪ ਸਿੰਘ ਵਡਾਲਾ, ਹਰਦੇਵ ਸਿੰਘ ਲਾਡੀ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਗੁਰਮੀਤ ਸਿੰਘ ਹੇਅਰ ਨੂੰ ਸ਼ਾਮਲ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐੱਨ. ਏ. ਬੀ. ਐੱਚ. ਵਲੋਂ ਮਿਲੀ ਮਾਨਤਾ

ਇਸ ਕਮੇਟੀ ਦਾ ਸਹਿਯੋਗ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ। ਕਮੇਟੀ ਵੱਲੋਂ ਜਲ ਸਰੋਤ ਵਿਭਾਗ ਦੇ ਮਾਹਰਾਂ ਅਤੇ ਇਜ਼ਰਾਇਲ ਦੀ ਕੰਪਨੀ ਮੈਕਰੋਟ ਵੱਲੋਂ ਦਿੱਤੇ ਸੁਝਾਵਾਂ ਨੂੰ ਵੀ ਆਪਣੀ ਰਿਪੋਰਟ ਵਿਚ ਸ਼ਾਮਲ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਪਹਿਲਾਂ ਹੀ ਇਜ਼ਰਾਇਲੀ ਕੰਪਨੀ ਮੈਕਰੋਟ ਦੀਆਂ ਸੇਵਾਵਾਂ ਲੈ ਰਹੀ ਹੈ। ਅੱਜ ਕਮੇਟੀ ਦੇ ਸਭਾਪਤੀ ਰਾਣਾ ਗੁਰਜੀਤ ਸਿੰਘ ਅਤੇ ਮੈਂਬਰਾਂ ਹਰਪ੍ਰਤਾਪ ਸਿੰਘ ਅਜਨਾਲਾ, ਹਰਦੇਵ ਸਿੰਘ ਲਾਡੀ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਸਥਾਰਤ ਰਿਪੋਰਟ ਸਪੀਕਰ ਨੂੰ ਸੌਂਪ ਦਿੱਤੀ ਹੈ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਇਸ ਰਿਪੋਰਟ ਨੂੰ ਯੋਗ ਕਾਰਵਾਈ ਰਾਹੀਂ ਸਰਕਾਰ ਤੱਕ ਪਹੁੰਚਦੀ ਕਰਨਗੇ ਤਾਂ ਜੋ ਇਸ ‘ਤੇ ਢੁਕਵੀਂ ਕਾਰਵਾਈ ਕਰਵਾਈ ਜਾ ਸਕੇ। 

ਇਹ ਵੀ ਪੜ੍ਹੋ : ਵਿਧਾਨ ਸਭਾ ਦਾ ਲੰਬਿਤ ਪਿਆ ਮਾਨਸੂਨ ਇਜਲਾਸ ਤੁਰੰਤ ਸੱਦੇ ਸਰਕਾਰ : ਹਰਪਾਲ ਸਿੰਘ ਚੀਮਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News