ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ’ਚ ਵਿਸ਼ੇਸ਼ ਯੋਗਦਾਨ: ਕੁਲਦੀਪ ਧਾਲੀਵਾਲ
Tuesday, Dec 27, 2022 - 02:07 AM (IST)
ਚੰਡੀਗੜ੍ਹ/ਮੋਗਾ (ਬਿਊਰੋ) : ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ’ਚ ਵਿਸ਼ੇਸ਼ ਯੋਗਦਾਨ ਹੈ। ਰੰਗਲੇ ਪੰਜਾਬ ਦੀ ਸਹੀ ਅਰਥਾਂ ’ਚ ਕਲਪਨਾ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਕੀਤੀ ਜਾ ਸਕਦੀ। ਇਹ ਪ੍ਰਗਟਾਵਾ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਮੋਗਾ ਸਥਿਤ ਆਈ. ਐੱਸ. ਐੱਫ. ਕਾਲਜ ਵਿਖੇ ਕਰਵਾਏ ਗਏ “ਐੱਨ. ਆਰ. ਆਈ. ਪੰਜਾਬੀਆਂ ਨਾਲ ਮਿਲਣੀ” ਪ੍ਰੋਗਰਾਮ ਦੌਰਾਨ ਐੱਨ. ਆਰ. ਆਈ. ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ’ਚ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵਿਸ਼ੇਸ਼ ਪਾਲਿਸੀ ਤਿਆਰ ਕਰ ਰਹੀ ਹੈ। ਐੱਨ. ਆਰ. ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਤੇ ਉਸ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ’ਚ ਦੋ ਵਾਰ ਐੱਨ. ਆਰ. ਆਈ. ਮਿਲਣੀਆਂ ਆਯੋਜਿਤ ਕਰੇਗੀ। ਪੰਜਾਬ ਸਰਕਾਰ ਦੁਨੀਆ ਭਰ ਦੇ ਦੇਸ਼ਾਂ ’ਚ ਵਸ ਰਹੇ ਪੰਜਾਬੀਆਂ ਨੂੰ ਇਹ ਸੱਦਾ ਦਿੰਦੀ ਹੈ ਕਿ ਪੰਜਾਬ ਤੁਹਾਡਾ ਹੈ, ਤੁਸੀਂ ਪੰਜਾਬ ਆਓ, ਪੰਜਾਬ ਸਰਕਾਰ ਤੁਹਾਡੀਆਂ ਜ਼ਮੀਨਾਂ ਦੀ ਰਾਖੀ, ਤੁਹਾਡੇ ਜਾਨ ਮਾਲ ਦੀ ਰਾਖੀ ਅਤੇ ਤੁਹਾਡੇ ਕਾਰੋਬਾਰ ਦੀ ਰਾਖੀ ਲਈ ਵਚਨਬੱਧ ਹੈ।
ਇਹ ਖ਼ਬਰ ਵੀ ਪੜ੍ਹੋ : ‘ਸੁਸ਼ਾਂਤ ਸਿੰਘ ਰਾਜਪੂਤ ਦਾ ਹੋਇਆ ਸੀ ਕਤਲ’, ਪੋਸਟਮਾਰਟਮ ਕਰਨ ਵਾਲੇ ਸ਼ਖ਼ਸ ਨੇ ਕੀਤਾ ਵੱਡਾ ਦਾਅਵਾ
ਅੱਜ ਦੇ ਸਮਾਗਮ ’ਚ ਜ਼ਿਲ੍ਹਾ ਮੋਗਾ, ਜ਼ਿਲ੍ਹਾ ਫਾਜ਼ਿਲਕਾ, ਜ਼ਿਲ੍ਹਾ ਫਿਰੋਜ਼ਪੁਰ, ਜ਼ਿਲ੍ਹਾ ਬਠਿੰਡਾ, ਜ਼ਿਲ੍ਹਾ ਮਾਨਸਾ, ਜ਼ਿਲ੍ਹਾ ਫ਼ਰੀਦਕੋਟ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪ੍ਰਵਾਸੀਆਂ ਪੰਜਾਬੀਆਂ ਵੱਲੋਂ ਸ਼ਿਰਕਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫੈਸਲਾ ਲਿਆ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫਤਰਾਂ ’ਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ’ਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਜ਼ਿਲ੍ਹਾ ਲੁਧਿਆਣਾ ਵਿਖੇ ਕੀਤੇ ਗਏ ਪ੍ਰੋਗਰਾਮ ਤੋਂ ਬਾਅਦ ਜ਼ਿਲ੍ਹਾ ਮੋਗਾ ਵਿਖੇ ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ ਦਾ ਸਮਾਗਮ ਕਰਵਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਮਾਂ ਦੀ ਆਖ਼ਰੀ ਇੱਛਾ ਪੂਰੀ ਕਰਨ ਲਈ ਧੀ ਨੇ ICU ’ਚ ਕਰਵਾਇਆ ਵਿਆਹ, ਆਸ਼ੀਰਵਾਦ ਦਿੰਦਿਆਂ ਹੀ ਕਿਹਾ ਅਲਵਿਦਾ
ਉਨ੍ਹਾਂ ਦੱਸਿਆ ਕਿ ਸਰਕਾਰ ਇਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਪ੍ਰਵਾਸੀਆਂ ਦੇ ਮੁੱਖ ਮਸਲੇ ਉਨ੍ਹਾਂ ਦੀਆਂ ਜ਼ਮੀਨ-ਜਾਇਦਾਦਾਂ, ਕਾਰੋਬਾਰ ਅਤੇ ਪਰਿਵਾਰਕ ਝਗੜੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ’ਚ ਕੰਟਰੈਕਟ ਵਿਆਹ ਦਾ ਟਰੈਂਡ ਸਾਹਮਣੇ ਆਇਆ ਹੈ, ਅਜਿਹੇ ਕੇਸਾਂ ’ਚ ਆਈਲੈਟਸ ਪਾਸ ਕੁੜੀ ਨਾਲ ਕੰਟਰੈਕਟ ਵਿਆਹ ਕਰਕੇ ਮੁੰਡੇ ਵਾਲੇ ਉਸ ਨੂੰ ਬਾਹਰ ਭੇਜਦੇ ਹਨ ਪਰ ਮਗਰੋਂ ਕੁੜੀ ਦੇ ਬਾਹਰ ਜਾਣ ’ਤੇ ਉਨ੍ਹਾਂ ਦਾ ਆਪਸੀ ਝਗੜਾ ਹੋ ਜਾਂਦਾ ਹੈ ਅਤੇ ਕੁੜੀ ਮੁੰਡੇ ਨੂੰ ਬਾਹਰ ਲਿਜਾਉਣ ਤੋਂ ਮੁਨਕਰ ਹੋ ਜਾਂਦੀ ਹੈ। ਧਾਲੀਵਾਲ ਨੇ ਸਮੂਹ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਪ੍ਰਵਾਸੀ ਪੰਜਾਬ ਜੋ ਵਿਦੇਸ਼ ਵਿੱਚ ਬੈਠਾ ਹੈ ਅਤੇ ਉਸਦਾ ਪੰਜਾਬ ਨਾਲ ਸਬੰਧਤ ਕੋਈ ਵੀ ਮਾਮਲਾ ਪੈਂਡਿੰਗ ਹੈ ਤਾਂ ਇਹ ਜ਼ਰੂਰੀ ਨਹੀਂ, ਉਹ ਨਿੱਜੀ ਤੌਰ ’ਤੇ ਪੰਜਾਬ ਆ ਕੇ ਸਾਡੇ ਅੱਗੇ ਪੇਸ਼ ਹੋ ਕੇ ਆਪਣੇ ਮਸਲੇ ਦੇ ਹੱਲ ਲਈ ਫਰਿਆਦ ਕਰਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਪਿੰਡਾਂ ’ਚ ਰਹਿੰਦੇ ਆਪਣੇ ਸਾਕ-ਸਬੰਧੀਆਂ ਰਾਹੀਂ ਆਪਣੀਆਂ ਦਰਖਾਸਤਾਂ ਸਾਡੇ ਸਾਹਮਣੇ ਪੇਸ਼ ਕਰ ਸਕਦੇ ਹਨ ਅਤੇ ਸਰਕਾਰ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਮਸਲਿਆਂ ਦਾ ਨਿਪਟਾਰਾ ਕਰੇਗੀ।
ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐੱਨ. ਆਰ. ਆਈਜ਼ ਦੇ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਸਥਾਪਨਾ ਛੇਤੀ ਤੋਂ ਛੇਤੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੇ ਮਾਮਲੇ ਘੱਟੋ-ਘੱਟ ਸਮੇਂ ’ਚ ਨਿਪਟਾਏ ਜਾ ਸਕਣ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਬਚ ਸਕੇ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਾ ਪੱਧਰ ’ਤੇ ਮਸਲਿਆਂ ਦੀ ਸੁਣਵਾਈ ਲਈ ਪੰਜਾਬ ਸਰਕਾਰ ਵੱਲੋਂ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ, ਜਿਹੜੇ ਸਿਰਫ਼ ਐੱਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਦਿ ਦਾ ਸਮੇਂ ਸਿਰ ਢੁੱਕਵੇਂ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣਗੇ। ਐੱਨ. ਆਰ. ਆਈ. ਪੰਜਾਬੀਆਂ ਨਾਲ ਮਿਲਣੀ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਵਾਰ ਕਾਊਂਟਰ ਸਥਾਪਿਤ ਕੀਤੇ ਗਏ ਸਨ, ਜਿਥੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੇ ਮਸਲੇ ਸੁਣ ਕੇ ਹੱਲ ਦੀ ਪ੍ਰਕਿਰਿਆ ਨੂੰ ਅਮਲ ’ਚ ਲਿਆ ਰਹੇ ਸਨ। ਇਸ ਦੌਰਾਨ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।