ਗੁਰੂ ਨਾਨਕ ਕਾਲਜ ’ਚ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ NDA ਦੀ ਤਿਆਰੀ ਕਰਵਾਉਣ ਲਈ ਵਿਸ਼ੇਸ਼ ਉਪਰਾਲਾ

Friday, Jul 04, 2025 - 01:53 AM (IST)

ਗੁਰੂ ਨਾਨਕ ਕਾਲਜ ’ਚ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ NDA ਦੀ ਤਿਆਰੀ ਕਰਵਾਉਣ ਲਈ ਵਿਸ਼ੇਸ਼ ਉਪਰਾਲਾ

ਬੁਢਲਾਡਾ (ਮਨਜੀਤ, ਬਾਂਸਲ, ਗਰਗ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਸਕੱਤਰ ਵਿੱਦਿਆ ਇੰਜੀਨੀਅਰ ਸ. ਸੁਖਮਿੰਦਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਕੂਲਾਂ ਅਤੇ ਕਾਲਜੀਏਟ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਐੱਨ. ਡੀ. ਏ. (ਨੈਸ਼ਨਲ ਡਿਫੈਂਸ ਅਕੈਡਮੀ) ਦੀ ਪ੍ਰੀਖਿਆ ਦੀ ਤਿਆਰੀ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਆਰੰਭ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਵੱਖ-ਵੱਖ ਸਕੂਲਾਂ ਅਤੇ ਕਾਲਜੀਏਟ ਸਕੂਲਾਂ ਦੇ ਕੋਆਰਡੀਨੇਟਰਾਂ ਦੀ ਮੀਟਿੰਗ ਵਿਚ ਫੈਸਲਾ ਹੋਇਆ ਹੈ ਕਿ ਜਿਹੜੇ ਵਿਦਿਆਰਥੀ ਐੱਨ. ਡੀ. ਏ. ਦੀ ਪ੍ਰੀਖਿਆ ਪਾਸ ਕਰ ਕੇ ਭਾਰਤੀ ਫੌਜ ਵਿਚ ਅਫਸਰ ਦੇ ਤੌਰ ’ਤੇ ਆਪਣਾ ਕਰੀਅਰ ਸ਼ੁਰੂ ਕਰਨਾ ਚਾਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਲਿਖਤੀ ਪ੍ਰੀਖਿਆ ਦੀ ਵਿਸ਼ੇਸ਼ ਤਿਆਰੀ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਫਿਜ਼ੀਕਲ ਫਿਟਨੈੱਸ ਟਰੇਨਿੰਗ ਵੀ ਨਾਲ ਨਾਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਸਬੰਧ ’ਚ ਜੋ ਵੀ ਇੰਫਰਾਸਟੱਕਚਰ ਦੀ ਜ਼ਰੂਰਤ ਹੋਵੇਗੀ ਤਾਂ ਡਾਇਰੈਕਟੋਰੇਟ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਇਨ੍ਹਾਂ ਵਿਦਿਆਰਥੀਆਂ ਨੂੰ ਉੱਚ ਕੋਟੀ ਦੀ ਟ੍ਰੇਨਿੰਗ ਦੇ ਕੇ ਐੱਨ. ਡੀ. ਏ. ਦੀ ਪ੍ਰੀਖਿਆ ਪਾਸ ਕਰਨ ਦੇ ਕਾਬਲ ਬਣਾਇਆ ਜਾਵੇਗਾ। ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਸਕੂਲਾਂ ਵਿਚ ਐੱਨ. ਸੀ. ਸੀ. ਦੇ ਵਿੰਗ ਸਥਾਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਨੇਵੀ ਅਤੇ ਏਅਰ ਫੋਰਸ ਦੇ ਵਿੰਗ ਸਥਾਪਤ ਕੀਤੇ ਜਾਣਗੇ ਤਾਂ ਜੋ ਵਿਦਿਆਰਥੀਆਂ ’ਚ ਅਨੁਸ਼ਾਸਨ ਅਤੇ ਸਮਰਪਣ ਦੀ ਭਾਵਨਾ ਪੈਦਾ ਕੀਤੀ ਜਾ ਸਕੇ। ਇਸ ਮੀਟਿੰਗ ਵਿਚ ਵੱਖ-ਵੱਖ ਸਕੂਲਾਂ ਅਤੇ ਕਾਲਜੀਏਟ ਸਕੂਲਾਂ ਦੇ 64 ਦੇ ਕਰੀਬ ਕੋਆਰਡੀਨੇਟਰਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ।


author

Inder Prajapati

Content Editor

Related News