ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਇਆ ਘਰਾਂ ''ਚ ਨਿਸ਼ਾਨ ਸਾਹਿਬ ਲਹਿਰਾਉਣ ਦਾ ਫਰਮਾਨ
Friday, Apr 12, 2024 - 12:45 AM (IST)
ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ, ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਇਕ ਬਿਆਨ ਜਾਰੀ ਕਰ ਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਧਾਨ ਗਿਆਨੀ ਰਘਬੀਰ ਸਿੰਘ ਦੀ ਹਾਜ਼ਰੀ 'ਚ ਹੋਈ ਬੈਠਕ 'ਚ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ, ਜਿਸ ਤੋਂ ਬਾਅਦ ਸਿੱਖ ਸੰਗਤਾਂ ਨੂੰ ਇਕ ਖ਼ਾਸ ਹੁਕਮ ਸੁਣਾਇਆ ਗਿਆ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ 5 ਸਿੰਘ ਸਾਹਿਬਾਨਾਂ ਦੀ ਮੌਜੂਦਗੀ 'ਚ ਹੋਈ ਮੀਟਿੰਗ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ 13 ਅਪ੍ਰੈਲ ਦਿਨ ਸ਼ਨੀਵਾਰ ਨੂੰ ਮਨਾਏ ਜਾ ਰਹੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਸਾਰੇ ਸਿੱਖ ਆਪਣੇ ਘਰਾਂ, ਦੁਕਾਨਾਂ ਅਤੇ ਗੁਰਦੁਆਰਾ ਸਾਹਿਬ 'ਚ ਖਾਲਸਾਈ ਨਿਸ਼ਾਨ ਸਾਹਿਬ ਲਹਿਰਾਉਣ। ਇਸ ਦੌਰਾਨ ਉਨ੍ਹਾਂ ''ਝੂਲਤੇ ਨਿਸ਼ਾਨ ਰਹੇਂ ਪੰਥ ਮਹਾਰਾਜ ਕੇ'' ਦਾ ਨਾਅਰਾ ਵੀ ਦਿੱਤਾ।
ਇਸ ਹੁਕਮ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਸੰਗਤ ਨੂੰ ਖਾਲਸਾਈ ਝੰਡੇ ਮੁਹੱਈਆ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਅੰਦਰ ਖਾਲਸਾਈ ਝੰਡਿਆਂ ਦਾ ਪ੍ਰਬੰਧ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹਰ ਗੁਰਦੁਆਰਾ ਸਾਹਿਬਾਨ ਤੋਂ ਸੰਗਤਾਂ ਲੋੜ ਅਨੁਸਾਰ ਖਾਲਸਈ ਝੰਡੇ ਪ੍ਰਾਪਤ ਕਰ ਸਕਦੀਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e