ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਵੱਲੋਂ ਸੱਤ ਅਹਿਮ ਬਿੱਲ ਪਾਸ
Wednesday, Oct 21, 2020 - 06:12 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਪ੍ਰਧਾਨਗੀ ਹੇਠ ਬੁਲਾਏ ਵਿਸ਼ੇਸ਼ ਸਦਨ ਦੇ ਅੰਤਿਮ ਦਿਨ ਸੱਤ ਮਹੱਤਵਪੂਰਨ ਬਿੱਲ ਪਾਸ ਕੀਤੇ। ਵਿਧਾਨ ਸਭਾ ਸੈਸ਼ਨ ਵਿਚ 'ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹੀ ਕਦੀਮ, ਸੌਂਜੀਦਾਰ ਜਾਂ ਤਾਰਦਾਦਕਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020, 'ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ, 2020, 'ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ 2020, 'ਪੰਜਾਬ ਟਿਸ਼ੂ ਕਲਚਰ ਬੇਸਡ ਸੀਡ ਪੋਟੈਟੋ ਬਿੱਲ, 2020', 'ਪੰਜਾਬ ਲੈਂਡ ਰੈਵੇਨਿਊ (ਸੋਧ) ਬਿੱਲ, 2020', ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਬੰਦੋਬਸਤ) ਅਲਾਟਮੈਂਟ ਆਫ ਸਟੇਟ ਗਵਰਨਮੈਂਟ ਲੈਂਡ ਬਿੱਲ ਅਤੇ 'ਫੈਕਟਰੀ (ਪੰਜਾਬ ਸੋਧ) ਬਿੱਲ, 2020' ਪਾਸ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ, 2020 ਪੇਸ਼ ਕੀਤਾ। ਬਹੁ-ਮੈਂਬਰੀ ਕਮਿਸ਼ਨ ਦੀ ਸਥਾਪਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਦੇ ਕੰਮਾਂ ਵਿਚ ਹੋਰ ਪਾਰਦਰਸ਼ਤਾ ਲਿਆਉਣਾ ਅਤੇ ਭ੍ਰਿਸ਼ਟਾਚਾਰ ਨੂੰ ਰੋਕਣਾ ਹੈ। ਵਿਜੀਲੈਂਸ ਬਿਊਰੋ ਅਤੇ ਸੂਬਾ ਸਰਕਾਰ ਦੇ ਸਾਰੇ ਵਿਭਾਗਾਂ ਦੇ ਕੰਮਕਾਜ 'ਤੇ ਨਿਗਰਾਨੀ ਕਰਨ ਲਈ ਕਮਿਸ਼ਨ ਨੂੰ ਇਕ ਸੁਤੰਤਰ ਸੰਸਥਾ ਵਜੋਂ ਦਰਸਾਇਆ ਗਿਆ ਤਾਂ ਜੋ ਬੇਦਾਗ਼, ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ। ਇਹ ਕਮਿਸ਼ਨ ਵਿਜੀਲੈਂਸ ਬਿਊਰੋ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੀ ਕਾਰਜ ਪ੍ਰਣਾਲੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਨਿਯੰਤਰਣ ਕਰੇਗਾ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਵਲੋਂ ਖੇਤੀ ਬਿੱਲ ਪਾਸ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ
ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਵਿਜੀਲੈਂਸ ਬਿਊਰੋ ਵਲੋਂ ਪੜਤਾਲੇ ਗਏ ਮਾਮਲਿਆਂ ਦੀ ਪ੍ਰਗਤੀ ਅਤੇ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਪ੍ਰਵਾਨਗੀ ਲਈ ਪੈਂਡਿੰਗ ਪਏ ਕੇਸਾਂ ਦੀ ਸਮੀਖਿਆ ਕਰੇਗਾ। ਵਿਜੀਲੈਂਸ ਕਮਿਸ਼ਨ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਸਲਾਹ ਦੇਵੇਗਾ ਅਤੇ ਵਿਜੀਲੈਂਸ ਮਾਮਲਿਆਂ ਬਾਰੇ ਹੋਰ ਪੜਤਾਲ ਕਰੇਗਾ। ਇਸ ਕਮਿਸ਼ਨ ਨੂੰ ਵਿਜੀਲੈਂਸ ਬਿਊਰੋ ਨੂੰ ਦਿੱਤੀ ਜ਼ਿੰਮੇਵਾਰੀ ਨਿਭਾਉਣ ਲਈ ਨਿਰਦੇਸ਼ ਦੇਣ ਦਾ ਅਧਿਕਾਰ ਵੀ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰੀ ਕਰਮਚਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਹੋਰ ਸਬੰਧਤ ਅਪਰਾਧਾਂ ਤਹਿਤ ਲਗਾਏ ਗਏ ਦੋਸ਼ਾਂ ਦੇ ਸਬੰਧ ਵਿਚ ਪੁੱਛਗਿੱਛ ਕਰਨ ਜਾਂ ਪੜਤਾਲ/ਜਾਂਚ ਕਰਨ ਦਾ ਅਧਿਕਾਰ ਵੀ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ 'ਚ ਸਮਰਥਨ ਕਰਨ ਤੋਂ ਬਾਅਦ ਕੈਪਟਨ ਦੇ ਖੇਤੀ ਬਿੱਲਾਂ 'ਤੇ 'ਆਪ' ਦਾ ਯੂ-ਟਰਨ
ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹ ਕਦਮੀ, ਸੌਂਜੀਦਾਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020 ਪੇਸ਼ ਕਰਦਿਆਂ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਵਿਸ਼ੇਸ਼ ਸ਼੍ਰੇਣੀਆਂ ਨੂੰ ਜ਼ਮੀਨ ਦੇ ਮਾਲਕੀ ਹੱਲ ਦੇਣਾ ਹੈ, ਜੋ ਮਾਲ ਰਿਕਾਰਡ ਵਿਚ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹ ਕਦਮੀ, ਸੌਂਜੀਦਾਰ ਵਜੋਂ ਦਰਜ ਹਨ ਅਤੇ 1 ਜਨਵਰੀ, 2020 ਨੂੰ ਘੱਟੋ-ਘੱਟ 20 ਸਾਲਾਂ ਤੋਂ ਕਾਬਜ਼ ਹੋਣ ਦਾ ਸਮਾਂ ਪੂਰਾ ਕਰਦੇ ਹੋਣ। ਇਹ ਕਦਮ ਅਜਿਹੀਆਂ ਜ਼ਮੀਨਾਂ ਦੇ ਕਾਸ਼ਤਕਾਰਾਂ ਨੂੰ ਮਾਲਕੀ ਅਧਿਕਾਰ ਦੇਣ ਲਈ ਖੇਤੀਬਾੜੀ ਸੁਧਾਰਾਂ ਦਾ ਹਿੱਸਾ ਹੈ ਜੋ ਜ਼ਿਆਦਾਤਰ ਸਮਾਜ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹਨ। ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਬੰਦੋਬਸਤ) ਅਲਾਟਮੈਂਟ ਆਫ ਸਟੇਟ ਗੌਰਮਿੰਟ ਲੈਂਡ ਬਿੱਲ, 2020 ਨੂੰ ਪੇਸ਼ ਕਰਦਿਆਂ ਮਾਲ ਮੰਤਰੀ ਨੇ ਕਿਹਾ ਕਿ ਬਿੱਲ ਦਾ ਉਦੇਸ਼ 10 ਸਾਲਾਂ ਤੋਂ ਵੱਧ ਸਮੇਂ ਤੋਂ ਕਾਸ਼ਤ ਕਰ ਰਹੇ ਅਤੇ ਕਾਬਜ਼ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਵਾਜਬ ਅਤੇ ਪਹਿਲਾਂ ਤੋਂ ਨਿਰਧਾਰਤ ਕੀਮਤ 'ਤੇ ਜ਼ਮੀਨ ਪ੍ਰਦਾਨ ਕਰਨਾ ਹੈ ਤਾਂ ਜੋ ਕਿਸਾਨਾਂ ਅਤੇ ਸੂਬਾ ਸਰਕਾਰ ਦੋਵਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਕਿਸਾਨ ਪੱਖੀ ਕਦਮ ਇਸ ਸਬੰਧੀ ਲੰਬਿਤ ਪਏ ਮਾਮਲਿਆਂ ਦਾ ਨਿਪਟਾਰਾ ਕਰਨ ਵਿਚ ਵੀ ਸਹਾਈ ਹੋਵੇਗਾ। ਪੰਜਾਬ ਲੈਂਡ ਰੈਵੇਨਿਊ (ਸੋਧ) ਬਿੱਲ, 2020 ਨੂੰ ਪੇਸ਼ ਕਰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਪੰਜਾਬ ਲੈਂਡ ਰੈਵੇਨਿਊ ਐਕਟ, 1887 ਦੀਆਂ ਵੱਖ-ਵੱਖ ਧਾਰਾਵਾਂ ਵਿਚ ਸੋਧ ਕਰਨਾ ਹੈ, ਜਿਸ ਵਿਚ ਇਸ ਸਮੇਂ 158 ਧਾਰਾਵਾਂ ਹਨ (ਸ਼ਡਿਊਲ ਨੂੰ ਛੱਡ ਕੇ) ਤਾਂ ਜੋ ਇਸ ਕਾਨੂੰਨ ਨੂੰ ਸਰਲ ਅਤੇ ਨਿਆਂ ਦੇਣ ਦੀ ਪ੍ਰਕਿਰਿਆ ਵਿਚ ਤੇਜ਼ੀ ਯਕੀਨੀ ਬਣਾਇਆ ਜਾ ਸਕੇ । ਇਸ ਐਕਟ ਮੁਤਾਬਕ ਅਪੀਲ, ਸਮੀਖਿਆ, ਸੋਧ ਅਤੇ ਸੰਮਨ ਦੀ ਸੇਵਾ ਦੇ ਢੰਗ (ਅਧਿਆਏ 2) ਅਤੇ ਵੰਡ ਦੇ ਢੰਗ (ਅਧਿਆਏ 9) ਵਿੱਚ ਸੋਧਾਂ ਕੀਤੀਆਂ ਗਈਆਂ ਹਨ। ਇਹ ਸੋਧਾਂ ਮਾਲ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਸਨ।
ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡਾ ਹਾਦਸਾ, ਪਤੀ-ਪਤਨੀ ਸਣੇ ਧੀ ਦੀ ਮੌਤ
ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 'ਪੰਜਾਬ ਟਿਸ਼ੂ ਕਲਚਰ ਆਧਾਰਤ ਆਲੂ ਬੀਜ ਬਿੱਲ, 2020' ਵਿਧਾਨ ਸਭਾ ਵਿਚ ਪੇਸ਼ ਕੀਤਾ। ਬਿੱਲ ਦਾ ਉਦੇਸ਼ ਟਿਸ਼ੂ ਕਲਚਰ ਆਧਾਰਤ ਤਕਨਾਲੋਜੀ ਰਾਹੀਂ ਮਿਆਰੀ ਆਲੂ ਬੀਜ ਦੇ ਉਤਪਾਦਨ ਨੂੰ ਮਨਜ਼ੂਰੀ ਦੇ ਕੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨਾ ਹੈ। ਇਸ ਤਕਨੀਕ ਵਿਚ ਐਰੋਪੋਨਿਕਸ/ਨੈੱਟ ਹਾਊਸ ਦੀ ਸਹੂਲਤ ਦੀ ਵਰਤੋਂ ਕਰਕੇ ਆਲੂ ਬੀਜ ਅਤੇ ਇਸ ਦੀਆਂ ਪ੍ਰਮਾਣਿਤ ਤੇ ਉੱਨਤ ਕਿਸਮਾਂ ਦੀ ਵਰਤੋਂ ਕਰਨਾ ਸ਼ਾਮਲ ਹੈ। ਮਿਆਰੀ ਆਲੂ ਬੀਜ ਸਬੰਧੀ ਇਹ ਆਲੂ ਉਤਪਾਦਕਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਸੀ ਤਾਂ ਜੋ ਰਾਜ ਨੂੰ ਦੇਸ਼ ਵਿਚ ਬੀਜ ਆਲੂ ਦੇ ਨਿਰਯਾਤ ਕੇਂਦਰ ਵਜੋਂ ਵਿਕਸਤ ਕੀਤਾ ਜਾ ਸਕੇ। ਇਹ ਕਦਮ ਆਲੂਆਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਵਿਚ ਸਹਾਇਤਾ ਕਰੇਗਾ, ਜਿਸ ਨਾਲ ਵਧੇਰੇ ਰਕਬੇ ਨੂੰ ਆਲੂ ਦੀ ਫਸਲ ਦੀ ਕਾਸ਼ਤ ਹੇਠ ਲਿਆ ਕੇ ਵਧੇਰੇ ਵਿਭਿੰਨਤਾ ਆਵੇਗੀ।
ਇਹ ਵੀ ਪੜ੍ਹੋ : ਕੈਪਟਨ ਨੇ ਰਾਹ ਦਿਖਾਇਆ, ਗੇਂਦ ਹੁਣ ਆਮ ਆਦਮੀ ਪਾਰਟੀ ਦੇ ਪਾਲੇ 'ਚ : ਜਾਖੜ
ਫੈਕਟਰੀ (ਪੰਜਾਬ ਸੋਧ) ਬਿੱਲ, 2020 ਪੇਸ਼ ਕਰਦਿਆਂ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬਿੱਲ ਰਾਜ ਦੇ ਨਿਵੇਸ਼ ਦੇ ਮਾਹੌਲ ਨੂੰ ਸੁਧਾਰਨ ਅਤੇ ਰੋਜ਼ਗਾਰ ਪੈਦਾ ਕਰਨ 'ਤੇ ਆਧਾਰਤ ਹੈ। ਬਿੱਲ ਦਾ ਉਦੇਸ਼ ਧਾਰਾ 2 ਐੱਮ (1), 2 ਐਮ (2), 65 (4), 85 ਵਿਚ ਸੋਧ ਕਰਨਾ ਅਤੇ ਫੈਕਟਰੀ ਐਕਟ, 1948 ਵਿਚ ਇਕ ਨਵੀਂ ਧਾਰਾ (106- ਬੀ) ਸ਼ਾਮਲ ਕਰਨਾ ਹੈ। ਬਿੱਲ ਛੋਟੀਆਂ ਇਕਾਈਆਂ ਦੀ ਮੌਜੂਦਾ ਮੁਢਲੀ ਸੀਮਾ ਨੂੰ ਕ੍ਰਮਵਾਰ 10 ਅਤੇ 20 ਤੋਂ ਬਦਲ ਕੇ 20 ਅਤੇ 40 ਵਿਚ ਕਰਨ ਦੀ ਵਿਵਸਥਾ ਕਰਦਾ ਹੈ। ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2020 ਨੂੰ ਪੇਸ਼ ਕਰਦਿਆਂ ਮਾਲ ਮੰਤਰੀ ਨੇ ਕਿਹਾ ਕਿ ਰਜਿਸਟ੍ਰੇਸ਼ਨ ਐਕਟ, 1908 ਸੇਲ ਡੀਡ ਰਜਿਸਟਰ ਕਰਨ ਤੋਂ ਇਨਕਾਰ ਕਰਨ ਲਈ ਮਾਲ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਸਮਰੱਥ ਨਹੀਂ ਬਣਾਉਂਦਾ, ਜਿਸ ਲਈ ਉਨ੍ਹਾਂ ਨੂੰ ਅਧਿਕਾਰਤ ਕੀਤੇ ਜਾਣ ਦੀ ਲੋੜ ਸੀ ਤਾਂ ਜੋ ਕੇਂਦਰੀ ਅਤੇ ਸੂਬਾ ਸਰਕਾਰ ਦੀਆਂ ਜ਼ਮੀਨਾਂ, ਵਕਫ਼ ਬੋਰਡ ਦੀਆਂ ਜ਼ਮੀਨਾਂ, ਸ਼ਾਮਲਾਤਾਂ ਅਤੇ ਹੋਰ ਜ਼ਮੀਨਾਂ ਦੇ ਮਾਲਕੀ ਹੱਕਾਂ ਨੂੰ ਸੁਰੱਖਿਅਤ ਬਣਾ ਕੇ ਸੂਬਾਈ ਅਤੇ ਕੇਂਦਰੀ ਕਾਨੂੰਨਾਂ ਨਾਲ ਸਬੰਧਤ 'ਚ ਅਜਿਹੇ ਉਪਬੰਧਾਂ ਨੂੰ ਲਾਗੂ ਕਰਨ ਵਿਚ ਹੋਰ ਕੁਸ਼ਲਤਾ ਲਿਆਂਦੀ ਜਾ ਸਕੇ।
ਇਹ ਵੀ ਪੜ੍ਹੋ : ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ