ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੁਣ 11 ਵਜੇ ਸ਼ੁਰੂ ਹੋਵੇਗਾ

01/15/2020 1:16:16 AM

ਚੰਡੀਗੜ੍ਹ, (ਭੁੱਲਰ)— ਪੰਜਾਬ ਦੇ ਰਾਜਪਾਲ ਵਲੋਂ 15ਵੀਂ ਪੰਜਾਬ ਵਿਧਾਨ ਸਭਾ ਦੇ 10ਵੇਂ ਵਿਸ਼ੇਸ਼ ਸੈਸ਼ਨ ਸਮੇਂ 'ਚ ਤਬਦੀਲੀ ਕਰ ਕੇ ਹੁਣ ਇਕ ਘੰਟੇ ਦੀ ਦੇਰੀ ਨਾਲ ਸਵੇਰੇ 11 ਵਜੇ ਸੱਦਿਆ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵਲੋਂ 15ਵੀਂ ਵਿਧਾਨ ਸਭਾ ਦੇ 10ਵੇਂ ਵਿਸ਼ੇਸ਼ ਸੈਸ਼ਨ ਨੂੰ 16 ਜਨਵਰੀ ਨੂੰ ਸਵੇਰੇ 10 ਵਜੇ ਦੀ ਥਾਂ ਹੁਣ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।
ਅਸ਼ਵਨੀ ਅਨੁਸਾਰ-ਇਹ ਇਜਲਾਸ 16 ਜਨਵਰੀ ਨੂੰ ਹੁਣ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਇਹ ਸਮਾਂ ਸਵੇਰੇ 10 ਵਜੇ ਤੈਅ ਸੀ। 17 ਜਨਵਰੀ ਨੂੰ ਸਵੇਰੇ 10 ਵਜੇ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ ਅਤੇ ਇਸ ਤੋਂ ਬਾਅਦ ਸੰਵਿਧਾਨ (126ਵੀਂ ਸੋਧ) ਬਿਲ-2019 ਦੀ ਪੁਸ਼ਟੀ ਲਈ ਮਤਾ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਇਸੇ ਦਿਨ ਹੀ ਪ੍ਰਸਤਾਵਿਤ ਵਿਧਾਨਕ ਕੰਮਕਾਜ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠ ਜਾਵੇਗਾ।
ਇਸੇ ਦੌਰਾਨ ਮੰਤਰੀ ਮੰਡਲ ਨੇ ਪੰਜਾਬ ਵਸਤਾਂ ਅਤੇ ਸੇਵਾਵਾਂ ਕਰ (ਸੋਧ) ਆਰਡੀਨੈਂਸ-2019 ਨੂੰ ਕਾਨੂੰਨੀ ਰੂਪ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਸਬੰਧੀ ਬਿਲ ਸੰਵਿਧਾਨ ਦੀ ਧਾਰਾ 213 ਦੀ ਕਲਾਜ਼ 2 ਤਹਿਤ ਪੇਸ਼ ਕੀਤਾ ਜਾਵੇਗਾ। ਇਹ ਆਰਡੀਨੈਂਸ 31 ਦਸੰਬਰ, 2019 ਨੂੰ ਜਾਰੀ ਕੀਤਾ ਗਿਆ ਸੀ। ਜੀ. ਐੱਸ. ਟੀ. ਐਕਟ-2017 ਵਿਚ ਕੁਝ ਸੋਧਾਂ ਕਰਨ ਲਈ ਇਹ ਆਰਡੀਨੈਂਸ ਲਿਆਂਦਾ ਗਿਆ ਸੀ ਤਾਂ ਕਿ ਕਰਦਾਤਾਵਾਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਕਾਰੋਬਾਰ ਨੂੰ ਸੁਖਾਲਾ ਕੀਤਾ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਾਲ 2018-19 ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
 


KamalJeet Singh

Content Editor

Related News