ਤੇਜ਼ ਰਫ਼ਤਾਰ ਕਾਰ ਦਾ ਕਹਿਰ: ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ ਜ਼ਖਮੀ

Sunday, Mar 29, 2026 - 12:43 AM (IST)

ਤੇਜ਼ ਰਫ਼ਤਾਰ ਕਾਰ ਦਾ ਕਹਿਰ: ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ ਜ਼ਖਮੀ

ਭਵਾਨੀਗੜ੍ਹ (ਕਾਂਸਲ) : ਸਥਾਨਕ ਇਲਾਕੇ ’ਚੋਂ ਲੰਘਦੇ ਬਠਿੰਡਾ ਜ਼ੀਰਕਪੁਰ ਨੈਸ਼ਨਲ ਹਾਈਵੇ ਉੱਪਰ ਪਿੰਡ ਘਾਬਦਾਂ ਨੇੜੇ ਸਥਿਤ ਪੀ.ਜੀ.ਆਈ. ਹਸਪਤਾਲ ਕੋਲ ਇਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵੇਂ ਗੰਭੀਰ ਰੂਪ ’ਚ ਜ਼ਖਮੀ ਹੋ ਗਏ।

ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਛੱਤਰ ਸਿੰਘ ਪੁੱਤਰ ਨੱਥੂ ਸਿੰਘ ਅਤੇ ਜਰਨੈਲ ਸਿੰਘ ਪੁੱਤਰ ਖੜਕ ਸਿੰਘ ਦੋਵੇਂ ਵਾਸੀ ਪਿੰਡ ਜਖੇਪਲ ਮੋਟਰਸਾਈਕਲ ’ਤੇ ਜਾ ਰਹੇ ਸਨ। ਜਿਵੇਂ ਹੀ ਉਹ ਘਾਬਦਾਂ ਨੇੜੇ ਸੜਕ ਦੇ ਕੱਟ ਤੋਂ ਮੁੜਨ ਲੱਗੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਿਅਕਤੀ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਤੁਰੰਤ ਕਾਰਵਾਈ ਕਰਦਿਆਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸੰਗਰੂਰ ਪਹੁੰਚਾਇਆ।

ਡਾਕਟਰਾਂ ਵੱਲੋਂ ਹਾਲਤ ਨਾਜ਼ੁਕ ਦੇਖਦਿਆਂ ਨਛੱਤਰ ਸਿੰਘ ਨੂੰ ਸੁਨਾਮ ਦੇ ਇਕ ਨਿੱਜੀ ਹਸਪਤਾਲ ਅਤੇ ਜਰਨੈਲ ਸਿੰਘ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।


author

Inder Prajapati

Content Editor

Related News