ਪਟਿਆਲਾ ਹਿੰਸਾ ਦੌਰਾਨ ਵਾਇਰਲ ਵੀਡੀਓ 'ਚ ਮਾਤਾ ਦੁਰਗਾ ਬਾਰੇ ਅਪਸ਼ਬਦ ਬੋਲਣ ਵਾਲਾ ਆਇਆ ਪੁਲਸ ਅੜਿੱਕੇ
Thursday, May 19, 2022 - 01:33 PM (IST)
ਪਟਿਆਲਾ (ਬਲਜਿੰਦਰ) : ਬੀਤੀ 29 ਅਪ੍ਰੈਲ ਨੂੰ ਪਟਿਆਲਾ ਹਿੰਸਾ ਵਾਲੇ ਦਿਨ ਸ਼ਹਿਰ ਦੇ ਫੁਹਾਰਾ ਚੌਂਕ ’ਤੇ ਮਾਤਾ ਦੁਰਗਾ ਅਤੇ ਮਾਤਾ ਸ਼੍ਰੀ ਕਾਲੀ ਬਾਰੇ ਅਪਸ਼ਬਦ ਬੋਲਣ ਵਾਲੇ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਸ ਨੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਵਿੰਦਰ ਸਿੰਘ ਉਰਫ਼ ਅਮਰੀਕ ਸਿੰਘ ਵਾਸੀ ਪਿੰਡ ਹੀਰੋ ਖੁਰਦ ਜ਼ਿਲ੍ਹਾ ਮਾਨਸਾ ਹਾਲ ਵਾਸੀ ਪਾਊਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਵਜੋਂ ਹੋਈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨਾਲ ਬੈਠਕ ਮਗਰੋਂ ਐਕਸ਼ਨ 'ਚ ਸਿੱਖਿਆ ਵਿਭਾਗ, ਸਕੂਲ ਮੁਖੀਆਂ ਨੂੰ ਜਾਰੀ ਕੀਤੇ ਪੱਤਰ
ਦੱਸਣਯੋਗ ਹੈ ਕਿ ਘਟਨਾ ਵਾਲੇ ਦਿਨ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ’ਚ ਇਕ ਵਿਅਕਤੀ ਨਿਹੰਗ ਦੇ ਬਾਣੇ ’ਚ ਮਾਤਾ ਦੁਰਗਾ ਅਤੇ ਮਾਤਾ ਸ਼੍ਰੀ ਕਾਲੀ ਬਾਰੇ ਅਪਸ਼ਬਦ ਬੋਲ ਰਿਹਾ ਸੀ। ਪੁਲਸ ਨੇ ਵਾਇਰਲ ਹੋਈ ਵੀਡੀਓ ਦੇ ਅਧਾਰ ’ਤੇ ਥਾਣਾ ਸਿਵਲ ਲਾਈਨ ਵਿਚ ਇਸ ਮਾਮਲੇ ’ਚ 153 ਏ ਅਤੇ 295 ਏ ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਤਫ਼ਤੀਸ਼ ਆਰੰਭ ਕੀਤੀ। ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਸ. ਪੀ. ਦੀਪਕ ਪਾਰਿਕ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮਹਾਰਾਸ਼ਟਰ, ਉੱਤਰਾਖੰਡ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਮੇਤ ਕਈ ਸੂਬਿਆਂ ’ਚ ਤਲਾਸ਼ ਸ਼ੁਰੂ ਕਰ ਦਿੱਤੀ। ਸੀ. ਆਈ. ਏ. ਦੀਆਂ ਟੀਮਾਂ ਵੱਲੋਂ ਲਗਾਤਾਰ 7 ਦਿਨਾਂ ਦੀ ਤਲਾਸ਼ ਤੋਂ ਬਾਅਦ ਰਵਿੰਦਰ ਸਿੰਘ ਦਾ ਨਾਂ ਸਾਹਮਣੇ ਆਇਆ। ਰਵਿੰਦਰ ਸਿੰਘ ਨੂੰ ਜ਼ਿਲ੍ਹਾ ਮੰਡੀ ਪਿੰਡ ਰੰਧਾੜਾ ਮੰਡੀ ਤੋਂ ਰਿਵਾਲਸਰ ਰੋਡ ਥਾਣਾ ਸਦਰ ਮੰਡੀ (ਹਿਮਾਚਲ ਪ੍ਰਦੇਸ਼) ਤੋਂ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ: ਲੋਕ ਸਭਾ ਹਲਕਾ ਸੰਗਰੂਰ 'ਚ ਜ਼ਿਮਨੀ ਚੋਣ ਦੀ ਆਹਟ, 'ਆਪ' ਦੇ ਸੰਭਾਵੀ ਉਮੀਦਵਾਰ 'ਤੇ ਟਿਕੀਆਂ ਨਜ਼ਰਾਂ
ਉਨ੍ਹਾਂ ਦੱਸਿਆ ਕਿ ਰਵਿੰਦਰ ਸਿੰਘ ਦੀ ਮੁੱਢਲੀ ਪੁੱਛਗਿੱਛ ’ਚ ਪਾਇਆ ਗਿਆ ਕਿ ਇਹ ਪਿੰਡ ਹੀਰੋ ਖੁਰਦ ਜ਼ਿਲ੍ਹਾ ਮਾਨਸਾ ਦਾ ਰਹਿਣ ਵਾਲਾ ਹੈ ਅਤੇ ਕੁਝ ਸਮਾਂ ਬਠਿੰਡਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਕਿ ਅੱਗੇ ਹੋਰ ਸੂਚਨਾ ਮਿਲ ਸਕੇ।
ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ