''ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਗਲਤ ਟਿੱਪਣੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ''

11/21/2020 8:33:17 PM

ਤਪਾ ਮੰਡੀ,(ਮਾਰਕੰਡਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿੰਡ ਮਹਿਤਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਲਗਾਤਾਰ ਸਾਲ ਭਰ ਬੜੇ ਹੀ ਉਤਸ਼ਾਹ ਅਤੇ ਗੁਰਮਰਿਆਦਾ ਅਨੁਸਾਰ ਜਾਰੀ ਰੱਖੇ ਜਾਣਗੇ। ਇਹ ਨਿਰੋਲ ਧਾਰਮਿਕ ਸਮਾਗਮ ਹੋਣਗੇ ਜਿੰਨਾ 'ਚ ਸਿੱਖ ਪੰਥ ਦੇ ਉਘੇ ਵਿਦਵਾਨ ਸਿੱਖ ਧਰਮ ਅਤੇ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਦੀ ਜਾਣਕਾਰੀ ਦੇਣਗੇ। ਸਾਲ ਭਰ ਕੀਰਤਨ ਦਰਬਾਰ, ਢਾਡੀ ਦਰਬਾਰ, ਸੈਮੀਨਾਰ, ਕਵੀਸ਼ਰੀ ਅਤੇ ਕਵੀ ਦਰਬਾਰ ਆਦਿ ਦਾ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦਾਆਰਾ ਪ੍ਰਬੰਧਮ ਕਮੇਟੀ ਦਾ ਇਤਿਹਾਸ ਸ਼ਾਨਾਮੱਤਾ ਰਿਹਾ ਹੈ। ਕਮੇਟੀ ਨੇ ਇਕ ਸਦੀ ਦੌਰਾਨ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਗੌਰਵਸ਼ਾਲੀ ਪ੍ਰਾਪਤੀਆਂ ਕੀਤੀਆਂ ਹਨ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪੰਥ ਦੋਖੀ ਅਜੇ ਵੀ ਸ਼੍ਰੋਮਣੀ ਕਮੇਟੀ ਦੀ ਆਲੋਚਨਾ ਕਰਨ ਤੋਂ ਬਾਜ਼ ਨਹੀਂ ਆ ਰਹੇ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ਼ ਭਾਜਪਾ ਦੇ ਕੌਮੀ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਕੀਤੀਆਂ ਗਈਆਂ ਗੈਰ ਇਖ਼ਲਾਕੀ ਟਿੱਪਣੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਭਾਜਪਾ ਆਗੂ ਦੀਆਂ ਟਿੱਪਣੀਆਂ ਅਤਿ ਨਿੰਦਣਯੋਗ ਹਨ। ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸਿੱਖ ਧਰਮ 'ਚ ਰੁਤਬਾ ਸਰਵੋਤਮ ਹੈ। ਜਥੇਦਾਰ ਹਰਪ੍ਰੀਤ ਸਿੰਘ ਵਿਰੁੱਧ ਕਿਸੇ ਤਰ੍ਹਾਂ ਦੀ ਵੀ ਗਲਤ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸਿੱਖ ਧਰਮ ਨੂੰ ਲੈ ਕੇ ਸੌੜੀ ਸਿਆਸਤ ਨਹੀਂ ਕਰਨੀ ਚਾਹੀਦੀ। ਸ਼੍ਰੋਮਣੀ ਕਮੇਟੀ ਪ੍ਰਤੀ ਕੋਈ ਗਲਤ ਟਿੱਪਣੀ ਕਰਨ ਦਾ ਵੀ ਕਿਸੇ ਕੋਲ ਕੋਈ ਅਧਿਕਾਰ ਨਹੀਂ ਹੈ। ਇਸ ਮੌਕੇ ਬੇਅੰਤ ਸਿੰਘ ਮਾਂਗਟ, ਰਾਕੇਸ ਟੋਨਾ, ਉਗਰ ਮੌੜ, ਸਾਬਕਾ ਸਰਪੰਚ ਰਾਮ ਸਿੰਘ ਮਹਿਤਾ, ਜਥੇਦਾਰ ਗੁਰਤੇਜ ਸਿੰਘ ਧੌਲਾ, ਸਰਪੰਚ ਦਰਸਨ ਸਿੰਘ, ਨਿਰਮਲ ਸਿੰਘ ਨਿੰਮਾ ਮੌੜ, ਰਾਮ ਸਿੰਘ ਮੌੜ, ਮਾਸਟਰ ਮਨਜੀਤ ਸਿੰਘ, ਗੋਬਿੰਦ ਸਿੰਘ, ਜਗਤਾਰ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।


Deepak Kumar

Content Editor

Related News