ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਿਰੁੱਧ ਸਿਆਸੀ ਟਿੱਪਣੀਆਂ ਬਰਦਾਸ਼ਤ ਨਹੀਂ ਕਰਾਂਗੇ : ਭਾਈ ਲੌਂਗੋਵਾਲ
Thursday, Nov 19, 2020 - 01:18 AM (IST)
ਅੰਮ੍ਰਿਤਸਰ,(ਦੀਪਕ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਭਾਜਪਾ ਦੇ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਕੀਤੀਆਂ ਗਈਆਂ ਗੈਰ-ਇਖਲਾਕੀ ਟਿੱਪਣੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਸਿੱਖ ਧਰਮ ਵਿਚ ਰੁਤਬਾ ਸਰਵਉੱਚ ਹੈ, ਜਿਸ ਕਰ ਕੇ ਜਥੇਦਾਰ ਵਿਰੁੱਧ ਕਿਸੇ ਵੀ ਸਿਆਸੀ ਆਗੂ ਦੀ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਮੀਰੀ-ਪੀਰੀ ਦਾ ਪ੍ਰਤੀਕ ਹੈ, ਜਿਸ ਕਰ ਕੇ ਇੱਥੋਂ ਸਿੱਖਾਂ ਨੂੰ ਧਾਰਮਿਕ ਸ਼ਕਤੀ ਦੇ ਨਾਲ-ਨਾਲ ਸਿਆਸੀ ਚੇਤਨਾ ਵੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤ ਦੀ ਸੱਚਾਈ ਬਿਆਨ ਕਰਨ 'ਤੇ ਕੁਝ ਸਿਆਸੀ ਜਮਾਤਾਂ ਦੇ ਆਗੂਆਂ ਨੂੰ ਹੋਈ ਤਕਲੀਫ ਦੀ ਸਮਝ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਜਥੇਦਾਰ ਨੇ ਬਿਲਕੁਲ ਸੱਚ ਬੋਲਿਆ ਹੈ। ਪਿਛਲੇ ਸਮੇਂ ਤੋਂ ਲਗਾਤਾਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖਾਂ ਦੇ ਇਤਿਹਾਸਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੇਸ ਅੰਦਰ ਘੱਟਗਿਣਤੀਆਂ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਸਿੱਖ 1984 'ਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਨੂੰ ਕਿਵੇਂ ਭੁੱਲ ਸਕਦੇ ਹਨ? ਸਾਢੇ ਤਿੰਨ ਦਹਾਕੇ ਬੀਤ ਜਾਣ 'ਤੇ ਵੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਨਹੀਂ ਹੋਈਆਂ ਸਗੋਂ ਪੀੜਤ ਇਨਸਾਫ ਮੰਗਦੇ-ਮੰਗਦੇ ਦੁਨੀਆ ਤੋਂ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਅਕਾਲ ਤਖਤ ਸਾਹਿਬ ਨੇ ਸੱਚਾਈ ਨੂੰ ਦਰਸਾਉਂਦਾ ਬਿਆਨ ਦੇ ਦਿੱਤਾ ਤਾਂ ਸੱਤਾਧਾਰੀ ਸਿਆਸੀ ਪਾਰਟੀਆਂ ਨੂੰ ਆਤਮਮੰਥਨ ਕਰਨਾ ਚਾਹੀਦਾ ਸੀ। ਭਾਈ ਲੌਂਗੋਵਾਲ ਨੇ ਕਿਹਾ ਕਿ ਆਪਣੀ ਪਾਰਟੀ ਦੀ ਕੇਂਦਰੀ ਸਰਕਾਰ ਨੂੰ ਨਸੀਹਤ ਦੇਣ ਦੀ ਬਜਾਇ ਹਰਜੀਤ ਸਿੰਘ ਗਰੇਵਾਲ ਵਰਗੇ ਸਵਾਰਥੀ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਬੰਧੀ ਗੈਰ-ਇਖਲਾਕੀ ਬਿਆਨ ਬਿਲਕੁਲ ਨਾ ਬਰਦਾਸ਼ਤਯੋਗ ਹੈ। ਗਰੇਵਾਲ ਨੂੰ ਆਪਣੇ ਦਾਇਰੇ ਵਿਚ ਰਹਿਣਾ ਚਾਹੀਦਾ ਹੈ।