ਜਥੇਦਾਰਾਂ ''ਚ ਬਣੀ ਸਹਿਮਤੀ, 25 ਦਸੰਬਰ ਨੂੰ ਹੀ ਮਨਾਇਆ ਜਾਵੇਗਾ ਗੁਰਪੁਰਬ

11/13/2017 6:54:24 PM

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਅਹਿਮ ਬੈਠਕ ਹੋਈ। ਇਸ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351 ਸਾਲਾ ਪ੍ਰਕਾਸ਼ ਪੁਰਬ ਸਿੱਖ ਪੰਥ ਵਲੋਂ ਸ੍ਰੀ ਪਟਨਾ ਸਾਹਿਬ ਵਿਖੇ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਸਿੰਘ ਸਾਹਿਬਾਨਾਂ ਦੀ ਬੈਠਕ ਵਿਚ ਇਹ ਫੈਸਲਾ ਲਿਆ ਗਿਆ ਕਿ ਸਮੂਹ ਸਿੱਖ ਸੰਗਤ ਸ੍ਰੀ ਗੋਬਿੰਦ ਸਿੰਘ ਜੀ ਦਾ 351 ਸਾਲਾ ਪ੍ਰਕਾਸ਼ ਪੁਰਬ 7 ਪੋਹ ਭਾਵ 25 ਦਸੰਬਰ ਨੂੰ ਹੀ ਮਨਾਵੇ।
ਇਸ ਦੌਰਾਨ ਜਥੇਦਾਰ ਸਹਿਬਾਨਾਂ ਦੀ ਬੈਠਕ ਵਿਚ ਕੈਨੇਡਾ 'ਚ ਸਿੱਖਾਂ ਨੂੰ ਹਵਾਈ ਯਾਤਰਾ ਦੌਰਾਨ ਕਿਰਪਾਨ ਪਹਿਨਣ ਦੀ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਗਿਆ ਅਤੇ ਨਾਲ ਹੀ ਭਾਰਤ ਸਮੇਤ ਬਾਕੀ ਦੇਸ਼ਾਂ ਤੋਂ ਵੀ ਅੰਤਰਰਾਸ਼ਟਰੀ ਉਡਾਣਾਂ ਦੌਰਾਨ ਕਿਰਪਾਨ ਪਹਿਨਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ।
ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਢੱਡਰੀਆਂਵਾਲੇ ਮਾਮਲੇ 'ਤੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਦੇ ਪ੍ਰਚਾਰ 'ਤੇ ਸੰਗਤਾਂ ਨੂੰ ਇਤਰਾਜ਼ ਹੈ ਅਤੇ ਉਨ੍ਹਾਂ ਦੇ ਪ੍ਰਚਾਰ ਦੀ ਰਿਕਾਰਡਿੰਗ ਦੀ ਜਾਂਚ ਕੀਤੀ ਜਾਵੇਗੀ। ਇਸ ਮੌਕੇ ਜਥੇਦਾਰ ਨੇ ਗੱਤਕਾ ਵਿਚ ਸਟੰਟ ਕਰਨ ਵਾਲੇ ਨੌਜਵਾਨਾਂ ਨੂੰ ਸਟੰਟ ਨਾ ਕਰਨ ਦੀ ਅਪੀਲ ਕੀਤੀ, ਉਨ੍ਹਾਂ ਕਿਹਾ ਕਿ ਗੱਤਕਾ ਖਾਲਸਾਈ ਰਵਾਇਤ ਖੇਡ ਹੈ ਇਸ ਲਈ ਗੱਤਕੇ ਵਿਚ ਸਟੰਟਬਾਜ਼ੀ ਨਾ ਕੀਤੀ ਜਾਵੇ।


Related News