ਸ੍ਰੀ ਅਕਾਲ ਤਖਤ ਸਾਹਿਬ ਦੀ ਭਰੋਸੇਯੋਗਤਾ ਨੂੰ ਹੋਰ ਉੱਚਾ ਚੁੱਕਣ ਦੀ ਕਰਾਂਗੇ ਕੋਸ਼ਿਸ਼ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

Tuesday, Oct 23, 2018 - 11:24 AM (IST)

ਸ੍ਰੀ ਅਕਾਲ ਤਖਤ ਸਾਹਿਬ ਦੀ ਭਰੋਸੇਯੋਗਤਾ ਨੂੰ ਹੋਰ ਉੱਚਾ ਚੁੱਕਣ ਦੀ ਕਰਾਂਗੇ ਕੋਸ਼ਿਸ਼ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ (ਮੁਨੀਸ਼)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੋਮਵਾਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਹੰਗਾਮੀ ਮੀਟਿੰਗ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕਰਨ ਦੇ ਫੈਸਲੇ ਉਪਰੰਤ ਸਥਾਨਕ ਇਲਾਕੇ ਦੀਆਂ ਸਿੱਖ ਸਫਾਂ ਵਿਚ ਵੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸੋਮਵਾਰ ਨੂੰ ਉਕਤ ਨਿਯੁਕਤੀ ਦਾ ਐਲਾਨ ਹੁੰਦਿਆਂ ਹੀ ਗਿਆਨੀ ਹਰਪ੍ਰੀਤ ਸਿੰਘ ਦੀ ਸਥਾਨਕ ਰਿਹਾਇਸ਼ 'ਤੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਵੇਂ ਕੌਮ ਨੂੰ ਬਹੁਤ ਦਰਪੇਸ਼ ਚੁਣੌਤੀਆਂ ਹਨ ਪਰ ਅਕਾਲ ਪੁਰਖ ਦੀ ਮਿਹਰ ਸਦਕਾ ਉਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਨਾਲ-ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਧਾਰਮਿਕ ਮਰਿਆਦਾ ਵਿਚ ਰਹਿੰਦਿਆਂ ਦ੍ਰਿੜ੍ਹਤਾ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਯਤਨ ਸ੍ਰੀ ਅਕਾਲ ਤਖਤ ਸਾਹਿਬ ਦੀ ਭਰੋਸੇਯੋਗਤਾ ਜੋ ਉਸ ਪੱਧਰ 'ਤੇ ਪੁੱਜੀ ਹੈ ਕਿ ਸੰਗਤਾਂ ਵਿਚ ਉਸ ਬਾਰੇ ਅਨਿਸ਼ਚਤਿਤਾ ਦੇਖਣ ਨੂੰ ਮਿਲੀ ਹੈ, ਨੂੰ ਧੜੇਬੰਦੀ ਤੋਂਂ ਉੱਪਰ ਉੱਠ ਕੇ ਸੰਗਤਾਂ, ਜਥੇਬੰਦੀਆਂ ਤੇ ਸੰਪਰਦਾਵਾਂ ਦੇ ਸਹਿਯੋਗ ਨਾਲ ਉੱਚਾ ਚੁੱਕਣ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੀ ਪੰਥਕ ਸ਼ਕਤੀ ਖੇਰੂੰ-ਖੇਰੂੰ ਹੋ ਰਹੀ ਹੈ, ਜਿਸ ਦਾ ਫਾਇਦਾ ਸਿੱਖ ਵਿਰੋਧੀ ਚੁੱਕ ਰਹੇ ਹਨ, ਬਾਰੇ ਕੋਸ਼ਿਸ਼ ਕੀਤੀ ਜਾਵੇਗੀ ਕਿ ਸਾਰਿਆਂ ਨੂੰ ਨਾਲ ਲੈ ਕੇ ਪੰਥਕ ਏਕਤਾ ਵੱਲ ਕਦਮ ਵਧਾਇਆ ਜਾਵੇ ਤੇ ਖੇਰੂੰ-ਖੇਰੂੰ ਹੋ ਰਹੀ ਸ਼ਕਤੀ ਨੂੰ ਇਕੱਤਰ ਕੀਤਾ ਜਾ ਸਕੇ। ਸਿੰਘ ਸਾਹਿਬ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਸਿੱਖ ਧਰਮ ਦੇ ਵਿਦਵਾਨਾਂ ਦੀ ਸਲਾਹ ਨਾਲ ਹੀ ਸਾਰੇ ਕਾਰਜ ਕੀਤੇ ਜਾਣਗੇ।


Related News