ਘੱਲੂਘਾਰਾ ਦਿਵਸ ਤੋਂ ਪਹਿਲਾਂ ਜਥੇਦਾਰ ਵਲੋਂ ਸਿੱਖ ਕੌਮ ਦੇ ਨਾਂ ਅਹਿਮ ਸੰਦੇਸ਼
Monday, Jun 01, 2020 - 06:47 PM (IST)
ਤਲਵੰਡੀ ਸਾਬੋ (ਮੁਨੀਸ਼ ਗਰਗ) : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਸਬੰਧੀ ਅੱਜ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ। ਜਥੇਦਾਰ ਨੇ ਸਿੱਖ ਕੌਮ ਨੂੰ ਘੱਲੂਘਾਰਾ ਦਿਵਸ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ 6 ਜੂਨ 1984 ਦਾ ਘੱਲੂਘਾਰਾ ਸਿੱਖ ਮਾਨਸਿਕਤਾ 'ਤੇ ਡੂੰਘਾ ਜ਼ਖਮ ਹੈ, ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕੇਗੀ। ਉਨ੍ਹਾਂ ਕਿਹਾ ਕਿ ਹਰ ਸਾਲ ਸਿੱਖ ਕੌਮ 6 ਜੂਨ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਂਉਦੀ ਹੈ ਅਤੇ ਇਸ ਵਾਰ 6 ਜੂਨ ਨੂੰ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਉਣਾ ਹੈ।
ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦਾ ਐਲਾਨ ਕੀਤਾ ਹੈ ਜਿਸ ਦੇ ਚਲਦਿਆਂ ਵੱਡੀ ਗਿਣਤੀ ਸੰਗਤਾਂ ਦਾ 6 ਜੂਨ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਪਹੁੰਚਣਾ ਸੰਭਵ ਨਹੀਂ ਜਾਪਦਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਹਰ ਜਗ੍ਹਾ ਜਿੱਥੇ ਵੀ ਘੱਲੂਘਾਰਾ ਦਿਵਸ ਮਨਾਉਣਾ ਹੈ, ਉੱਥੇ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਇਆ ਜਾਵੇ ਅਤੇ ਕੌਮ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੀ ਸੰਗਤ ਇਸ ਦਿਨ ਦਰਬਾਰ ਸਾਹਿਬ ਜਾਂ ਸ੍ਰੀ ਅਕਾਲ ਤਖਤ ਸਾਹਿਬ ਨਹੀਂ ਪੁੱਜ ਸਕੇਗੀ ਉਹ ਘਰਾਂ ਵਿਚ ਹੀ ਸ੍ਰੀ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨਾਲ ਜੁੜੇ। ਸਿੰਘ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਦਾ ਜਾਪ ਕਰਨ ਅਤੇ ਇਹ ਪੜਚੋਲ ਕਰਨ ਦੀ ਵੀ ਅਪੀਲ ਕੀਤੀ ਕਿ ਅਸੀਂ ਕੀ ਗੁਆਇਆ ਅਤੇ ਕੀ ਖੱਟਿਆ ਹੈ ਅਤੇ ਭਵਿੱਖ ਵਿਚ ਸਾਡੀਆਂ ਕੀ ਨੀਤੀਆਂ ਹੋਣੀਆਂ ਚਾਹੀਦੀਆਂ ਹਨ।