ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੰਮਨ ਭੇਜੇ ਜਾਣ ਦੀ ਦਸੂਹਾ ਵੱਲੋਂ ਸਖ਼ਤ ਸ਼ਬਦਾਂ ''ਚ ਨਿਖੇਧੀ
Monday, Oct 02, 2017 - 09:47 AM (IST)

ਟਾਂਡਾ (ਜਸਵਿੰਦਰ) - ਕਾਂਗਰਸ ਸਰਕਾਰ ਦੇ ਬਣਾਏ ਕਮਿਸ਼ਨ ਜਸਟਿਸ ਰਣਜੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਰਿਕਾਰਡ ਲੈ ਕੇ ਹਾਜ਼ਰ ਹੋਣ ਲਈ ਭੇਜੀਆਂ ਗਈਆਂ ਚਿੱਠੀਆਂ ਦੀ ਪੁਰਜ਼ੋਰ ਨਿੰਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਹਲਕਾ ਉੜਮੁੜ ਟਾਂਡਾ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਮੁਗਲਾਂ ਤੋਂ ਬਾਅਦ ਇਹ ਇਤਿਹਾਸ 'ਚ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਸਿੱਖਾਂ ਦੀ ਸਰਬ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਦੀ ਜੁਰਅਤ ਕੀਤੀ, ਜਿਸ ਨੂੰ ਨਾਨਕ ਨਾਮਲੇਵਾ ਸੰਗਤਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਸਿੱਖ ਧਰਮ ਨੂੰ ਵੱਖ-ਵੱਖ ਤਰੀਕਿਆਂ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਪਾਰਟੀ ਨੂੰ ਹਰ ਵਾਰ ਮੂੰਹ ਦੀ ਖਾਣੀ ਪਈ। ਪੰਥ ਦੀ ਦੁਸ਼ਮਣ ਜਮਾਤ ਕਾਂਗਰਸ ਨੇ ਗਾਂਧੀ ਪਰਿਵਾਰ ਦੇ ਹੁਕਮਾਂ 'ਤੇ ਸਿੱਖਾਂ ਦੇ ਸਭ ਤੋਂ ਪਾਵਨ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਟੈਂਕਾਂ ਤੇ ਤੋਪਾਂ ਨਾਲ ਹਮਲੇ ਕਰ ਕੇ ਢਹਿ-ਢੇਰੀ ਕਰਨ ਵਰਗੇ ਘੋਰ ਪਾਪ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਦਿੱਤੀ ਚੁਣੌਤੀ ਨਾਲ ਕਾਂਗਰਸ ਸਰਕਾਰ ਤੇ ਪਾਰਟੀ ਦਾ ਚਿਹਰਾ ਮੁੜ ਨੰਗਾ ਹੋ ਗਿਆ ਹੈ ਕਿ ਇਹ ਪਾਰਟੀ ਹਮੇਸ਼ਾ ਸਿੱਖਾਂ ਦੀ ਦੁਸ਼ਮਣ ਰਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਲਏ ਗਏ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੋ ਵੀ ਸ਼੍ਰੋਮਣੀ ਕਮੇਟੀ ਵੱਲੋਂ ਅਗਲਾ ਫੈਸਲਾ ਲਿਆ ਜਾਵੇਗਾ, ਉਸ ਦਾ ਪੂਰਾ ਸਮਰਥਨ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਮੂਨਕ, ਸਰਪੰਚ ਬੂਟਾ ਸਿੰਘ, ਸਰਪੰਚ ਸੁਮਿੱਤਰ ਸਿੰਘ ਤੇ ਸਰਪੰਚ ਸਰਬਜੀਤ ਸਿੰਘ ਆਦਿ ਹਾਜ਼ਰ ਸਨ।