ਸਰਕਾਰ ਨੇ ਹੁਣ ਤੱਕ ਕਿਉਂ ਨਹੀਂ ਕੀਤੀ ਰਾਮ ਰਹੀਮ ਤੇ ਹਨੀਪ੍ਰੀਤ ਵਿਰੁੱਧ ਕਾਰਵਾਈ : ਜਥੇਦਾਰ ਗੜਗੱਜ

Monday, Jan 05, 2026 - 06:15 PM (IST)

ਸਰਕਾਰ ਨੇ ਹੁਣ ਤੱਕ ਕਿਉਂ ਨਹੀਂ ਕੀਤੀ ਰਾਮ ਰਹੀਮ ਤੇ ਹਨੀਪ੍ਰੀਤ ਵਿਰੁੱਧ ਕਾਰਵਾਈ : ਜਥੇਦਾਰ ਗੜਗੱਜ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸਕੱਤਰੇਤ ਵਿਖੇ ਸੱਦਿਆ ਗਿਆ ਹੈ। ਇਹ ਕਾਰਵਾਈ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਯਾਦਾ ਤੇ ਸਰਬਉੱਚਤਾ ਅਤੇ ਸਿੱਖ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਦਸਵੰਧ ਦੇ ਸਿਧਾਂਤ “ਗੁਰੂ ਕੀ ਗੋਲਕ” ਵਿਰੁੱਧ ਵਾਰ-ਵਾਰ ਬਹੁਤ ਹੀ ਇਤਰਾਜ਼ਯੋਗ ਟਿੱਪਣੀਆਂ ਕਰਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦੇ ਮਾਮਲੇ ਵਿਚ ਕੀਤੀ ਹੈ। ਇਸ ਤੋਂ ਇਲਾਵਾ ਇਹ ਵੀ ਆਖਿਆ ਹੈ ਕਿ ਇਕ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿਚ ਵੀ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਅੱਜ ਸਕੱਤਰੇਤ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅੰਦਰ ਇਕ ਸੰਵਿਧਾਨਕ ਉੱਚ-ਅਹੁਦੇ ਉੱਤੇ ਬੈਠਾ ਹੈ ਅਤੇ ਉਨ੍ਹਾਂ ਵੱਲੋਂ ਸਿੱਖ ਵਿਰੋਧੀ ਪ੍ਰਗਟਾਵੇ ਉਨ੍ਹਾਂ ਦੇ ਅੰਦਰ ਦੇ ਰਾਜ ਹੈਂਕੜ ਨੂੰ ਦਰਸਾਉਂਦੇ ਹਨ। ਜਥੇਦਾਰ ਗੜਗੱਜ ਨੇ ਸਪੱਸ਼ਟ ਕੀਤਾ ਕਿ ਕਿਉਂਕਿ ਮੌਜੂਦਾ ਮੁੱਖ ਮੰਤਰੀ ਪਤਿਤ ਹੈ ਅਤੇ ਸਿੱਖ ਰਵਾਇਤ ਅਨੁਸਾਰ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੇ ਸਨਮੁਖ ਪੇਸ਼ ਨਹੀਂ ਕੀਤਾ ਜਾ ਸਕਦਾ ਇਸ ਲਈ ਉਨ੍ਹਾਂ ਨੂੰ 15 ਜਨਵਰੀ 2026 ਨੂੰ ਨਿੱਜੀ ਤੌਰ ਉੱਤੇ ਸਕੱਤਰੇਤ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਰੱਖਣ ਲਈ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਰਹਿਤ ਮਰਯਾਦਾ ਨੂੰ ਚੁਣੌਤੀ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਦਾ ਮਾਮਲਾ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਲਬ ਕੀਤੇ ਜਾਣ ਮਗਰੋਂ ਕੀ ਬੋਲੇ CM ਮਾਨ

ਜਥੇਦਾਰ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿੱਖ ਭਾਵਨਾਵਾਂ ਨੂੰ ਸੱਟ ਮਾਰਦੀ ਸਾਹਮਣੇ ਆਈ ਅਤਿ ਇਤਰਾਜ਼ਯੋਗ ਵੀਡੀਓ ਤੋਂ ਉਨ੍ਹਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਸਪੱਸ਼ਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਏਗਾ ਅਤੇ ਰਿਪੋਰਟ ਵਿਚ ਜੇਕਰ ਇਹ ਵੀਡੀਓ ਸਹੀ ਸਾਬਤ ਹੋਈ ਤਾਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਜਥੇਦਾਰ ਗੜਗੱਜ ਨੇ ਸਾਲ 2015 ਵਿਚ ਬਰਗਾੜੀ ਵਿਖੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਇਸ਼ਾਰੇ ਉੱਤੇ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ 2017 ਵਿਚ ਕੀਤੇ ਗਏ ਮੌੜ ਅੱਤਵਾਦੀ ਧਮਾਕੇ ਜਿਸ ਵਿਚ ਪੰਜ ਬੱਚਿਆਂ ਸਮੇਤ ਸੱਤ ਵਿਅਕਤੀਆਂ ਦੀ ਜਾਨ ਗਈ ਸੀ, ਦੇ ਮਾਮਲਿਆਂ ਵਿਚ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਸਰਕਾਰ ਨੇ ਹੁਣ ਤੱਕ ਇਨ੍ਹਾਂ ਮਾਮਲਿਆਂ ਵਿਚ ਸਿੱਖਾਂ ਤੇ ਪੀੜਤਾਂ ਨੂੰ ਇਨਸਾਫ਼ ਕਿਉਂ ਨਹੀਂ ਦਿਵਾਇਆ। 

ਇਹ ਵੀ ਪੜ੍ਹੋ : ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

ਉਨ੍ਹਾਂ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੇ ਅਦਾਲਤ ਵਿਚ ਆਪਣੇ ਬਿਆਨਾਂ ਅੰਦਰ ਇਹ ਗੱਲ ਸਪੱਸ਼ਟ ਆਖੀ ਹੈ ਕਿ ਇਹ ਬੇਅਦਬੀ ਗੁਰਮੀਤ ਰਾਮ ਰਹੀਮ ਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੇ ਕਹਿਣ ਉੱਤੇ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌੜ ਬੰਬ ਧਮਾਕੇ ਮਾਮਲੇ ਦੀ ਕੜੀ ਵੀ ਗੁਰਮੀਤ ਰਾਮ ਰਹੀਮ ਦੇ ਡੇਰੇ ਨਾਲ ਜੁੜਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੱਸੇ ਕਿ ਉਹ ਹੁਣ ਤੱਕ ਇਨ੍ਹਾਂ ਮਾਮਲਿਆਂ ਵਿਚ ਗੁਰਮੀਤ ਰਾਮ ਰਹੀਮ ਤੇ ਹਨੀਪ੍ਰੀਤ ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਅੰਦਰ ਕਿਉਂ ਨਹੀਂ ਲਿਆਈ? ਉਨ੍ਹਾਂ ਕਿਹਾ ਕਿ ਬਰਗਾੜੀ ਮਾਮਲੇ ਵਿਚ ਸ਼ਰੇਆਮ ਸਿੱਖਾਂ ਵਿਰੁੱਧ ਵੱਡੀ ਸਾਜ਼ਿਸ਼ ਤਹਿਤ ਗੁਰਮੀਤ ਰਾਮ ਰਹੀਮ ਵੱਲੋਂ ਬੇਅਦਬੀ ਕਰਵਾਈ ਗਈ, ਲੇਕਿਨ ਮੌਜੂਦਾ ਆਮ ਪਾਰਟੀ ਦੀ ਸਰਕਾਰ ਨੇ ਬਰਗਾੜੀ ਬੇਅਦਬੀ ਮਾਮਲੇ ਨੂੰ ਇਕੱਲੇ ਸਿਆਸੀ ਤੌਰ ਉੱਤੇ ਹੀ ਨਹੀਂ ਵਰਤਿਆ ਬਲਕਿ ਸਰਕਾਰ ਇਕ ਧਿਰ ਬਣਕੇ ਰਾਮ ਰਹੀਮ ਜਿਹੇ ਸਿੱਖ ਵਿਰੋਧੀ ਝੂਠੇ ਸਾਧ ਨੂੰ ਬਚਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਇਹ ਗੱਲ ਕਹਿੰਦੇ ਰਹੇ ਹਨ ਕਿ ਮੌੜ ਧਮਾਕਾ ਉਨ੍ਹਾਂ ਨੂੰ ਸੱਤਾ ਵਿਚ ਆਉਣ ਤੋਂ ਰੋਕਣ ਲਈ ਕੀਤਾ ਗਿਆ ਸੀ ਪਰੰਤੂ ਸੱਤਾ ਆ ਕੇ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕਿਉਂ ਨਹੀਂ ਕੀਤੀ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਹੁਕਮ, ਹੋਣ ਜਾ ਰਹੀ ਸਖ਼ਤ ਕਾਰਵਾਈ

ਉਨ੍ਹਾਂ ਕਿਹਾ ਕਿ ਸਰਕਾਰ ਨਿੱਕੇ ਨਿੱਕੇ ਮਾਮਲਿਆਂ ਜਿਵੇਂ ਖਿਡੌਣਾ ਰਫ਼ਲ ਨਾਲ ਫ਼ੋਟੋ ਪਾਉਣ ਉੱਤੇ ਨੌਜਵਾਨਾਂ ਉੱਤੇ ਪਰਚੇ ਕਰ ਦਿੰਦੀ ਹੈ। ਇਸ ਸਰਕਾਰ ਨੇ ਸਿੱਖ ਨੌਜਵਾਨਾਂ ਉੱਤੇ ਐੱਨਐੱਸਏ ਅਤੇ ਯੂਏਪੀਏ ਜਿਹੇ ਕਾਨੂੰਨਾਂ ਤਹਿਤ ਕਾਰਵਾਈ ਕਰਕੇ ਆਪਣੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਪਿਛਲੇ ਲੰਮੇ ਸਮੇਂ ਤੋਂ ਕੀਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਬਰਗਾੜੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਕਾਰਵਾਈ ਵਿਚ ਹੀ ਸੂਬਾ ਸਰਕਾਰ ਵੱਲੋਂ ਇਸ ਦੇ ਵਿਰੋਧ ਵਿਚ ਅਦਾਲਤ ਅੰਦਰ ਕੋਈ ਅਪੀਲ ਨਹੀਂ ਕੀਤੀ ਗਈ, ਬਲਕਿ ਸੁਪਰੀਮ ਕੋਰਟ ਦੀ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਮੁਦਈਆਂ ਦੀ ਤਰਫ਼ੋਂ ਖੁਦ ਸੁਪਰੀਮ ਕੋਰਟ ਅੰਦਰ ਮਾਮਲਿਆਂ ਦੀ ਤਬਦੀਲੀ ਦੇ ਵਿਰੁੱਧ ਕੇਸ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਜਿਸ ਤਹਿਤ ਇਹ ਕੇਸ ਤਬਦੀਲ ਕੀਤੇ ਗਏ ਜਿਸ ਵਿਚ ਇਹ ਟਿੱਪਣੀ ਕੀਤੀ ਗਈ ਸੀ ਕਿ ਪੰਜਾਬ ਅੰਦਰ ਮਾਹੌਲ ਠੀਕ ਨਹੀਂ ਹੈ, ਇਸ ਵਿਰੁੱਧ ਵੀ ਕੋਈ ਅਪੀਲ ਨਹੀਂ ਕੀਤੀ, ਜੋ ਕਿ ਸਰਕਾਰ ਦੀ ਲੁਕਵੀਂ ਸਿੱਖ ਵਿਰੋਧੀ ਮਨਸ਼ਾ ਤੇ ਡੇਰਾ ਸਿਰਸਾ ਦੀ ਤਰਫ਼ਦਾਰੀ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਸਲ ਬੇਅਦਬੀ ਦੇ ਮਾਮਲਿਆਂ ਵਿਚ ਸਿੱਖਾਂ ਨੂੰ ਇਨਸਾਫ਼ ਦੇਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਸਰਕਾਰ ਦੇ ਆਗੂ ਬੇਅਦਬੀ ਦੇ ਮਾਮਲਿਆਂ ਵਿੱਚ ਸਿਆਸਤ ਕਰਦਿਆਂ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ। 

ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਨੂੰ ਆਈ ਨਵੀਂ ਪ੍ਰੇਸ਼ਾਨੀ, ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਵੀ...

ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਿੰਨ ਸਾਲ ਪਹਿਲਾਂ ਸਿੱਖ ਸੰਗਤਾਂ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿਚ ਲਗਾਏ ਗਏ ਮੋਰਚੇ ਉੱਤੇ ਪਹੁੰਚ ਕੇ ਸੰਗਤ ਪਾਸੋਂ ਤਿੰਨ ਮਹੀਨਿਆਂ ਦਾ ਸਮਾਂ ਮੰਗਦਿਆਂ ਇਹ ਵਾਅਦਾ ਕੀਤਾ ਸੀ ਕਿ ਸਰਕਾਰ ਇਨਸਾਫ਼ ਦਿਵਾਏਗੀ, ਲੇਕਿਨ ਹੁਣ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਹੈ ਇਸ ਸਬੰਧੀ ਸਮੁੱਚੇ ਤੱਥ ਇਕੱਤਰ ਕਰਕੇ ਸ. ਸੰਧਵਾਂ ਪਾਸੋਂ ਵੀ ਜਵਾਬਤਲਬੀ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਸਰਪੰਚ ਕਤਲ ਮਾਮਲੇ 'ਚ CM ਮਾਨ ਸਖ਼ਤ, ਡੀ. ਜੀ. ਪੀ. ਨੂੰ ਕਾਰਵਾਈ ਦੇ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News