ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਜਲਦ ਗ੍ਰਿਫਤਾਰ ਕਰੇ ਪੁਲਸ : ਜਥੇਦਾਰ
Saturday, Jun 09, 2018 - 06:58 PM (IST)

ਅੰਮ੍ਰਿਤਸਰ (ਮਮਤਾ) : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦੁਆਰਾ ਸਾਹਿਬ ਵਿਖੇ ਸੀ.ਸੀ.ਟੀ.ਵੀ ਕੈਮਰੇ ਅਤੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਜਾਂ ਸੇਵਾਦਾਰ ਜ਼ਰੂਰ ਹਾਜ਼ਰ ਰਹਿਣ ਲਈ ਕਈ ਵਾਰ ਮੀਡੀਆ ਰਾਹੀਂ ਕਿਹਾ ਗਿਆ ਹੈ ਪਰ ਫਿਰ ਵੀ ਅਣਗਹਿਲੀ ਕੀਤੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ਵਿਖੇ ਕੋਈ ਹਾਜ਼ਰ ਨਹੀਂ ਰਹਿੰਦਾ ਜਿਸ ਕਰਕੇ ਆਏ ਦਿਨ ਕਿਤੇ ਨਾ ਕਿਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਸਿੰਘ ਸਾਹਿਬ ਨੇ ਕਿਹਾ ਕਿ ਸ਼ਨੀਵਾਰ ਨੂੰ ਰੋਪੜ ਜ਼ਿਲੇ ਦੇ ਪਿੰਡ ਡੰਗੋਲੀ ਵਿਖੇ ਗੁਰਦੁਆਰਾ ਸਿੰਘ ਸ਼ਹੀਦ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਨੂੰ ਨੁਕਸਾਨ ਪਹੁੰਚੇ ਕੇ ਘੋਰ ਬੇਅਦਬੀ ਕੀਤੀ ਗਈ। ਜਿਸ ਦੀ ਘੋਖ ਪੜਤਾਲ ਕਰਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ, ਮੁੱਖ ਗ੍ਰੰਥੀ ਅਤੇ ਐਡ: ਸਕੱਤਰ ਸ਼੍ਰੋਮਣੀ ਕਮੇਟੀ ਪਿੰਡ ਡੰਗੋਲੀ ਵਿਖੇ ਪਹੁੰਚੇ ਅਤੇ ਪਾਵਨ ਸਰੂਪ ਸਤਿਕਾਰ ਸਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਾਏ ਗਏ ਹਨ।
ਸਿੰਘ ਸਾਹਿਬ ਨੇ ਕਿਹਾ ਕਿ ਇਸ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਿੰਘ ਇਸ ਸਾਰੀ ਘਟਨਾ ਦੇ ਦੋਸ਼ੀ ਹਨ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਨ੍ਹਾਂ ਘਟਨਾਵਾਂ ਸਬੰਧੀ ਵਾਰ-ਵਾਰ ਕਹਿਣ 'ਤੇ ਵੀ ਅਮਲ ਕਿਉਂ ਨਹੀਂ ਕੀਤਾ ਜਾ ਰਿਹਾ ਜੋ ਚਿੰਤਾ ਦਾ ਵਿਸ਼ਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਪ੍ਰਸ਼ਾਸਨ ਤੁਰੰਤ ਇਸ ਸਬੰਧੀ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਕਾਬੂ ਕਰੇ ਨਹੀਂ ਤਾਂ ਸੰਗਤਾਂ ਅਜਿਹੀ ਘਟਨਾ ਨੂੰ ਨਾ ਸਹਾਰਦਿਆਂ ਕੋਈ ਸਖ਼ਤ ਕਦਮ ਚੁੱਕ ਸਕਦੀਆਂ ਹਨ।