ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਸਕਦੇ ਹਨ ਸੁਖਬੀਰ ਬਾਦਲ
Wednesday, Jul 24, 2024 - 12:47 PM (IST)
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਦੁਪਹਿਰ ਸ੍ਰੀ ਦਰਬਾਰ ਸਾਹਿਬ ਪਹੁੰਚ ਸਕਦੇ ਹਨ। ਇਥੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋ ਕੇ ਸਪੱਸ਼ਟੀਕਰਨ ਵੀ ਦੇਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਮੰਗਲਵਾਰ ਸ਼ਾਮ ਉਨ੍ਹਾਂ ਨੇ ਅਕਾਲੀ ਦਲ ਦੀ ਕੋਰ ਕਮੋਟੀ ਨੂੰ ਭੰਗ ਕਰ ਦਿੱਤਾ ਸੀ। ਸੂਤਰ ਇਹ ਦੱਸਦੇ ਹਨ ਕਿ ਸੁਖਬੀਰ ਸਿੰਘ ਬਾਦਲ ਦੁਪਹਿਰ ਇਕ ਵਜੇ ਦੇ ਕਰੀਬ ਸ੍ਰੀ ਦਰਬਾਰ ਸਾਹਿਬ ਪਹੁੰਚ ਸਕਦੇ ਹਨ।
ਸੁਖਬੀਰ ਨੇ ਕਿਹਾ ਸੀ ਕਿ ਨਿਮਾਣੇ ਸਿੱਖ ਵਜੋਂ ਹੋਣਗੇ ਪੇਸ਼
ਪੰਜ ਸਿੰਘ ਸਾਹਿਬਾਨਾਂ ਵਲੋਂ 15 ਦਿਨਾਂ ਵਿਚ ਸਪੱਸ਼ਟੀਕਰਨ ਮੰਗੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਸੀ ਕਿ ਉਹ ਇਕ ਸ਼ਰਧਾਵਾਨ ਅਤੇ ਨਿਮਾਣੇ ਸਿੱਖ ਵੱਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਣਗੇ। ਉਨ੍ਹਾਂ ਕਿਹਾ ਕਿ ਮੇਰਾ ਰੋਮ-ਰੋਮ ਅਤੇ ਸੁਆਸ-ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ-ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ 'ਤੇ ਨਤਮਸਤਕ ਹੋਵੇਗਾ।
ਪੰਜ ਸਿੰਘ ਸਾਹਿਬਾਨਾਂ ਨੇ ਮੰਗਿਆ ਸਪੱਸ਼ਟੀਕਰਨ
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਦੋਸ਼ਾਂ ਸਬੰਧੀ 15 ਦਿਨਾਂ ਵਿਚ ਸਪਸ਼ਟੀਕਰਨ ਦੇਣ ਲਈ ਕਿਹਾ ਹੈ। ਪੰਜ ਸਿੰਘ ਸਾਹਿਬਾਨ ਦੀ ਸੋਮਵਾਰ ਨੂੰ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਹੋਈ ਇਕੱਤਰਤਾ ਵਿਚ ਇਹ ਮਾਮਲਾ ਵਿਚਾਰਿਆ ਗਿਆ। ਇਸੇ ਤਰ੍ਹਾਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਨੂੰ ਸਹੀ ਠਹਿਰਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ 90 ਲੱਖ ਦੇ ਇਸ਼ਤਿਹਾਰਾਂ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਤੋਂ ਪੰਜ ਪਿਆਰਿਆਂ ਵਿਚੋਂ ਗਿਆਨੀ ਮੰਗਲ ਸਿੰਘ ਸ਼ਾਮਲ ਸਨ।