ਸ੍ਰੀ ਚਮਕੌਰ ਸਾਹਿਬ ਵਿਖੇ ਸੁਪਰਵਾਈਜ਼ਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

Thursday, Nov 19, 2026 - 08:32 PM (IST)

ਸ੍ਰੀ ਚਮਕੌਰ ਸਾਹਿਬ ਵਿਖੇ ਸੁਪਰਵਾਈਜ਼ਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਰੂਪਨਗਰ (ਵਿਜੇ ਸ਼ਰਮਾ)- ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ ਦੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸ੍ਰੀ ਚਮਕੌਰ ਸਾਹਿਬ ਦੇ ਦਫ਼ਤਰ ਵਿਚ ਤਾਇਨਾਤ ਸੁਪਰਵਾਈਜ਼ਰ ਗੁਰਮੁੱਖ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਗੁਰਮੁੱਖ ਸਿੰਘ ਵੱਲੋਂ ਸ਼ਿਕਾਇਤਕਰਤਾ ਦਮਨਜੀਤ ਸਿੰਘ ਵਾਸੀ ਪਿੰਡ ਕੋਟਲੀ, ਤਹਿਸੀਲ ਸ੍ਰੀ ਚਮਕੌਰ ਸਾਹਿਬ, ਜ਼ਿਲਾ ਰੂਪਨਗਰ ਤੋਂ ਪੰਚਾਇਤੀ ਰਕਬੇ ਨੂੰ ਨਾਜਾਇਜ਼ ਤੌਰ ’ਤੇ ਵਾਹੁਣ ਸਬੰਧੀ ਦਿੱਤੀ ਗਈ ਸ਼ਿਕਾਇਤ ਦਾ ਨਿਪਟਾਰਾ ਕਰਨ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ।

ਇਸ ਸਬੰਧੀ ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ ਦੀ ਟੀਮ ਵੱਲੋਂ ਯੋਜਨਾਬੱਧ ਢੰਗ ਨਾਲ ਟਰੈਪ ਲਗਾਇਆ ਗਿਆ ਅਤੇ ਮੁਲਜ਼ਮ ਨੂੰ 10,000 ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।


author

Anmol Tagra

Content Editor

Related News