ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਤੋਂ ਆਰੰਭੀ ਧਾਰਮਿਕ ਸੇਵਾ

Tuesday, Jan 29, 2019 - 06:44 PM (IST)

ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਤੋਂ ਆਰੰਭੀ ਧਾਰਮਿਕ ਸੇਵਾ

ਅੰਮ੍ਰਿਤਸਰ : ਬੀਤੇ ਦਿਨੀਂ ਸ੍ਰੀ ਅਕਾਲ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤੇ ਗਏ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਮੰਗਲਵਾਰ ਨੂੰ ਗੁਰਮਤਿ ਮਰਿਆਦਾ ਅਨੁਸਾਰ ਲਗਾਈ ਗਈ ਸੇਵਾ ਭੁਗਤਣ ਸ੍ਰੀ ਦਰਬਾਰ ਸਾਹਿਬ ਪਹੁੰਚੇ। ਇਸ ਮੌਕੇ ਹਿੱਤ ਵਲੋਂ ਲੰਗਰ ਹਾਲ ਵਿਖੇ ਜੂਠੇ ਬਰਤਨ ਸਾਫ ਕਰਨ ਤੋਂ ਇਲਾਵਾ ਜੋੜੇ ਘਰ ਵਿਖੇ ਵੀ ਸੇਵਾ ਨਿਭਾਈ ਗਈ। 
ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਖਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੂੰ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤਨਖਾਹ ਲਾਈ ਗਈ ਹੈ। ਜਥੇਦਾਰ ਹਿੱਤ ਖਿਲਾਫ ਸਿੱਖ ਅਰਦਾਸ ਦੇ ਵਾਕ ਨੂੰ ਵਿਅਕਤੀ ਵਿਸ਼ੇਸ਼ ਲਈ ਵਰਤ ਕੇ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਹਨ। 
ਸ੍ਰੀ ਅਕਾਲ ਤਖਤ ਸਾਹਿਬ ਵਲੋਂ ਹੁਕਮ ਦਿੱਤਾ ਗਿਆ ਹੈ ਕਿ ਹਿੱਤ ਸੱਤ ਦਿਨ ਸ੍ਰੀ ਪਟਨਾ ਸਾਹਿਬ ਵਿਖੇ ਰੋਜ਼ਾਨਾ ਇਕ ਘੰਟਾ ਸੰਗਤ ਦੇ ਜੋੜੇ ਸਾਫ ਕਰਨ, ਸੰਗਤ ਦੇ ਜੂਠੇ ਬਰਤਨ ਮਾਂਜਣ ਅਤੇ ਕੀਰਤਨ ਸਰਵਣ ਕਰਨ। ਇਸੇ ਤਰ੍ਹਾਂ ਪੰਜ ਦਿਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕ-ਇਕ ਘੰਟਾ ਇਹ ਤਿੰਨੇ ਸੇਵਾਵਾਂ ਪੂਰੀਆਂ ਕਰਨ। ਸੇਵਾ ਦੌਰਾਨ ਦੋਹਾਂ ਹੀ ਪਾਵਨ ਅਸਥਾਨਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਮੇਂ ਹਾਜ਼ਰੀ ਭਰ ਕੇ ਹੁਕਮਨਾਮਾ ਸਰਵਣ ਕਰਨ ਤੇ ਸੇਵਾ ਸੰਪੂਰਨ ਹੋਣ 'ਤੇ ਇਕ-ਇਕ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ, ਬਾਣੀ ਸਰਵਣ ਕਰਨ ਅਤੇ ਦੋਹਾਂ ਅਸਥਾਨਾਂ 'ਤੇ 5100-5100 ਰੁਪਏ ਬਾਬਤ ਕੜਾਹ ਪ੍ਰਸਾਦ ਦੀ ਦੇਗ ਕਰਵਾ ਕੇ ਖਿਮਾ ਯਾਚਨਾ ਲਈ ਅਰਦਾਸ ਬੇਨਤੀ ਕਰਨ ਲਈ ਵੀ ਹੁਕਮ ਦਿੱਤਾ ਗਿਆ ਹੈ।


author

Gurminder Singh

Content Editor

Related News